
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹੋਵੇਗਾ ਗੁਰਬਾਣੀ ਕੀਰਤਨ ਦਾ ਪ੍ਰਸਾਰਣ
ਸ੍ਰੀ ਅਨੰਦਪੁਰ ਸਾਹਿਬ (ਸ਼ਾਹ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੋਂ ਗੁਰਬਾਣੀ ਦੇ ਪਵਿੱਤਰ ਸੁਨੇਹੇ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਰੋਜ਼ਾਨਾ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਲਈ ਇਕ ਨਵਾਂ ਯੂਟਿਊਬ ਚੈਨਲ ਸ਼ੁਰੂ ਕੀਤਾ ਗਿਆ ਏ। ਇਸ ਚੈਨਲ ਰਾਹੀਂ ਸੰਗਤ ਰੋਜ਼ਾਨਾ ਤਖ਼ਤ ਸਾਹਿਬ ਦੇ ਪਵਿੱਤਰ ਦਰਸ਼ਨ ਦੀਦਾਰ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਦਾ ਆਨੰਦ ਲੈ ਸਕੇਗੀ।
ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਬਾਣੀ ਦੇ ਪਵਿੱਤਰ ਸੁਨੇਹੇ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਧਾਰਮਿਕ ਉਦੇਸ਼ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੋਂ ਇਕ ਯੂ ਟਿਊਬ ਚੈਨਲ ਸ਼ੁਰੂ ਕੀਤਾ ਗਿਆ ਏ। ਇਸ ਚੈਨਲ ਰਾਹੀਂ ਸੰਗਤ ਹਰ ਰੋਜ਼ ਸਵੇਰੇ 5 ਵਜੇ ਤੋਂ ਰਾਤ 9 ਵਜੇ ਤੱਕ ਤਖ਼ਤ ਸਾਹਿਬ ਦੇ ਪਵਿੱਤਰ ਦਰਸ਼ਨ ਦੀਦਾਰ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਲੈ ਸਕੇਗੀ। ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਉਪਰਾਲਾ ਸੰਗਤ ਦੀਆਂ ਆਤਮਿਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼ੁਰੂ ਕੀਤਾ ਗਿਆ ਹੈ, ਤਾਂ ਜੋ ਵਿਸ਼ਵ ਭਰ ਦੀ ਸਿੱਖ ਸੰਗਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਸਿੱਧੀ ਤੌਰ ’ਤੇ ਜੁੜ ਸਕੇ। ਇਸ ਯੂਟਿਊਬ ਚੈਨਲ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤਾ ਗਿਆ। ਇਹ ਉਪਰਾਲਾ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਤਿੰਨ ਸਿੱਖਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਭਾਈ, ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ ਹੈ, ਜਿਸ ਦਾ ਮਕਸਦ ਸਿੱਖ ਇਤਿਹਾਸ ਤੇ ਗੁਰਬਾਣੀ ਪ੍ਰਤੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੋਵੇਗਾ।
ਇਸ ਮੌਕੇ ਸੰਗਤ ਨੂੰ ਵਧਾਈ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਂਝੇ ਤੌਰ ’ਤੇ ਆਖਿਆ ਕਿ ਤਕਨੀਕ ਦੇ ਇਸ ਯੁੱਗ ਵਿੱਚ ਇਹ ਚੈਨਲ ਗੁਰਬਾਣੀ ਨਾਲ ਸਿੱਖੀ ਨਾਲ ਜੁੜਨ ਦਾ ਨਵਾਂ ਸਾਧਨ ਬਣੇਗਾ, ਜਿਸ ਦੇ ਜ਼ਰੀਏ ਵਿਦੇਸ਼ਾਂ ਜਾਂ ਦੂਰਦਰਾਜ਼ ਖੇਤਰਾਂ ਵਿੱਚ ਰਹਿਣ ਵਾਲੀ ਸੰਗਤ ਵੀ ਰੋਜ਼ਾਨਾ ਤਖ਼ਤ ਸਾਹਿਬ ਦੇ ਪ੍ਰੋਗਰਾਮਾਂ ਨਾਲ ਜੁੜ ਸਕੇਗੀ। ਉਨ੍ਹਾਂ ਇਸ ਉਪਰਾਲੇ ਨੂੰ ਸਿੱਖ ਧਰਮ ਦੇ ਪ੍ਰਚਾਰ ਅਤੇ ਪਵਿੱਤਰ ਗੁਰਬਾਣੀ ਦੇ ਸੁਨੇਹੇ ਨੂੰ ਵਿਸ਼ਵ ਪੱਧਰ ’ਤੇ ਫੈਲਾਉਣ ਵੱਲ ਇਕ ਮਹੱਤਵਪੂਰਨ ਕਦਮ ਦੱਸਿਆ।
ਦੱਸ ਦਈਏ ਕਿ ਚੈਨਲ ਦੇ ਸ਼ੁਭ ਆਰੰਭ ਸਮੇਂ ਜਥੇਦਾਰ ਅਕਾਲ ਤਖ਼ਤ ਅਤੇ ਐਸਜੀਪੀਸੀ ਪ੍ਰਧਾਨ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਹੋਰ ਸ਼੍ਰੋਮਣੀ ਕਮੇਟੀ ਮੈਂਬਰ ਮੌਜੂਦ ਸਨ।