
ਸ਼ਹੀਦ ਦੇ ਪੁੱਤਰ ਨੇ ਅਕਾਲੀ ਦਲ, ਕਾਂਗਰਸ ਅਤੇ ਮੌਜੂਦਾ ਸਰਕਾਰਾਂ ’ਤੇ ਲਾਏ ਦੋਸ਼
Behbal Kalan Morcha: ਕੋਟਕਪੂਰਾ : ਬਹਿਬਲ ਮੋਰਚੇ ਦੇ ਦੋ ਸਾਲ ਪੂਰੇ ਹੋਣ ’ਤੇ ਸੁਖਰਾਜ ਸਿੰਘ ਨਿਆਮੀਵਾਲਾ ਨੇ 16 ਦਸੰਬਰ ਦਿਨ ਸਨਿਚਰਵਾਰ ਨੂੰ ਕੋਈ ਵੱਡਾ ਪੋ੍ਰਗਰਾਮ ਦੇਣ ਦਾ ਐਲਾਨ ਕਰਦਿਆਂ ਦੋਸ਼ ਲਾਇਆ ਹੈ ਕਿ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਦੀਆਂ ਸਰਕਾਰਾਂ ਦੀ ਤਰ੍ਹਾਂ ਸੱਤਾਧਾਰੀ ਧਿਰ ਨੇ ਵੀ ਬੇਅਦਬੀ ਕਾਂਡ ਦੇ ਸੰਵੇਦਨਸ਼ੀਲ ਮੁੱਦੇ ’ਤੇ ਸਿਆਸੀ ਰੋਟੀਆਂ ਸੇਕਣ ਅਰਥਾਤ ਸਿਆਸਤ ਕਰਨ ਦੀ ਕੋਝੀ ਹਰਕਤ ਕੀਤੀ ਹੈ ਜਿਸ ਦਾ ਮੂੰਹ ਤੋੜ ਜਵਾਬ ਦਿਤਾ ਜਾਵੇਗਾ।
ਸੁਖਰਾਜ ਸਿੰਘ ਨੇ ਰੋਸ ਪ੍ਰਗਟਾਇਆ ਕਿ 14 ਅਕਤੂਬਰ 2015 ਨੂੰ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨੇ ’ਤੇ ਬੈਠੀਆਂ ਸੰਗਤਾਂ ਉਪਰ ਪੁਲਿਸ ਵਲੋਂ ਗੋਲੀ ਚਲਾ ਕੇ ਦੋ ਨਿਹੱਥੇ ਅਤੇ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰ ਦਿਤਾ ਗਿਆ, ਜਦਕਿ ਅਨੇਕਾਂ ਜ਼ਖ਼ਮੀ ਹੋ ਗਏ ਪਰ ਤੀਜੀ ਸਰਕਾਰ ਦੇ ਹੋਂਦ ਵਿਚ ਆਉਣ ਅਤੇ ਚੌਥਾ ਮੁੱਖ ਮੰਤਰੀ ਬਣਨ ਦੇ ਬਾਵਜੂਦ ਵੀ ਅਜੇ ਤਕ ਬਹਿਬਲ ਕਲਾਂ ਗੋਲੀਕਾਂਡ ਦਾ ਕੇਸ ਹੀ ਅਦਾਲਤ ਵਿਚ ਸ਼ੁਰੂ ਨਹੀਂ ਕੀਤਾ ਗਿਆ।
ਸੁਖਰਾਜ ਸਿੰਘ ਨੇ ਚਿਤਾਵਨੀ ਦਿਤੀ ਕਿ ਬੇਅਦਬੀ ਕਾਂਡ ਦੇ ਸੰਵੇਦਨਸ਼ੀਲ ਮੁੱਦਿਆਂ ਸਮੇਤ ਲਾਸ਼ਾਂ ਉਪਰ ਰਾਜਨੀਤੀ ਕਰਨ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਇਸ ਮੁੱਦੇ ’ਤੇ ਸਿਆਸੀ ਰੋਟੀਆਂ ਸੇਕਣ ਦੀ ਕੋਸ਼ਿਸ਼ ਕੀਤੀ ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਨੇ ਇਸ ਮੁੱਦੇ ’ਤੇ ਕੈਸ਼ ਕਰ ਕੇ ਸਰਕਾਰ ਬਣਾ ਲਈ, ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਬਤੌਰ ਮੁੱਖ ਮੰਤਰੀ ਵੱਡੇ ਵੱਡੇ ਵਾਅਦਿਆਂ ਅਤੇ ਦਾਅਵਿਆਂ ਦੇ ਬਾਵਜੂਦ ਇਨਸਾਫ਼ ਨਾ ਦਿਵਾ ਸਕੇ ਤਾਂ ਆਮ ਆਦਮੀ ਪਾਰਟੀ ਨੇ 24 ਘੰਟਿਆਂ ਦੇ ਅੰਦਰ ਅੰਦਰ ਇਨਸਾਫ਼ ਦਿਵਾਉਣ ਦਾ ਝਾਂਸਾ ਦੇ ਕੇ ਸੱਤਾ ਤਾਂ ਸੰਭਾਲ ਲਈ ਪਰ ਪੌਣੇ ਦੋ ਸਾਲ ਦਾ ਅਰਸਾ ਬੀਤਣ ਉਪਰੰਤ ਆਮ ਆਦਮੀ ਪਾਰਟੀ ਨੂੰ ਵੀ ਇਸ ਸੰਵੇਦਨਸ਼ੀਲ ਮੁੱਦੇ ਉਪਰ ਸਿਆਸਤ ਕਰਨੀ ਸ਼ੁਰੂ ਕਰ ਦਿਤੀ ਹੈ, ਜੋ ਬਰਦਾਸ਼ਤ ਤੋਂ ਬਾਹਰ ਹੈ।
ਸੁਖਰਾਜ ਸਿੰਘ ਨਿਆਮੀਵਾਲਾ ਨੇ ਦੇਸ਼ ਭਰ ਦੀਆਂ ਸਿੱਖ ਸੰਸਥਾਵਾਂ, ਪੰਥਕ ਜਥੇਬੰਦੀਆਂ, ਗੁਰਦਵਾਰਾ ਪ੍ਰਬੰਧਕ ਕਮੇਟੀਆਂ ਅਤੇ ਸਮੂਹ ਪੰਥਦਰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ 16 ਦਸੰਬਰ ਨੂੰ ਬਹਿਬਲ ਮੋਰਚੇ ਵਿਖੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਤਾਂ ਜੋ ਸਾਰਿਆਂ ਦੀ ਸਹਿਮਤੀ ਨਾਲ ਸੰਗਤ ਨੂੰ ਅਗਲਾ ਪੋ੍ਰਗਰਾਮ ਦਿਤਾ ਜਾ ਸਕੇ।