
ਉਨ੍ਹਾਂ ਦੇ ਪਿਤਾ ਨੂੰ ਦਿੱਤਾ ਫ਼ਖਰ-ਏ-ਕੌਮ ਸਨਮਾਨ ਵਾਪਸ ਲੈਣ ਮਗਰੋਂ ਉਹ ਬਦਲੇ ਦੀ ਤਾਕ ਵਿਚ ਸੀ ਕਿ ਕਦੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਬਦਲਾ ਲੈਣਾ?
Panthak News: ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਲਈ ਵਰਤੇ ਗਏ ਕਾਰਨਾਂ ਉੱਤੇ ਬੋਲਦਿਆਂ ਸਾਬਕਾ ਪ੍ਰਧਾਨ, HSGMC ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਗੁਨਾਹਾਂ ਦੀ ਰਾਜਨੀਤਿਕ ਸਜ਼ਾ ਨਹੀਂ ਦਿੱਤੀ ਗਈ। ਭਾਵੇਂ ਉਸ ਨੂੰ ਧਾਰਮਿਕ ਸਜ਼ਾ ਦਿੱਤੀ ਗਈ ਸੀ ਪਰ ਉਹ ਵੀ ਉਸ ਨੂੰ ਹਜ਼ਮ ਨਹੀਂ ਹੋਈ। ਉਨ੍ਹਾਂ ਦੇ ਪਿਤਾ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਫ਼ਖਰ-ਏ-ਕੌਮ ਸਨਮਾਨ ਵਾਪਸ ਲੈਣ ਮਗਰੋਂ ਉਹ ਬਦਲੇ ਦੀ ਤਾਕ ਵਿਚ ਸੀ ਕਿ ਕਦੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਬਦਲਾ ਲੈਣਾ?
ਉਨ੍ਹਾਂ ਕਿਹਾ, ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਅੱਜ ਆਪਣੇ ਆਪ ਨੂੰ ਜਿੰਨਾ ਮਰਜ਼ੀ ਸੁਰੱਖਿਅਤ ਸਮਝ ਲੈਣ ਪਰ ਜਿਹੜੇ ਰਸਤੇ ਸੁਖਬੀਰ ਸਿੰਘ ਬਾਦਲ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਤੋਰਿਆ ਹੈ ਉਸੇ ਰਸਤੇ ਉਹ ਗਿਆਨੀ ਰਘਬੀਰ ਸਿੰਘ ਨੂੰ ਤੋਰਨਗੇ। ਇੱਜ਼ਤ ਸਨਮਾਨ ਦੇ ਨਾਲ ਗਿਆਨੀ ਰਘਬੀਰ ਸਿੰਘ ਦੁਬਾਰਾ ਗਿਆਨੀ ਹਰਪ੍ਰੀਤ ਸਿੰਘ ਨੂੰ ਜੁਆਇਨ ਕਰਵਾਉਣ ਜਾਂ ਤਾਂ ਖ਼ੁਦ ਵੀ ਅਸਤੀਫ਼ਾ ਦੇ ਦੇਣ।
ਉਨ੍ਹਾਂ ਕਿਹਾ, ਸੁਖਬੀਰ ਸਿੰਘ ਬਾਦਲ ਦੇ ਗੁਨਾਹ ਰਾਜਨੀਤਿਕ ਸਨ। ਜਥੇਦਾਰ ਗਿਆਨੀ ਰਘਬੀਰ ਸਿੰਘ ਸਾਰੇ ਤਖ਼ਤਾਂ ਦੇ ਜਥੇਦਾਰਾਂ ਨਾਲ ਬੈਠਕ ਕਰਨ ਅਤੇ ਸੁਖਬੀਰ ਸਿੰਘ ਬਾਦਲ ਨੂੰ ਪੰਥ ’ਚੋਂ ਖ਼ਾਰਜ ਕਰਨ।
ਉਨ੍ਹਾਂ ਕਿਹਾ, ਸੁਖਬੀਰ ਸਿੰਘ ਬਾਦਲ ਦੇ ਗ਼ੁਨਾਹ ਬਹੁਤ ਵੱਡੇ ਸਨ। ਉਸ ਨੂੰ ਰਾਜਨੀਤਿਕ ਸਜ਼ਾ ਨਾ ਦੇਣ ਕਾਰਨ ਪੰਥ ’ਚ ਰੋਸ ਸੀ। ਨਾਰਾਇਣ ਸਿੰਘ ਚੌੜਾ ਨੇ ਇਸੇ ਰੋਸ ਕਾਰਨ ਹੀ ਅਜਿਹੀ ਘਟਨਾ ਨੂੰ ਅੰਜ਼ਾਮ ਦਿੱਤਾ ਸੀ। ਜਿਸ ਤਰ੍ਹਾਂ ਲੰਡਨ ਦੀ ਧਰਤੀ ’ਤੇ ਜਾ ਕੇ ਸ. ਉਧਮ ਸਿੰਘ ਨੇ ਰੋਸ ਕੱਢਿਆ ਸੀ ਉਸੇ ਤਰ੍ਹਾਂ ਪੰਥ ਦਾ ਰੋਸ ਨਾਰਾਇਣ ਸਿੰਘ ਚੌੜਾ ਦੇ ਰੂਪ ਵਿਚ ਸਾਹਮਣੇ ਆਇਆ ਸੀ।
ਉਨ੍ਹਾਂ ਕਿਹਾ, ਜੇਕਰ ਸੁਖਬੀਰ ਸਿੰਘ ਬਾਦਲ ਕੋਲ ਸ਼੍ਰੋਮਣੀ ਕਮੇਟੀ ਰਹਿੰਦੀ ਹੈ ਤਾਂ 2 ਦਸੰਬਰ ਦੇ ਫ਼ੈਸਲੇ ’ਚ ਸ਼ਾਮਲ ਸਾਰੇ ਜਥੇਦਾਰਾਂ ਨੂੰ ਅੱਜ ਹੀ ਆਪਣਾ ਬੋਰੀ ਬਿਸਤਰਾ ਬੰਨ੍ਹ ਲੈਣਾ ਚਾਹੀਦਾ ਹੈ। ਇੱਕ-ਇੱਕ ਕਰ ਕੇ ਸਾਰਿਆਂ ਉੱਤੇ ਇਲਜ਼ਾਮ ਲਗਾ ਕੇ ਕਾਰਵਾਈ ਕਰਵਾਈ ਜਾ ਸਕਦੀ ਹੈ।
ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਦੀ ਜਾਂਚ ਲਈ ਬਣਾਈ ਕਮੇਟੀ ਉੱਤੇ ਸਵਾਲ ਚੁੱਕਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਸੋਸ਼ਲ ਮੀਡੀਆ ਉੱਤੇ ਇੱਕ ਪੋਸਟ ਸਾਂਝੀ ਕੀਤੀ ਜਿਸ ਵਿਚ ਉਨ੍ਹਾਂ ਲਿਖਿਆ-
ਗੁਰੂ ਪਿਆਰੇ ਖ਼ਾਲਸਾ ਜੀਓ
ਵਾਹਿਗੁਰੂ ਜੀ ਕਾ ਖਾਲਸਾ॥ ਵਾਹਿਗੁਰੂ ਜੀ ਕੀ ਫਤਹਿ॥
ਪਿਛਲੇ ਦਿਨਾਂ ਤੋ ਜਿਸ ਤਰ੍ਹਾਂ ਦੇ ਘਟਨਾਕ੍ਰਮ ਵਾਪਰ ਰਹੇ ਹਨ, ਮੈਂ ਉਨ੍ਹਾਂ ਨੂੰ ਸਾਰੇ ਪੱਖਾਂ ਤੋਂ ਬੜੀ ਗੰਭੀਰਤਾ ਨਾਲ ਵਾਚ ਰਿਹਾ ਹਾਂ। ਇਨ੍ਹਾਂ ਹਾਲਾਤਾਂ ਤੋਂ ਮੇਰਾ ਮਨ ਬੇਹੱਦ ਦੁਖੀ ਹੋਇਆ ਹੈ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਲਈ ਵਰਤੇ ਗਏ ਕਾਰਨ ਅਤੇ ਤਰੀਕਾ ਬਿਲਕੁਲ ਵੀ ਸਹੀ ਨਹੀਂ ਹੈ। ਮਿਤੀ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਥਕ ਭਾਵਨਾਵਾਂ ਅਤੇ ਪਰੰਪਰਾਵਾਂ ਦੀ ਰੌਸ਼ਨੀ ਵਿਚ ਹੋਏ ਫੈਸਲਿਆਂ ਤੋਂ ਬਾਅਦ ਹੀ ਇਸ ਤਰ੍ਹਾਂ ਜਾਪ ਰਿਹਾ ਸੀ ਕਿ ਸਿੰਘ ਸਾਹਿਬਾਨ ਖ਼ਿਲਾਫ਼ ਗਿਣੇ ਮਿਥੇ ਤਰੀਕੇ ਦੇ ਨਾਲ ਮਾਹੌਲ ਬਣਾਇਆ ਜਾ ਰਿਹਾ ਹੈ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਖਿਲਾਫ 18 ਸਾਲ ਪੁਰਾਣੇ ਪਰਿਵਾਰਕ ਮਸਲੇ ਨੂੰ ਗਲਤ ਰੰਗਤ ਦੇ ਕੇ ਮੀਡੀਆ ਟਰਾਇਲ ਚਲਾਇਆ ਗਿਆ। ਇਸ ਸਬੰਧ ਵਿਚ ਬਤੌਰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਮੈਂ ਸ਼੍ਰੋਮਣੀ ਕਮੇਟੀ ਵਲੋ ਜਾਂਚ ਕਮੇਟੀ ਬਿਠਾਉਣ ਵੇਲੇ ਵੀ ਆਖਿਆ ਸੀ ਕਿ ਇਹ ਠੀਕ ਨਹੀ ਹੈ। ਜੇਕਰ ਕਿਸੇ ਵੀ ਤਖਤ ਸਾਹਿਬ ਦੇ ਕਿਸੇ ਜਥੇਦਾਰ ਸਾਹਿਬ ਵਿਰੁੱਧ ਕਿਸੇ ਤਰ੍ਹਾਂ ਦੇ ਦੋਸ਼ਾਂ ਦੀ ਪੜਤਾਲ ਕਰਨ ਦੀ ਲੋੜ ਹੋਵੇ ਤਾਂ ਇਹ ਕੇਵਲ ਸ੍ਰੀ ਅਕਾਲ ਤਖਤ ਸਾਹਿਬ ਹੀ ਕਰਵਾ ਸਕਦਾ ਹੈ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਫਿਰ ਵੀ ਅਹੁਦੇ ਤੋ ਸੇਵਾਮੁਕਤ ਕਰਨਾ ਮੰਦਭਾਗਾ ਹੈ। ਇਸ ਤਰ੍ਹਾਂ ਜਥੇਦਾਰ ਸਾਹਿਬਾਨ ਨੂੰ ਜਲੀਲ ਕਰਕੇ ਸੇਵਾਮੁਕਤ ਕਰਨਾ ਬੇਹੱਦ ਮੰਦਭਾਗਾ ਵਰਤਾਰਾ ਹੈ। ਇਕ ਵਾਰ ਫਿਰ ਆਪਣੀ ਆਤਮਾ ਤੋਂ ਇਹ ਕਹਿਣਾ ਚਾਹੁੰਦਾ ਹਾਂ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾਮੁਕਤ ਕਰਨਾ ਬੇਹੱਦ ਨਿੰਦਣਯੋਗ ਅਤੇ ਮੰਦਭਾਗਾ ਵਰਤਾਰਾ ਹੈ ਜੋ ਕਿ ਤਖਤ ਸਾਹਿਬਾਨ ਦੀ ਅਜਾਦ ਹੋਂਦ ਹਸਤੀ ਨੂੰ ਵੀ ਨੁਕਸਾਨ ਪਹੁੰਚਾਉਣ ਵਾਲਾ ਹੈ।
ਗੁਰੂ ਰਾਖਾ।
ਗਿਆਨੀ ਰਘਬੀਰ ਸਿੰਘ
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ।