
ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਦੀ ਲਾਸਾਨੀ ਸ਼ਹਾਦਤ ਨੂੰ ਅਕੀਦਤ ਭੇਟ ਕਰਨ........
ਅੰਮ੍ਰਿਤਸਰ : ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਦੀ ਲਾਸਾਨੀ ਸ਼ਹਾਦਤ ਨੂੰ ਅਕੀਦਤ ਭੇਟ ਕਰਨ ਲਈ ਸ਼ਹੀਦੀ ਦਿਹਾੜੇ 'ਤੇ ਨਿਸ਼ਚਤ ਤੌਰ 'ਤੇ ਸਰਕਾਰੀ ਛੁੱਟੀ ਦਾ ਐਲਾਨ ਕਰਨ, ਦੇਸ਼ ਭਰ ਵਿਚ ਵਿਸ਼ੇਸ਼ ਸ਼ਹੀਦੀ ਸਮਾਗਮ ਕਰਾਏ ਜਾਣ ਤੋਂ ਇਲਾਵਾ ਸਜ਼ਾਵਾਂ ਪੂਰੀਆਂ ਕਰ ਚੁਕੇ ਸਿਆਸੀ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਅਤੇ ਦੇਸ਼ ਦੇ ਸਮੁਚੇ ਕਿਸਾਨਾਂ ਦਾ ਕਰਜ਼ਾ ਮਾਫ਼ ਕਰਨ ਦੀ ਮੰਗ ਕੀਤੀ ਹੈ।
ਇਸ ਦੌਰਾਨ ਦਿੱਲੀ ਦੇ ਚਾਂਦਨੀ ਚੌਕ ਵਿਖੇ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਅਸਥਾਨ ਗੁਰਦਵਾਰਾ ਸੀਸਗੰਜ ਸਾਹਿਬ ਵਿਖੇ ਪੂਰੀ ਸ਼ਰਧਾ ਨਾਲ ਸ਼ਹੀਦੀ ਦਿਹਾੜਾ ਮਨਾ ਰਹੀਆਂ ਸੰਗਤਾਂ ਨੂੰ ਦਮਦਮੀ ਟਕਸਾਲ ਦੇ ਮੁਖੀ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦਾ ਸ਼ਹੀਦੀ ਪ੍ਰਸੰਗ ਸਰਵਨ ਕਰਾਇਆ ਗਿਆ। ਗੁਰੂ ਸਾਹਿਬ ਦੀ 12 ਵੱਜ ਕੇ 24 ਮਿੰਟ 'ਤੇ ਸ਼ਹਾਦਤ ਹੋਣ ਅਤੇ ਸ਼ਹੀਦੀ ਤੋਂ
ਪਹਿਲਾਂ ਗੁਰੂ ਸਾਹਿਬ ਵਲੋਂ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤੇ ਜਾਣ ਨੂੰ ਮੁੱਖ ਰਖਦਿਆਂ ਸ਼ਹੀਦੀ ਦਿਹਾੜੇ 'ਤੇ ਹਰ ਸਾਲ ਦੁਪਹਿਰ 12 ਵਜੇ ਜਪੁਜੀ ਸਾਹਿਬ ਦਾ ਪਾਠ ਕਰਨ ਦੀ ਬੀਤੇ ਸਾਲ ਤੋਂ ਕਾਇਮ ਕੀਤੀ ਗਈ ਪਰੰਪਰਾ ਅਨੁਸਾਰ ਸੰਗਤ ਵਲੋਂ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ। ਉਨ੍ਹਾਂ ਸੰਗਤ ਨੂੰ ਅੰਮ੍ਰਿਤਧਾਰੀ ਹੋਣ ਅਤੇ ਗੁਰਸਿੱਖੀ ਵਿਚ ਪਰਪੱਕ ਹੋਣ ਲਈ ਪ੍ਰੇਰਿਆ।