
21 ਅਪ੍ਰੈਲ ਨੂੰ ਵਾਪਸ ਭਾਰਤ ਪੁੱਜੇਗਾ ਜੱਥਾ
ਪਾਕਿਸਤਾਨ ਦੇ ਗੁਰਦਵਾਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ ਭਾਰਤ ਤੋਂ ਲਗਭਗ 1700 ਸਿੱਖ ਸ਼ਰਧਾਲੂਆਂ ਦਾ ਜੱਥਾ ਇਥੇ ਪੁੱਜਾ। ਪਾਕਿਸਤਾਨ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਤਾਰਾ ਸਿੰਘ ਤੇ ਹੋਰ ਅਧਿਕਾਰੀਆਂ ਨੇ ਇਸ ਜਥੇ ਦਾ ਸਵਾਗਤ ਕੀਤਾ। ਇਸ ਤੋਂ ਪਹਿਲਾਂ ਭਾਰਤ ਵਿਚ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਜਥਾ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਮੀਤ ਸਿੰਘ ਬੂਹ ਦੀ ਅਗਵਾਈ ਵਿਚ ਇਸ ਜਥੇ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਤੋਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਰਵਾਨਾ ਕੀਤਾ। ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱੱਤਰ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਜਗਜੀਤ ਸਿੰਘ ਜੱਗੀ ਨਿਜੀ ਸਕੱਤਰ ਨੇ ਜਥੇ ਦੇ ਲੀਡਰ ਗੁਰਮੀਤ ਸਿੰਘ ਬੂਹ ਅਤੇ ਜਨਰਲ ਪ੍ਰਬੰਧਕ ਵਜੋਂ ਕਰਨਜੀਤ ਸਿੰਘ ਇੰਚਾਰਜ ਯਾਤਰਾ ਵਿਭਾਗ ਨੂੰ ਸਿਰੋਪਾਉ ਦਿਤੇ।
Jatha
ਗੁਰਮੀਤ ਸਿੰਘ ਬੂਹ ਨੇ ਕਿਹਾ ਕਿ ਪਾਕਿਸਤਾਨ ਵਿਖੇ ਸਿੱਖਾਂ ਦੇ ਇਤਿਹਾਸਕ ਤੇ ਗੁਰਦਵਾਰੇ ਸੁਸ਼ੋਭਤ ਹਨ ਅਤੇ ਹਰ ਸਿੱਖ ਰੋਜ਼ਾਨਾ ਅਰਦਾਸ ਵਿਚ ਉਨ੍ਹਾਂ ਗੁਰਧਾਮਾਂ ਦੇ ਦਰਸ਼ਨ ਕਰਨ ਨੂੰ ਲੋਚਾ ਕਰਦਾ ਹੈ। ਬੂਹ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਉਨ੍ਹਾਂ ਨੂੰ ਜਥੇ ਦੀ ਅਗਵਾਈ ਸੌਂਪੀ ਗਈ ਹੈ। ਉਨ੍ਹਾਂ ਦਸਿਆ ਕਿ ਨੌਜਵਾਨਾਂ ਵਿਚ ਇਹ ਗ਼ਲਤਫ਼ਹਿਮੀ ਪਾਈ ਜਾ ਰਹੀ ਹੈ ਕਿ ਜਿਸ ਪਾਸਪੋਰਟ ਉਪਰ ਪਾਕਿਸਤਾਨ ਦਾ ਵੀਜਾ ਲੱਗ ਜਾਵੇ ਤਾਂ ਫਿਰ ਕਿਸੇ ਹੋਰ ਦੇਸ਼ ਦਾ ਵੀਜ਼ਾ ਨਹੀਂ ਲਗਦਾ, ਜੋ ਝੂਠੀ ਅਫਵਾਹ ਹੈ। ਉਨਾਂ ਕਿਹਾ ਕਿ ਵੱਖ-ਵੱਖ ਗੁਰਦਵਾਰਿਆਂ ਦੇ ਦਰਸ਼ਨ ਕਰਨ ਤੋਂ ਬਾਅਦ ਪਾਕਿ ਗਿਆ ਇਹ ਜਥਾ 21 ਅਪ੍ਰੈਲ ਨੂੰ ਦੇਸ਼ ਪਰਤੇਗਾ।