
‘ਕੋਟਕਪੂਰਾ ਤੇ ਬਹਿਬਲ ਗੋਲੀਕਾਂਡ ਦੀ ਸੁਣਵਾਈ ਸ਼ੈਸ਼ਨ ਕੋਰਟ ’ਚ ਸ਼ੁਰੂ’
Kotkapura firing Case: ਐਡੀਸ਼ਨਲ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿਚ ਕੋਟਕਪੂਰਾ-ਬਹਿਬਲ ਗੋਲੀਕਾਂਡ ਦੀ ਸੁਣਵਾਈ ਦੌਰਾਨ ਕਰੀਬ 5 ਘੰਟੇ ਤਕ ਅਦਾਲਤ ਵਲੋਂ ਐਸਆਈਟੀ ਅਤੇ ਮੁਲਜ਼ਮਾਂ ਦੇ ਵਕੀਲਾਂ ਦੀ ਬਹਿਸ ਸੁਣੀ ਗਈ, ਅਗਲੀ ਸੁਣਵਾਈ ਅਰਥਾਤ ਬਾਕੀ ਰਹਿੰਦੀ ਬਹਿਸ ਹੁਣ 17 ਫ਼ਰਵਰੀ ਨੂੰ ਹੋਵੇਗੀ। ਭਾਵੇਂ ਅੱਜ ਕੋਈ ਮੁਲਜ਼ਮ ਅਦਾਲਤ ’ਚ ਪੇਸ਼ ਨਹੀਂ ਹੋਇਆ ਅਤੇ ਸਾਰੇ ਮੁਲਜ਼ਮਾਂ ਨੇ ਵੀਡੀਉ ਕਾਨਫ਼ਰੰਸ ਰਾਹੀਂ ਅਦਾਲਤ ’ਚ ਤਰੀਕ ਭੁਗਤੀ ਪਰ ਐਸ.ਆਈ.ਟੀ. ਵਲੋਂ ਪੇਸ਼ ਹੋਏ ਸਪੈਸ਼ਲ ਪਬਲਿਕ ਪ੍ਰੋਸੀਕਿਊਟਰ ਨੇ ਅਦਾਲਤ ਨੂੰ ਦਸਿਆ ਕਿ ਪੜਤਾਲ ਦੌਰਾਨ ਇਹ ਤੱਥ ਸਾਹਮਣੇ ਆਇਆ ਹੈ ਕਿ ਕੋਟਕਪੂਰਾ ਅਤੇ ਬਹਿਬਲ ਗੋਲੀਕਾਂਡ ਸੁਖਬੀਰ ਸਿੰਘ ਬਾਦਲ ਦੀ ਸ਼ਹਿ ’ਤੇ ਵਾਪਰਿਆ।
ਉਨ੍ਹਾਂ ਅਦਾਲਤ ਨੂੰ ਦਸਿਆ ਕਿ ਫ਼ਰੀਦਕੋਟ ਦੇ ਸਾਬਕਾ ਐਸ.ਐਸ.ਪੀ ਸੁਖਮਿੰਦਰ ਸਿੰਘ ਮਾਨ ਨੇ ਸ਼ਾਂਤਮਈ ਧਰਨੇ ’ਤੇ ਬੈਠੇ ਲੋਕਾਂ ਨੂੰ ਚੇਤਾਵਨੀ ਦਿਤੀ ਸੀ ਕਿ ਉਹ ਧਰਨਾ ਛੱਡ ਕੇ ਚਲੇ ਜਾਣ, ਨਹੀਂ ਤਾਂ ਪੁਲਿਸ ਨੂੰ ਅਪਣੀ ਤਾਕਤ ਦੇ ਜ਼ੋਰ ’ਤੇ ਧਰਨਾ ਚੁਕਾਉਣ ਲਈ ਮਜਬੂਰ ਹੋਣਾ ਪਵੇਗਾ, ਕਿਉਂਕਿ ਉਨ੍ਹਾਂ ਨੂੰ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਸਖ਼ਤ ਹਦਾਇਤ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਐਸਆਈਟੀ ਵਲੋਂ ਪੇਸ਼ ਹੋਏ ਵਕੀਲਾਂ ਨੇ ਅਦਾਲਤ ਨੂੰ ਇਹ ਵੀ ਦਸਿਆ ਕਿ ਡੇਰਾ ਸਿਰਸਾ ਦੇ ਮੁਖੀ ਸੋਦਾ ਸਾਧ ਵਿਰੁਧ ਦਰਜ ਪਰਚੇ ਨੂੰ ਰੱਦ ਕਰਵਾਉਣ ਦੀ ਸਰਕਾਰ ਵਲੋਂ ਮਨਜ਼ੂਰੀ ਦੇਣਾ ਇਸ ਤੱਥ ਦੀ ਪੁਸ਼ਟੀ ਕਰਦਾ ਹੈ ਕਿ ਸਰਕਾਰ ਨੇ ਸਿਆਸੀ ਲਾਹਾ ਲੈਣ ਲਈ ਇਹ ਕੇਸ ਵਾਪਸ ਲਿਆ। ਸੁਖਬੀਰ ਸਿੰਘ ਬਾਦਲ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਆਰ.ਐਸ. ਚੀਮਾ ਨੇ ਅਦਾਲਤ ਨੂੰ ਦਸਿਆ ਕਿ ਐਸਆਈਟੀ ਦੀ ਰਿਪੋਰਟ ਗ਼ੈਰ ਕਾਨੂੰਨੀ ਅਤੇ ਸਿਆਸਤ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਕੋਟਕਪੂਰਾ ਤੇ ਬਹਿਬਲ ਗੋਲੀਕਾਂਡ ਲਈ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਕਿਸੇ ਵੀ ਤਰ੍ਹਾਂ ਜ਼ਿੰਮੇਵਾਰ ਨਹੀਂ। ਉਨ੍ਹਾਂ ਕਿਹਾ ਕਿ ਸਾਧਾਰਨ ਰੂਪ ’ਚ ਮੁੱਖ ਮੰਤਰੀ, ਗ੍ਰਹਿ ਮੰਤਰੀ ਅਤੇ ਡੀ.ਜੀ.ਪੀ. ਉੱਚ ਜ਼ਿਲ੍ਹਾ ਅਧਿਕਾਰੀਆਂ ਦੇ ਸੰਪਰਕ ’ਚ ਰਹਿੰਦੇ ਹਨ ਅਤੇ ਇਸਦਾ ਮਤਲਬ ਇਹ ਨਹੀਂ ਬਣਦਾ ਕਿ ਕੋਈ ਸਾਜ਼ਸ਼ ਰਚੀ ਜਾ ਰਹੀ ਹੈ।
(For more Punjabi news apart from Kotakpura and Behbal firing happened on Sukhbir Badal's behalf stay tuned to Rozana Spokesman)