
ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਡਾਇਰੈਕਟਰ ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ....
ਅੰਮ੍ਰਿਤਸਰ, 11 ਦਸੰਬਰ (ਸੁਖਵਿੰਦਰਜੀਤ ਸਿੰਘ ਬਹੋੜੂ) : ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਡਾਇਰੈਕਟਰ ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਸ. ਕਰਨੈਲ ਸਿੰਘ ਪੀਰ ਮੁਹੰਮਦ ਨੇ ਅਕਾਲੀ ਦਲ ਬਾਦਲ ਦੀ ਲੀਡਰਸ਼ਿਪ ਵਲੋਂ ਸਮੂਹਕ ਰੂਪ ਵਿਚ ਅਕਾਲ ਤਖ਼ਤ ਸਾਹਿਬ ਵਿਖੇ ਆਪੇ ਮਾਫ਼ੀ ਮੰਗਣ ਤੇ ਆਪੇ ਸਜ਼ਾ ਲਗਵਾਉਣ ਦੀ ਕਾਰਵਾਈ ਨੂੰ ਸਿੱਖ ਮਰਿਆਦਾ ਦੇ ਉਲਟ ਦਸਦਿਆਂ ਕਿਹਾ ਹੈ ਕਿ ਜੋ ਗ਼ਲਤੀਆਂ ਪ੍ਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨੇ ਕੀਤੀਆਂ ਹਨ ਉਨ੍ਹਾਂ ਦਾ ਇਕੋ ਇਕ ਹੱਲ ਹੈ
ਕਿ ਉਹ ਹੁਣ ਸਿੱਖ ਰਾਜਨੀਤੀ ਤੋਂ ਕਿਨਾਰਾ ਕਰ ਜਾਣ ਵੈਸੇ ਵੀ ਸਿੱਖ ਕੌਮ ਤੇ ਪੰਜਾਬੀਆਂ ਨੇ ਉਨ੍ਹਾਂ ਨੂੰ ਮੂੰਹ ਨਹੀਂ ਲਾਉਣਾ। ਟਕਸਾਲੀ ਅਕਾਲੀਆਂ ਵਲੋਂ 16 ਦਸੰਬਰ ਨੂੰ ਮੁੜ ਸੁਰਜੀਤ ਕੀਤੇ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਬਾਰੇ ਉਨ੍ਹਾਂ ਆਸ ਪ੍ਰਗਟਾਈ ਕਿ ਇਹ ਇਕੱਠੇ ਹੋ ਰਹੇ ਸੱਜਣ ਪੰਥ ਦੀਆਂ ਭਾਵਨਾਵਾਂ ਅਨੁਸਾਰ ਹੀ ਚੰਗੇ ਕਦਮ ਚੁਕਣ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉਸ ਬਿਆਨ ਨਾਲ ਅਸਹਿਮਤੀ ਪ੍ਰਗਟਾਈ ਹੈ ਜਿਸ ਵਿਚ ਉਨ੍ਹਾਂ ਨੇ ਕਰਤਾਰਪੁਰ ਸਾਹਿਬ ਲਾਂਘਾ ਬਣਾਉਣ ਦੋਵਾਂ ਮੁਲਕਾ ਦੀ ਸਹਿਮਤੀ 'ਤੇ ਪ੍ਰਸ਼ਨ ਚਿੰਨ੍ਹ ਲਗਾਇਆ ਹੈ।
ਪੀਰ ਮੁਹੰਮਦ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਸਿੱਖ ਪੰਥ ਦੀ ਕੀਤੀ ਜਾ ਰਹੀ ਅਰਦਾਸ ਨੂੰ ਪ੍ਰਵਾਨ ਹੋਇਆਂ ਦੇਖਣ ਦੀ ਥਾਂ ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਗੂੜੀ ਦੋਸਤੀ ਤੋਂ ਈਰਖਾ ਵੱਸ ਹੋ ਕੇ ਬੇਲੋੜੀ ਅਲੋਚਨਾ ਕਰ ਰਹੇ ਹਨ।