
ਕਿਹਾ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿਚ ਵੀ ਬਾਦਲ ਪਰਵਾਰ ਦਾ ਕਬਜ਼ਾ ਖ਼ਤਮ ਕੀਤਾ ਜਾਵੇਗਾ
ਬਠਿੰਡਾ : ਪੰਜਾਬ ਦੇ ਵੋਟਰ ਉਸ ਉਮੀਦਵਾਰ ਨੂੰ ਵੋਟ ਪਾਉਣ ਜੋ ਅਕਾਲੀ ਉਮੀਦਵਾਰ ਨੂੰ ਹਰਾਉਣ ਦੀ ਸਮਰੱਥਾ ਰੱਖਦਾ ਹੋਵੇ, ਭਾਵੇਂ ਉਹ ਉਮੀਦਵਾਰ ਕਿਸੇ ਵੀ ਪਾਰਟੀ (ਸਮੇਤ ਕਾਂਗਰਸ) ਨਾਲ ਸਬੰਧ ਰੱਖਦਾ ਹੋਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕੀਤਾ। ਬਠਿੰਡਾ ਪ੍ਰੈੱਸ ਕਲੱਬ 'ਚ ਪੱਤਰਕਾਰ ਸੰਮੇਲਨ ਦੌਰਾਨ ਭਾਈ ਦਾਦੂਵਾਲ ਨੇ ਕਿਹਾ ਕਿ ਬਾਦਲ ਪਰਵਾਰ ਨੂੰ ਪੰਜਾਬ ਦੀ ਸਿਆਸਤ ਤੋਂ ਭਜਾਉਣ ਲਈ ਇਸ ਤੋਂ ਵਧੀਆਂ ਮੌਕਾ ਨਹੀਂ ਹੋ ਸਕਦਾ। ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿਚ ਬਾਦਲ ਪਰਵਾਰ ਦਾ ਕਬਜ਼ਾ ਖ਼ਤਮ ਕੀਤਾ ਜਾਵੇਗਾ।
Sukhbir Badal, Parkash Singh Badal, Harsimrat Badal
ਭਾਈ ਦਾਦੂਵਾਲ ਨੇ ਕਿਹਾ ਕਿ ਬਾਦਲ ਪਰਿਵਾਰ ਦੇ ਰਾਜ ਵਿਚ ਬਰਗਾੜੀ ਅਤੇ ਹੋਰ ਬਹੁਤ ਥਾਵਾਂ 'ਤੇ ਗੁਰੂ ਗ੍ਰੰਥ ਸਾਹਿਬ ਸਮੇਤ ਹੋਰ ਧਾਰਮਕ ਗ੍ਰੰਥਾਂ ਜਿਵੇਂ ਕੁਰਾਨ ਅਤੇ ਗੀਤਾ ਦੀ ਵੀ ਸ਼ਰਾਰਤੀ ਲੋਕਾਂ ਵੱਲੋਂ ਬੇਅਦਬੀ ਕੀਤੀ ਗਈ ਪਰ ਤਤਕਾਲੀ ਅਕਾਲੀ ਸਰਕਾਰ ਨੇ ਉਨ੍ਹਾਂ ਵਿਰੁਧ ਕੋਈ ਕਾਰਵਾਈ ਕਰਨ ਦੀ ਥਾਂ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਇਲਾਵਾ ਇਨਸਾਫ਼ ਮੰਗਦੇ ਸਿੱਖਾਂ 'ਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਿਚ ਗੋਲੀਆਂ ਤੇ ਡਾਂਗਾਂ ਦਾ ਮੀਂਹ ਵਰ੍ਹਾ ਦਿੱਤਾ।
Baljit Singh Daduwal
ਜਥੇਦਾਰ ਦਾਦੂਵਾਲ ਨੇ ਕਿਹਾ ਕਿ ਸੌਦਾ ਸਾਧ ਨੂੰ ਮਾਫ਼ੀ ਦੇਣ ਦੇ ਫ਼ੈਸਲੇ ਨੂੰ ਸਹੀ ਸਾਬਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪਰਬੰਧਕ ਕਮੇਟੀ ਕੋਲੋਂ 95 ਲੱਖ ਦੇ ਇਸ਼ਹਿਤਾਰ ਦਿਵਾਏ ਗਏ। ਇਸੇ ਤਰ੍ਹਾਂ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੀਆਂ ਮਨਮਰਜੀਆਂ ਨਾਲ ਨਿਯੂਕਤੀਆਂ ਕਰ ਕੇ ਅਤੇ ਸ਼੍ਰੋਮਣੀ ਕਮੇਟੀ ਤੇ ਕਬਜ਼ਾ ਕਰ ਕੇ ਉਸ ਦੀ ਦੁਰਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਤੇ ਬਠਿੰਡਾ ਵਿਚ ਜਿੱਥੇ ਬਾਦਲ ਪਰਿਵਾਰ ਖੁਦ ਲੜ ਰਿਹੈ, ਇਨ੍ਹਾਂ ਦੀਆਂ ਜ਼ਮਾਨਤਾਂ ਜਬਤ ਕਰਵਾਈਆਂ ਜਾਣ। ਭਾਈ ਦਾਦੂਵਾਲ ਨੇ ਪੂਰੇ ਪੰਜਾਬ 'ਚ ਜਿਹੜਾ ਵੀ ਬਾਦਲਾਂ ਅਤੇ ਇਨ੍ਹਾਂ ਦੇ ਭਾਈਵਾਲਾਂ ਨੂੰ ਹਰਾਉਣ ਦੀ ਸਮਰੱਥਾ ਰੱਖਦਾ ਹੈ ਉਸ ਉਮੀਦਵਾਰ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।