
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਨਨਕਾਣਾ ਸਾਹਿਬ ਵਿਖੇ....
ਅੰਮ੍ਰਿਤਸਰ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੀ ਯਾਦ ਵਿਚ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਟੀ ਸਥਾਪਤ ਕਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸਿੱਖਾਂ ਦੀ ਚਿਰੋਕਣੀਆਂ ਮੰਗਾਂ ਨੂੰ ਪੂਰਾ ਕਰਨ ਲਈ ਪਾਕਿਸਤਾਨ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਖੁਲ੍ਹੇ ਦਰਸ਼ਨਾਂ ਲਈ ਤਿਆਰ ਕੀਤੇ ਜਾ ਰਹੇ ਕਾਰੀਡੋਰ ਸਬੰਧੀ ਤੇਜ਼ੀ ਨਾਲ ਕੀਤੇ ਜਾ ਰਹੇ ਕਾਰਜ ਵੀ ਪ੍ਰਸ਼ੰਸਾਯੋਗ ਹਨ। ਉਨ੍ਹਾਂ ਕਿਹਾ ਕਿ ਕੀਤੇ ਜਾ ਰਹੇ ਅੇਲਾਨ ਕਿਤੇ ਅੇਲਾਨ ਬਣ ਕੇ ਹੀ ਨਾ ਰਹਿ ਜਾਣ ਸਗੋਂ ਇਨ੍ਹਾਂ 'ਤੇ ਤੇਜ਼ੀ ਨਾਲ ਕੰਮ ਵੀ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਗੁਰੂ ਜੀ ਨਾਲ ਸਬੰਧਤ ਧਾਰਮਕ ਕਾਰਜਾਂ ਤੇ ਸਿਆਸਤ ਨਹੀਂ ਹੋਣੀ ਚਾਹੀਦੀ ਸਗੋਂ ਸਾਰਿਆਂ ਨੂੰ ਮਿਲ ਕੇ ਅਪਣੀ ਸ਼ਰਧਾ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ। ਉਨ੍ਹਾਂ ਭਾਰਤ ਸਰਕਾਰ ਪਾਸੋਂ ਵੀ ਮੰਗ ਕੀਤੀ ਕਿ ਉਹ ਵੀ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਕੀਤੇ ਜਾਣ ਵਾਲੇ ਕਾਰਜਾਂ ਵਿਚ ਤੇਜ਼ੀ ਲਿਆਵੇ।