
ਗਿਆਨੀ ਜਗਤਾਰ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਨਿਭਾਈ
ਅੰਮ੍ਰਿਤਸਰ : ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਜੀ ਦੀਆਂ ਸਿਖਿਆਵਾਂ ਅਤੇ ਸ਼ਤਾਬਦੀ ਸਮਾਗਮਾਂ ਪ੍ਰਤੀ ਸੰਗਤਾਂ ਵਿਚ ਉਤਸ਼ਾਹ ਪੈਦਾ ਕਰਨ ਲਈ ਆਰੰਭੀ ਸ਼ਬਦ ਗੁਰੂ ਯਾਤਰਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਪੰਜ ਦਿਨ ਦੇ ਠਹਿਰਾਅ ਮਗਰੋਂ ਅਗਲੇ ਪੜਾਅ ਲਈ ਜੈਕਾਰਿਆਂ ਤੇ ਨਗਾਰਿਆਂ ਦੀ ਗੂੰਜ ਵਿਚ ਰਵਾਨਾ ਹੋਈ।
'Shabad Guru Yatra' proceed for the next phase
ਸ਼ਬਦ ਗੁਰੂ ਯਾਤਰਾ ਦੇ ਇਥੋਂ ਅਗਲੇ ਪੜਾਅ ਲਈ ਰਵਾਨਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਨਿਭਾਈ, ਜਦਕਿ ਆਰੰਭਤਾ ਦੀ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ। ਰਵਾਨਗੀ ਤੋਂ ਪਹਿਲਾਂ ਸਿੰਘ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨੇ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਉ ਦਿਤੇ।
ਇਸ ਮੌਕੇ ਗੱਲਬਾਤ ਕਰਦਿਆਂ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਮੁੱਚੇ ਸਿੱਖ ਜਗਤ ਵਲੋਂ ਵਿਸ਼ਾਲ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕੀਤੇ ਜਾ ਰਹੇ ਸਾਰੇ ਸਮਾਗਮਾਂ ਸਮੇਂ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ, ਤਾਂ ਜੋ ਇਸ ਇਤਿਹਾਸਕ ਮੌਕੇ ਨੂੰ ਸਦੀਵੀ ਤੌਰ 'ਤੇ ਯਾਦਗਾਰੀ ਬਣਾਇਆ ਜਾ ਸਕੇ।