
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਹੁਕਮ
Guru Nanak Dev University Vice Chancellor Prof. Karamjit Summons Latest News in Punjabi ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰੂ ਨਾਨਕ ਦੇਵ ਯੂਨੀਵਰਸਟੀ ਦੇ ਉਪ ਕੁਲਪਤੀ (ਵਾਈਸ ਚਾਂਸਲਰ) ਪ੍ਰੋਫ਼ਸਰ ਡਾ. ਕਰਮਜੀਤ ਸਿੰਘ ਨੂੰ ਤਲਬ ਕੀਤਾ ਗਿਆ ਹੈ।
ਦੱਸ ਦਈਏ ਕਿ ਪ੍ਰੋਫ਼ਸਰ ਡਾ. ਕਰਮਜੀਤ ਸਿੰਘ ਨੂੰ ਉਨ੍ਹਾਂ ਵਲੋਂ ਦੱਖਣ ਭਾਰਤ ਵਿਚ ਹੋਏ ਇਕ ਸਮਾਗਮ ਦੌਰਾਨ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੇ ਲੱਗੇ ਇਲਜ਼ਾਮਾਂ ਤਹਿਤ 15 ਦਿਨ ਦੇ ਅੰਦਰ ਅੰਦਰ ਅਕਾਲ ਤਖ਼ਤ ਸਕੱਤਰੇਤ ਵਿਖੇ ਨਿੱਜੀ ਰੂਪ ਵਿਚ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦੀ ਹਦਾਇਤ ਕੀਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਉਪ ਕੁਲਪਤੀ ਨੂੰ ਇਸ ਸਬੰਧੀ ਇਕ ਪੱਤਰ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਵਲੋਂ ਭੇਜਿਆ ਗਿਆ ਹੈ। ਚਿੱਠੀ ਵਿਚ ਲਿਖਿਆ ਹੈ ਕਿ ਆਪ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਆਪ ਦੇ ਵਿਰੁਧ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਸ਼ਿਕਾਇਤਾਂ ਪੁੱਜ ਰਹੀਆਂ ਹਨ ਕਿ ਆਪ ਨੇ ਦੱਖਣ ਭਾਰਤ ਵਿਚ ਹੋਏ ਇਕ ਸਮਾਗਮ ਦੌਰਾਨ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ। ਪੁੱਜੀਆਂ ਸ਼ਿਕਾਇਤਾਂ ਅਤੇ ਮੀਡੀਆ ’ਤੇ ਵਾਇਰਲ ਹੋਈ ਤੁਹਾਡੀ ਵੀਡੀਉ ਅਨੁਸਾਰ ਤੁਸੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਇਕ ਚੇਅਰ ਦੇ ਸੋਧ ਕਾਰਜਾਂ ਰਾਹੀਂ ਸਿੱਖਾਂ ਦੀ ਵਿਲੱਖਣ ਹੋਂਦ ਦੇ ਵਿਰੁਧ ਪ੍ਰਗਟਾਵਾ ਕੀਤਾ, ਜੋ ਕਿ ਗੁਰਮਤਿ ਅਨੁਸਾਰੀ ਨਹੀਂ ਹੈ।
ਇਸ ਸਬੰਧੀ ਸਤਿਕਾਰਯੋਗ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਲੋਂ ਹੋਏ ਆਦੇਸ਼ ਅਨੁਸਾਰ ਲਿਖਿਆ ਜਾਂਦਾ ਹੈ ਕਿ ਆਪ ਨੇ ਇਸ ਸਬੰਧੀ ਅਪਣਾ ਲਿਖਤੀ ਸਪੱਸ਼ਟੀਕਰਨ ਪੰਦਰਾਂ ਦਿਨਾਂ ਦੇ ਅੰਦਰ-ਅੰਦਰ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪੇਸ਼ ਹੋ ਕੇ ਦੇਣਾ ਹੈ।
(For more news apart from Guru Nanak Dev University Vice Chancellor Prof. Karamjit Summons Latest News in Punjabi stay tuned to Rozana Spokesman.)