
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਸਿਕਲੀਗਰ ਸਿੱਖਾਂ ਦੇ ਬੱਚਿਆਂ ਲਈ ਇੰਦੌਰ ਵਿਖੇ ਉਦਯੋਗਿਕ ਸਿਖਲਾਈ ਕੇਂਦਰ ...
ਅੰਮ੍ਰਿਤਸਰ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਸਿਕਲੀਗਰ ਸਿੱਖਾਂ ਦੇ ਬੱਚਿਆਂ ਲਈ ਇੰਦੌਰ ਵਿਖੇ ਉਦਯੋਗਿਕ ਸਿਖਲਾਈ ਕੇਂਦਰ ਸਥਾਪਤ ਕਰੇਗੀ ਅਤੇ ਸਿਕਲੀਗਰਾਂ ਸਿੱਖਾਂ ਦੇ ਰਵਾਇਤੀ ਸ਼ਸਤਰ ਬਣਾਉਣ ਲਈ ਦਸਤਕਾਰੀ ਸਕੂਲ (ਕਾਰਖਾਨਾ) ਲਗਾਉਣ ਲਈ ਵੀ ਸਹਾਇਤਾ ਦੇਵੇਗੀ। ਭਾਈ ਲੌਂਗੋਵਾਲ ਬਾਬਾ ਘੋਲਾ ਸਿੰਘ ਸਰਹਾਲੀ ਵਾਲਿਆਂ ਵਲੋਂ ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ ਦੀ ਪਹਿਲੀ ਮੰਜ਼ਲ ਦੇ ਲੈਂਟਰ ਦੀ ਕਾਰਸੇਵਾ ਸਮੇਂ ਇੰਦੌਰ ਵਿਖੇ ਪਹੁੰਚੇ ਹੋਏ ਸਨ।
ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ ਅਤੇ ਦਿੱਲੀ ਸਿੱਖ ਗੁਰਦਪਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੀ ਮੌਜੂਦ ਸਨ। ਲੌਂਗੋਵਾਲ ਨੇ ਕਿਹਾ ਕਿ ਸਿਕਲੀਗਰ ਸਿੱਖ ਗੁਰੂ ਸਾਹਿਬ ਦੇ ਸਮੇਂ ਤੋਂ ਹੀ ਸਿੱਖੀ ਨਾਲ ਜੁੜੇ ਹੋਏ ਹਨ ਅਤੇ ਸ਼੍ਰੋਮਣੀ ਕਮੇਟੀ ਇਨ੍ਹਾਂ ਦੀ ਹਰ ਸੰਭਵ ਮੱਦਦ ਲਈ ਵਚਨਬਧ ਹੈ। ਜੀ.ਕੇ. ਨੇ ਸਿਕਲੀਗਰ ਸਿੱਖਾਂ ਦੇ ਬੱਚਿਆਂ ਲਈ ਬਣਾਏ ਜਾਣ ਵਾਲੇ ਉਦਯੋਗਿਕ ਸਿਖਲਾਈ ਕੇਂਦਰ ਵਾਸਤੇ ਪੰਜ ਲੱਖ ਰੁਪਏ ਦਾ ਚੈੱਕ ਵੀ ਦਿਤਾ।