
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗਵਾਲੀਅਰ ਦੀ ਕੈਦ 'ਚੋਂ ਬੰਦੀ ਰਾਜਿਆਂ ਨੂੰ ਮੁਕਤ ਕਰਵਾ ਕੇ ਬੰਦੀਛੋੜ ਸਤਿਗੁਰੂ ਬਣੇ
ਅੰਮ੍ਰਿਤਸਰ- ਦੁਨੀਆਂ ਭਰ ਵਿਚ ਵੱਸਦੇ ਸਿੱਖ ਭਾਈਚਾਰੇ ਵੱਲੋਂ ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਸਿੱਖ ਸੰਗਤਾਂ ਵੱਲੋਂ ਦੀਪ ਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਜਾਂਦੀ ਹੈ। ਬੰਦੀ ਛੋੜ ਦਿਵਸ ਤੋਂ ਭਾਵ ਹੈ ਮੁਕਤੀ ਦਾ ਦਿਵਸ। ਇਸ ਦਿਨ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹੇ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਆਏ ਸਨ।
ਰਿਹਾਅ ਹੋਣ ਉਪਰੰਤ ਉਹ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ ਸਨ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗਵਾਲੀਅਰ ਦੀ ਕੈਦ 'ਚੋਂ ਬੰਦੀ ਰਾਜਿਆਂ ਨੂੰ ਮੁਕਤ ਕਰਵਾ ਕੇ ਬੰਦੀਛੋੜ ਸਤਿਗੁਰੂ ਬਣੇ। ਇਸ ਖੁਸ਼ੀ ਵਿਚ ਸਿੱਖ ਸੰਗਤਾਂ ਨੇ ਘਿਓ ਦੇ ਦੀਵੇ ਜਗਾ ਕੇ ਉਹਨਾਂ ਦਾ ਅੰਮ੍ਰਿਤਸਰ ਵਿਖੇ ਸਵਾਗਤ ਕੀਤਾ ਸੀ। ਉਹਨਾਂ ਦੇ ਆਉਣ ਦੀ ਖੁਸ਼ੀ ਵਿਚ ਸੰਗਤਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਕੀਤੀ ਗਈ।
ਇਸ ਦਿਨ ਤੋਂ ਸਿੱਖਾਂ ਵਾਸਤੇ ਇਹ ਇਕ ਪਵਿੱਤਰ ਦਿਹਾੜਾ ਬਣ ਗਿਆ ਅਤੇ ਸਿੱਖ ਜਗਤ ਹਰ ਸਾਲ ਸ੍ਰੀ ਅੰਮ੍ਰਿਤਸਰ ਵਿਖੇ ਇਕੱਤਰ ਹੋ ਕੇ ਬੰਦੀ-ਛੋੜ ਦਿਵਸ ਮਨਾਉਣ ਲੱਗਿਆ। ਹਰ ਸਾਲ ਬੰਦੀ ਛੋੜ ਦਿਵਸ ਮੌਕੇ ਦਰਬਾਰ ਸਾਹਿਬ ਵਿਖੇ ਭਾਰੀ ਗਿਣਤੀ ਵਿਚ ਸੰਗਤਾਂ ਇਕੱਠੀਆਂ ਹੁੰਦੀਆਂ ਹਨ ਤੇ ਦੀਪਮਾਲਾ ਕਰਦੀਆਂ ਹਨ।
ਭਾਈ ਕਾਨ੍ਹ ਸਿੰਘ ਨਾਭਾ ਅਨੁਸਾਰ ਸਿੱਖਾਂ ਵਿਚ ਦੀਵਾਲੀ ਵਾਲੇ ਦਿਨ ਦੀਵੇ ਜਗਾਉਣ ਦੀ ਰਸਮ ਬਾਬਾ ਬੁੱਢਾ ਜੀ ਨੇ ਚਲਾਈ ਕਿਉਂਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲ੍ਹੇ ਤੋਂ ਅੰਮ੍ਰਿਤਸਰ ਆਏ ਸਨ। ਇਸ ਲਈ ਖੁਸ਼ੀ ਵਿਚ ਰੋਸ਼ਨੀ ਕੀਤੀ ਗਈ। ਇਸ ਦਿਨ ਹਰਿਮੰਦਰ ਸਾਹਿਬ ਵਿਖੇ ਕੀਤੀ ਜਾਂਦੀ ਆਤਿਸ਼ਬਾਜ਼ੀ ਦਾ ਨਜ਼ਾਰਾ ਬੇਹੱਦ ਅਲੌਕਿਕ ਹੁੰਦਾ ਹੈ।
ਦੂਜੇ ਪਾਸੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ-ਜੋਤਿ ਸਮਾਉਣ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹੀਦੀ ਉਪਰੰਤ ਸਿੱਖਾਂ ਲਈ ਭਿਆਨਕ ਸਮਾਂ ਆਇਆ। ਭਾਈ ਮਨੀ ਸਿੰਘ ਜੀ ਜੋ ਕਿ ਉਨ੍ਹੀਂ ਦਿਨੀਂ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਦੀ ਮਹਾਨ ਸੇਵਾ ਨਿਭਾਅ ਰਹੇ ਸਨ, ਉਹਨਾਂ ਨੇ 1733 ਈਸਵੀ ਦੀ ਬੰਦੀ ਛੋੜ ਦਿਵਸ ਮੌਕੇ ਸਿੱਖ ਸੰਗਤਾਂ ਦੀ ਅੰਮ੍ਰਿਤਸਰ ਵਿਖੇ ਇਕੱਤਰਤਾ ਲਈ ਵਿਸ਼ੇਸ਼ ਟੈਕਸ ਦੇਣਾ ਮੰਨ ਕੇ ਹਕੂਮਤ ਤੋਂ ਇਜਾਜ਼ਤ ਲਈ। ਉਧਰ ਨਵਾਬ ਜ਼ਕਰੀਆ ਖਾਨ ਨੇ ਇਸ ਇਕੱਠ ਉੱਤੇ ਹਮਲਾ ਕਰਕੇ ਇਕੱਤਰ ਹੋਏ ਸਿੰਘਾਂ ਨੂੰ ਮਾਰ ਮੁਕਾਉਣ ਦੀ ਯੋਜਨਾ ਬਣਾ ਲਈ।
ਇਸ ਗੱਲ ਦਾ ਪਤਾ ਲੱਗਣ ’ਤੇ ਭਾਈ ਸਾਹਿਬ ਨੇ ਸਿੱਖਾਂ ਨੂੰ ਅੰਮ੍ਰਿਤਸਰ ਆਉਣ ਤੋਂ ਰੋਕ ਦਿੱਤਾ। ਭਾਈ ਸਾਹਿਬ ਨੇ ਕਿਹਾ ਮੈਨੂੰ ਸਿੱਖੀ ਪਿਆਰੀ ਹੈ ਜਾਨ ਨਹੀਂ, ਮੈਨੂੰ ਸ਼ਹੀਦ ਹੋਣਾ ਪ੍ਰਵਾਨ ਹੈ। ਕਾਜ਼ੀ ਵਲੋਂ ਦਿੱਤੇ ਫ਼ਤਵੇ ਅਨੁਸਾਰ ਭਾਈ ਮਨੀ ਸਿੰਘ ਜੀ ਨੂੰ ਬੰਦ ਬੰਦ ਕੱਟ ਕੇ ਸ਼ਹੀਦ ਕਰ ਦਿੱਤਾ ਗਿਆ। ਇਸ ਤਰ੍ਹਾਂ ਬੰਦੀ ਛੋੜ ਦਿਹਾੜੇ ਦਾ ਸਬੰਧ ਭਾਈ ਮਨੀ ਸਿੰਘ ਜੀ ਦੀ ਸ਼ਹੀਦੀ ਨਾਲ ਜੁੜ ਗਿਆ।