
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿੱਖਾਂ ਨੂੰ ਇਕ ਇਕ ਪਾਵਨ ਸਰੂਪ ਦਾ ਹਿਸਾਬ ਦੇਣਾ ਪਵੇਗਾ- ਭਾਈ ਧਿਆਨ ਸਿੰਘ ਮੰਡ
ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸਿੱਖਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਚਲਦਿਆਂ ਵੱਖ-ਵੱਖ ਸਿੱਖ ਜਥੇਬੰਦੀਆਂ, ਧਾਰਮਿਕ ਸੰਸਥਾਵਾਂ ਅਤੇ ਸਿੱਖ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਦੋਸ਼ੀ ਪਾਏ ਗਏ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
SGPC
ਜਥੇਬੰਦੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ ਗੁੰਮ ਹੋਏ ਪਾਵਨ ਸਰੂਪਾਂ ਨੂੰ ਲੈ ਕੇ ਸਵਾਲ ਕਰ ਰਹੀਆਂ ਹਨ। ਇਸ ਦੌਰਾਨ ਜਥੇਦਾਰ ਭਾਈ ਧਿਆਨ ਸਿੰਘ ਮੰਡ ਦਾ ਕਹਿਣਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿੱਖਾਂ ਨੂੰ ਇਕ ਇਕ ਪਾਵਨ ਸਰੂਪ ਦਾ ਹਿਸਾਬ ਦੇਣਾ ਪਵੇਗਾ।
Bhai Dhian Singh Mand
ਉਹਨਾਂ ਕਿਹਾ ਕਿ ਜੇਕਰ ਕਮੇਟੀ ਅਜਿਹਾ ਨਹੀਂ ਕਰਦੀ ਤਾਂ ਉਸ ਨੂੰ ਸਿੱਖ ਸੰਗਤਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ। ਦੱਸ ਦਈਏ ਕਿ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਵੱਖ ਵੱਖ ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇਕੱਤਰਤਾ ਕੀਤੀ ਜਾ ਰਹੀ ਹੈ। ਇਹਨਾਂ ਜਥੇਬੰਦੀਆਂ ਵਿਚ ਦਲ ਖ਼ਾਲਸਾ ਅਕਾਲੀ ਦਲ ਅੰਮ੍ਰਿਤਸਰ ਅਕਾਲ ਫੈਡਰੇਸ਼ਨ ਅਤੇ ਹੋਰ ਸਿੱਖ ਜਥੇਬੰਦੀਆਂ ਸ਼ਾਮਲ ਹਨ।
SGPC
ਇਸ ਮੌਕੇ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਜਦੋਂ ਤਕ ਇਹਨਾਂ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲ ਜਾਂਦੀਆਂ ਉਹ ਸੰਘਰਸ਼ ਜਾਰੀ ਰੱਖਣਗੇ। ਇਸ ਦੌਰਾਨ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਕੰਵਰਪਾਲ ਸਿੰਘ ਬਿੱਟੂ ਬੁਲਾਰਾ ਦਲ ਖਾਲਸਾ ਆਦਿ ਮੌਜੂਦ ਸਨ।