Pakistan Visa News: 1481 ਸ਼ਰਧਾਲੂਆਂ ਦੇ ਵੀਜ਼ੇ ਕੀਤੇ ਰੱਦ
ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਨਾ ਸਾਹਿਬ ਅਤੇ ਹੋਰਨਾਂ ਗੁਰੂਧਾਮਾਂ ਦੇ ਦਰਸ਼ਨਾਂ ਲਈ 2244 ਸ਼ਰਧਾਲੂਆਂ 'ਚੋਂ ਸਿਰਫ਼ 763 ਨੂੰ ਵੀਜ਼ੇ ਦਿੱਤੇ ਗਏ। 1481 ਸ਼ਰਧਾਲੂਆਂ ਦੇ ਵੀਜ਼ੇ ਕੀਤੇ ਰੱਦ ਦਿੱਤੇ ਗਏ ਹਨ। ਇਹ ਜਥਾ 14 ਨਵੰਬਰ ਨੂੰ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਵੇਗਾ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਵੀਜ਼ੇ ਨਾ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ 2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ ਜਿਨ੍ਹਾਂ ਵਿਚੋਂ 1481 ਨੂੰ ਵੀਜ਼ਾ ਨਾ ਦੇਣਾ ਬੇਹੱਦ ਮੰਦਭਾਗਾ ਹੈ। ਸ਼੍ਰੋਮਣੀ ਕਮੇਟੀ ਨੂੰ ਪਹਿਲਾਂ ਜਥੇ ਵਿਚ ਹਮੇਸ਼ਾ ਕੋਟੇ ਅਨੁਸਾਰ ਵੀਜ਼ੇ ਮਿਲਦੇ ਸਨ, ਪਰ ਦੁੱਖ ਦੀ ਗੱਲ ਹੈ ਕਿ ਇਸ ਵਾਰ ਏਨੀ ਵੱਡੀ ਗਿਣਤੀ ਸ਼ਰਧਾਲੂਆਂ ਦੇ ਵੀਜ਼ੇ ਕੱਟ ਕੇ ਭਾਵਨਾਵਾਂ ਤੋੜੀਆਂ ਗਈਆਂ ਹਨ।