
ਸਿੱਖ ਪ੍ਰਚਾਰਕ ਹਰਜਿੰਦਰ ਸਿੰਘ ਮਾਝੀ ਨੇ ਸ਼੍ਰੋਮਣੀ ਕਮੇਟੀ ਨੂੰ ਭੰਗ ਕਰ ਕੇ ਮੁੜ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ
ਬਠਿੰਡਾ : ਸਿੱਖ ਪ੍ਰਚਾਰਕ ਹਰਜਿੰਦਰ ਸਿੰਘ ਮਾਝੀ ਨੇ ਸ਼੍ਰੋਮਣੀ ਕਮੇਟੀ ਨੂੰ ਭੰਗ ਕਰ ਕੇ ਮੁੜ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ। ਸਥਾਨਕ ਪ੍ਰੈਸ ਕਲੱਬ 'ਚ ਪੱਤਰਕਾਰ ਵਾਰਤਾ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਅਕਾਲ ਤਖ਼ਤ ਸਾਹਿਬ ਵਲੋਂ ਡੇਰਾ ਮੁਖੀ ਨਾਲ ਰੋਟੀ-ਬੇਟੀ ਦੀ ਸਾਂਝ ਨਾ ਰਖਣ ਦੇ ਜਾਰੀ ਕੀਤੇ ਹੁਕਮਨਾਮੇ ਦੇ ਬਾਵਜੂਦ ਭਗਤਾ ਭਾਈ 'ਚ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਥਿਤ ਦੋਸ਼ੀ ਡੇਰਾ ਪ੍ਰੇਮੀਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਦੁਕਾਨਾਂ ਕਿਰਾਏ 'ਤੇ ਦਿਤੀਆਂ ਗਈਆਂ।
ਉਨ੍ਹਾਂ ਸ੍ਰੋਮਣੀ ਕਮੇਟੀ, ਬਾਦਲ ਪਰਵਾਰ ਅਤੇ ਡੇਰਾ ਮੁਖੀ ਨਾਲ ਸਾਂਝ ਹੋਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਗ਼ੈਰ ਕਾਨੂੰਨੀ ਢੰਗ ਨਾਲ ਕਬਜ਼ਾ ਕੀਤਾ ਹੋਇਆ ਹੈ ਅਤੇ ਸ਼੍ਰੋਮਣੀ ਕਮੇਟੀ ਦੀ ਆਮਦਨ ਵਾਲੇ ਸਾਧਨਾਂ ਤੇ ਡੇਰਾ ਮੁਖੀ ਦੇ ਪ੍ਰੇਮੀਆਂ ਨੂੰ ਕਬਜ਼ਾ ਦਿਤਾ ਹੋਇਆ ਹੈ।
ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ 'ਤੇ ਬੋਲਦਿਆਂ ਭਾਈ ਮਾਝੀ ਨੇ ਕਿਹਾ ਕਿ ਡੇਰਾ ਮੁਖੀ ਦੀ ਹਾਜ਼ਰੀ ਭਰਨ ਵਾਲੇ ਲੌਂਗੋਵਾਲ ਨੂੰ ਉਹ ਸਿੱਖ ਨਹੀਂ ਸਮਝਦੇ। ਉਨ੍ਹਾਂ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਭੰਗ ਕਰ ਕੇ ਚੋਣਾਂ ਕਰਵਾਈਆਂ ਜਾਣ ਤਾਂ ਜੋ ਬਾਦਲ ਜੁੰਡਲੀ ਨੂੰ ਸਿੱਖ ਸੰਸਥਾਵਾਂ ਤੋਂ ਦੂਰ ਕੀਤਾ ਜਾਵੇ। ਇਸ ਮੌਕੇ ਭਾਈ ਗੁਰਜੰਟ ਸਿੰਘ, ਭਾਈ ਬੇਅੰਤ ਸਿੰਘ, ਭਾਈ ਲਸ਼ਕਾਰ ਸਿੰਘ, ਭਾਈ ਹਰਬੰਸ ਸਿੰਘ ਜਲਾਲ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।