
ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸਿੱਖ ਵਿਦਵਾਨਾਂ ਵੱਲੋਂ ਵਡਮੁੱਲੇ ਸੁਝਾਅ ਦਿੱਤੇ ਗਏ
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਉੱਘੇ ਸਿੱਖ ਵਿਦਵਾਨਾਂ ਨੂੰ ਸੁਝਾਅ ਦੇਣ ਲਈ ਸੱਦਾ ਦਿੱਤਾ ਗਿਆ ਸੀ। ਜਿਸ ਦੇ ਤਹਿਤ ਪੰਜਾਬ ਭਵਨ ਵਿਖੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਅਤੇ ਸ. ਚਰਨਜੀਤ ਸਿੰਘ ਚੰਨੀ ਨੇ ਸਿੱਖ ਵਿਦਵਾਨਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਡਾ. ਪ੍ਰਿਥੀਪਾਲ ਸਿੰਘ ਕਪੂਰ, ਡਾ. ਐਸ.ਪੀ. ਸਿੰਘ ਸਾਬਕਾ ਉਪ ਕੁਲਪਤੀ ਗੁਰ ਨਾਨਾਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਹਰਚਰਨ ਸਿੰਘ ਸਾਬਕਾ ਮੁੱਖ ਸਕੱਤਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਡਾ. ਸਵਰਾਜਬੀਰ ਸੰਪਾਦਕ ਪੰਜਾਬੀ ਟ੍ਰਿਬਿਊਨ, ਜਤਿੰਦਰਬੀਰ ਸਿੰਘ ਰੰਧਾਵਾ ਸਾਬਕਾ ਆਈ.ਏ.ਐਸ ਤੋਂ ਇਲਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਦਾ ਨੁਮਾਇੰਦਾ ਸ਼ਾਮਲ ਹੋਇਆ।
Guru Nanak Dev Ji
ਮੀਟਿੰਗ ਦੌਰਨ ਸਾਰੇ ਵਿਦਵਾਨਾਂ ਨੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਆਪਣੇ ਵਡਮੁੱਲੇ ਸੁਝਾਅ ਦਿੱਤੇ। ਸਿੱਖ ਵਿਦਵਾਨਾਂ ਨੇ ਕਿਹਾ ਕਿ ਸਰਕਾਰ ਵਲੋਂ ਮਨਾਏ ਜਾ ਰਹੇ ਸਮਾਗਮਾ ਵਿਚ ਹਰ ਇਕ ਨਾਨਕ ਨਾਮ ਲੇਵਾ ਨੂੰ ਹਿੱਸਾ ਬਣਾਇਆ ਜਾਵੇ। ਜਿਸ ਬਾਰੇ ਉਨ੍ਹਾਂ ਕਿਹਾ ਕਿ ਦੁਨੀਆਂ ਦੇ ਕਿਸੇ ਵੀ ਕੋਨੇ ਵਿਚ ਵਸੇ ਹੋਏ ਸ੍ਰੀ ਗੁਰੁ ਨਾਨਕ ਸਾਹਿਬ ਨਾਲ ਜੁੜੀ ਹੋਈ ਹਰ ਇੱਕ ਸੰਸਥਾ ਨੂੰ ਇੰਨਾਂ ਸਮਾਗਮਾਂ ਦੇ ਨਾਲ ਜੋੜਿਆ ਜਾਵੇ। ਇਸ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਪੂਰਨ ਪੰਥਕ ਰਵਾਇਤਾਂ ਅਨੁਸਾਰ ਮਨਾਏ ਜਾਣਗੇ।
Cabinet Ministers Randhawa and Channi meeting with Sikh scholars
ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਸਿੱਖ ਵਿਦਵਾਨਾਂ ਵਲੋਂ ਬਹੁਤ ਸਾਰੇ ਹੋਰ ਵੀ ਸੁਝਾਅ ਦਿੱਤੇ ਗਏ ਹਨ, ਜਿਨ੍ਹਾਂ ਬਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਨ੍ਹਾਂ ਬਾਰੇ ਵਿਸਥਾਰ ਨਾਲ ਰਿਪੋਰਟ ਪੇਸ਼ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਹ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰ ਕਰਕੇ ਵੱਖ ਵੱਖ ਪ੍ਰੋਜੈਕਟਾਂ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ। ਇਸ ਮੀਟਿੰਗ ਵਿਚ ਸਭਿਆਵਚਾਰਕ ਮਾਮਲਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਸਿੰਘ, ਡਾਇਰੈਕਟਰ ਮਾਲਵਿੰਦਰ ਸਿੰਘ ਜੱਗੀ, ਡਿਪਟੀ ਡਾਇਰੈਕਟਰ ਸੈਰ ਸਪਾਟਾ ਵਿਭਾਗ ਸੰਜੀਵ ਕੁਮਾਰ, ਗੁਰਦਰਸ਼ਨ ਸਿੰਘ ਬਾਹੀਆ ਅਤੇ ਭਗਵੰਤਪਾਲ ਸਿੰਘ ਸੱਚਰ ਵੀ ਮੌਜੂਦ ਸਨ।