
ਇਸ ਦਾ ਵੀਡੀਓ ਸਾਹਮਣੇ ਆਉਣ ਮਗਰੋਂ ਹੁਣ ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਹੈ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਮੌਕੇ ਅਨੰਦ ਕਾਰਜ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਲਿਆਉਣ ਵਾਲੀ ਗੱਡੀ ਦੀ ਸਕ੍ਰੀਨਿੰਗ ਕਰਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ਼ ਜਤਾਇਆ ਹੈ। ਇਸ ਦਾ ਵੀਡੀਓ ਸਾਹਮਣੇ ਆਉਣ ਮਗਰੋਂ ਹੁਣ ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਹੈ।
ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਨੇ ਆਪਣੀ ਸ਼ਿਕਾਇਤ ਵਿਚ ਲਿਖਿਆ ਹੈ ਕਿ ਚੰਡੀਗੜ੍ਹ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮਰਿਆਦਾ ਅਤੇ ਸਨਮਾਨ ਨੂੰ ਠੇਸ ਪਹੁੰਚਾਈ ਗਈ ਹੈ। ਇਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ।
ਪੱਤਰ ਵਿਚ ਲਿਖਿਆ ਗਿਆ ਹੈ ਕਿ ਇਹ ਮਾਮਲਾ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਤੋਂ ਸਾਹਮਣੇ ਆਇਆ ਹੈ। ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਕਹਿਣਾ ਹੈ ਕਿ ਵਿਆਹ ਸਮਾਗਮ ਸਮੇਂ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਵਾਲੀ ਗੱਡੀ ਨੂੰ ਰੋਕ ਕੇ ਜਾਂਚ ਕੀਤੀ ਜਾਂਦੀ ਹੈ।
ਐਸਜੀਪੀਸੀ ਮੈਂਬਰਾਂ ਦਾ ਕਹਿਣਾ ਹੈ ਕਿ ਸੀਐਮ ਮਾਨ ਸੰਵਿਧਾਨਕ ਅਹੁਦੇ ’ਤੇ ਹਨ। ਜੇਕਰ ਮੁੱਖ ਮੰਤਰੀ ਪੰਜਾਬ ਅੰਦਰ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਨਹੀਂ ਕਰ ਸਕਦੇ ਤਾਂ ਇਹ ਮੰਦਭਾਗੀ ਘਟਨਾ ਹੈ। ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਦਿੱਤੇ ਗਏ ਮੰਗ ਪੱਤਰ ਉਪਰੰਤ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ, ਜਿਸ ਨਾਲ ਸਿੱਖ ਸੰਗਤ ਦੇ ਮਨਾਂ ਨੂੰ ਠੇਸ ਪਹੁੰਚੀ ਹੈ।