
ਆਉਣ-ਜਾਣ ਵਾਲੀਆਂ ਸਾਰੀਆਂ ਸੜਕਾਂ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ
ਨਵਾਂਸ਼ਹਿਰ - ਪੰਜਾਬ ਵਿਚ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਅੱਜ ਫਿਰ ਨਵਾਂਸ਼ਹਿਰ ਦੇ ਪਿੰਡ ਮੇਹਲੀ ਵਿਚ ਬੇਅਦਬੀ ਦੀ ਘਟਨਾ ਵਾਪਰੀ। ਮੇਹਲੀ ਬਾਈਪਾਸ ਨੇੜੇ ਇੱਕ ਖਾਲੀ ਪਲਾਟ ਵਿਚ ਗੁਟਕਾ ਸਾਹਿਬ ਦੇ ਸੜੇ ਹੋਏ ਅੰਗ ਮਿਲੇ ਹਨ। ਇਸ ਦਾ ਪਤਾ ਲੱਗਦਿਆਂ ਹੀ ਸਿੱਖ ਜਥੇਬੰਦੀਆਂ ਵਿਚ ਰੋਸ ਦੇਖਣ ਨੂੰ ਮਿਲਿਆ ਹੈ। ਪੁਲਿਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਅਣਪਛਾਤੇ ਵਿਅਕਤੀਆਂ ਖਿਲਾਫ਼ ਬੇਅਦਬੀ ਦਾ ਮਾਮਲਾ ਦਰਜ ਕਰ ਲਿਆ ਹੈ।
ਇਲਾਕੇ ਦੀਆਂ ਸਿੱਖ ਜਥੇਬੰਦੀਆਂ ਨੇ ਦੱਸਿਆ ਕਿ ਘਟਨਾ ਦਾ ਪਤਾ ਸਵੇਰੇ ਲੱਗਾ।
ਇਸ ਤੋਂ ਬਾਅਦ ਗੁਟਕਾ ਸਾਹਿਬ ਦੇ ਅੰਗ ਫਗਵਾੜਾ ਦੇ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਰੱਖੇ ਗਏ ਹਨ। ਸਿੱਖ ਜਥੇਬੰਦੀਆਂ ਨੇ ਗੁੱਸਾ ਜ਼ਾਹਰ ਕੀਤਾ ਕਿ ਪਹਿਲਾਂ ਵਾਲੀਆਂ ਬੇਅਦਬੀ ਦੀਆਂ ਘਟਨਾਵਾਂ ਦਾ ਇਨਸਾਫ਼ ਨਹੀਂ ਮਿਲਿਆ। ਹੁਣ ਅਜਿਹੀਆਂ ਘਟਨਾਵਾਂ ਮੁੜ ਵਾਪਰਨ ਲੱਗ ਪਈਆਂ ਹਨ। ਬੇਅਦਬੀ ਦਾ ਪਤਾ ਲੱਗਦੇ ਹੀ ਪੁਲਿਸ 'ਚ ਹੜਕੰਪ ਮੱਚ ਗਿਆ। ਤੁਰੰਤ ਨਵਾਂਸ਼ਹਿਰ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਸਿੱਖ ਜਥੇਬੰਦੀਆਂ ਦੇ ਬਿਆਨ ਦਰਜ ਕੀਤੇ। ਇਸ ਤੋਂ ਬਾਅਦ ਇਸ ਖੇਤਰ ਨੂੰ ਆਉਣ-ਜਾਣ ਵਾਲੀਆਂ ਸਾਰੀਆਂ ਸੜਕਾਂ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ। ਹਾਲਾਂਕਿ ਪੁਲਿਸ ਨੂੰ ਅਜੇ ਤੱਕ ਕੋਈ ਵੱਡਾ ਸੁਰਾਗ ਨਹੀਂ ਲੱਗਾ ਹੈ।