
ਇਸ ਪੰਥਕ ਇਕੱਠ ਵਿੱਚ ਸਿੱਖ ਕੌਮ ਨੂੰ ਦਰਪੇਸ਼ ਮਸਲੇ ਵਿਚਾਰਦਿਆਂ ਕੁਝ ਵਿਸ਼ੇਸ਼ ਮਤੇ ਪਾਸ ਕੀਤੇ ਗਏ ਜਿਨ੍ਹਾਂ ਦਾ ਸਿੱਖ ਸੰਗਤਾਂ ਵੱਲੋਂ ਜੈਕਾਰਿਆਂ ਨਾਲ ਸਮਰਥਨ ਕੀਤਾ ਗਿਆ।
ਲੰਡਨ - ਗੁਰੂ ਨਾਨਕ ਗੁਰਦੁਆਰਾ ਸਮੈਦਿਕ ਦੀ ਪ੍ਰਬੰਧਕ ਕਮੇਟੀ ਅਤੇ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂਕੇ ਵਲੋਂ ਕੀਤੇ ਗਏ ਵਿਸ਼ਾਲ ਪੰਥਕ ਇਕੱਠ ਵਿਚ ਬਾਦਲ ਪਰਿਵਾਰ ਤੋਂ ਸਿੱਖ ਸੰਸਥਾਵਾਂ ਮੁਕਤ ਕਰਵਾਉਣ ਦਾ ਮਤਾ ਪਾਸ ਕੀਤਾ ਗਿਆ। ਇਸ ਇਕੱਠ ਵਿਚ ਵੱਖ ਵੱਖ ਸਿੱਖ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।
ਇਸ ਪੰਥਕ ਇਕੱਠ ਵਿੱਚ ਸਿੱਖ ਕੌਮ ਨੂੰ ਦਰਪੇਸ਼ ਮਸਲੇ ਵਿਚਾਰਦਿਆਂ ਕੁਝ ਵਿਸ਼ੇਸ਼ ਮਤੇ ਪਾਸ ਕੀਤੇ ਗਏ ਜਿਨ੍ਹਾਂ ਦਾ ਸਿੱਖ ਸੰਗਤਾਂ ਵੱਲੋਂ ਜੈਕਾਰਿਆਂ ਨਾਲ ਸਮਰਥਨ ਕੀਤਾ ਗਿਆ। ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਉਹਨਾਂ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੀ ਮੰਗ ਕਰਦਿਆਂ, ਸਿੱਖ ਨੌਜਵਾਨਾਂ ਦੇ ਕਾਤਲ ਪੁਲਿਸ ਅਧਿਕਾਰੀਆਂ ਦੀ ਪੁਸ਼ਤ ਪਨਾਹੀ ਕਰਨ ਦੇ ਦੋਸ਼ੀ ਪ੍ਰਕਾਸ਼ ਸਿੰਘ ਬਾਦਲ ਨੂੰ ਕੌਮ ਦਾ ਗੱਦਾਰ ਐਲਾਨਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਰਘਬੀਰ ਸਿੰਘ ਨੂੰ ਅਪੀਲ ਕੀਤੀ ਗਈ ਕਿ ਬਾਦਲ ਤੋਂ ਫਖ਼ਰ-ਏ-ਕੌਮ ਦਾ ਖਿਤਾਬ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਖ਼ਿਤਾਬ ਬਾਦਲ ਤੋਂ ਲੈ ਕੇ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਪਰਿਵਾਰ ਨੂੰ ਦਿੱਤਾ ਜਾਵੇ।
ਪੰਥਕ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਅਣਖੀ ਵਰਕਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਮੁੱਚੇ ਸਿੱਖ ਅਦਾਰੇ ਬਾਦਲ ਪਰਿਵਾਰ ਤੋਂ ਮੁਕਤ ਕਰਵਾ ਕੇ ਸਹੀ ਅਰਥਾਂ ਵਿੱਚ ਅਕਾਲੀ ਬਣਨ। ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜੇਸ਼ਨਜ਼ ਯੂਕੇ ਨੇ ਕੈਨਡਾ ਅਤੇ ਅਮਰੀਕਾ ਸਰਕਾਰਾਂ ਦੇ ਸਿੱਖ ਪੱਖੀ ਰਵੱਈਏ ਦੀ ਸ਼ਲਾਘਾ ਕਰਦਿਆਂ ਧੰਨਵਾਦ ਦਾ ਮਤਾ ਪਾਸ ਕੀਤਾ ਅਤੇ ਖਾਲਿਸਤਾਨ ਦਾ ਸੰਘਰਸ਼ ਲੜਨ ਵਾਲੇ ਜਲਾਵਤਨੀ ਆਗੂਆਂ ਨੂੰ ਕੌਮੀ ਨਾਇਕ ਅਤੇ ਕੌਮ ਦਾ ਮਾਣ ਆਖਿਆ।