
ਇਸ ਦੌਰਾਨ ਇਕ ਮਹਿਲਾ ਦੇ ਮਾਮੂਲੀ ਸੱਟਾਂ ਵੀ ਲੱਗੀਆਂ, ਜਿਸ ਨੂੰ ਹਸਪਤਾਲ ਲਿਜਾਇਆ ਗਿਆ
ਫਰੀਦਕੋਟ: ਜ਼ਿਲ੍ਹੇ ਦੀ ਜਰਮਨ ਕਲੋਨੀ ਵਿਚ ਸਥਿਤ ਗੁਰਦੁਆਰਾ ਸਾਹਿਬ ਦੀ ਕਮੇਟੀ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਜ਼ਬਰਦਸਤ ਹੰਗਾਮਾ ਦੇਖਣ ਨੂੰ ਮਿਲਿਆ ਹੈ। ਇਹ ਬਹਿਸ ਇੰਨੀ ਜ਼ਿਆਦਾ ਵਧ ਗਈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਤਲਵਾਰਾਂ ਚੱਲੀਆਂ, ਜਿਸ ਦੌਰਾਨ ਕਈ ਸਿੱਖਾਂ ਦੀਆਂ ਪੱਗਾਂ ਵੀ ਲਥ ਗਈਆਂ।
ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਦਰਅਸਲ ਜਦੋਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਚਰਚਾ ਚੱਲ ਰਹੀ ਸੀ ਕਿ ਗੁਰਦੁਆਰਾ ਸਾਹਿਬ ਦੀ ਮੌਜੂਦਾ ਕਮੇਟੀ ਅਤੇ ਸਾਬਕਾ ਕਮੇਟੀ ਦੇ ਮੈਂਬਰਾਂ ਵਿਚਾਲੇ ਤਕਰਾਰ ਹੋ ਗਈ, ਜੋ ਜਲਦੀ ਹੀ ਭਿਆਨਕ ਲੜਾਈ ਵਿਚ ਬਦਲ ਗਈ।ਇਸ ਦੌਰਾਨ ਇਕ ਮਹਿਲਾ ਦੇ ਮਾਮੂਲੀ ਸੱਟਾਂ ਵੀ ਲੱਗੀਆਂ, ਜਿਸ ਨੂੰ ਹਸਪਤਾਲ ਲਿਜਾਇਆ ਗਿਆ। ਪੁਲਿਸ ਵੱਲੋਂ ਦੋਹਾਂ ਧਿਰਾਂ ਦੇ ਬਿਆਨ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਮਾਮਲੇ ਵਿਚ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਮਾਮਲੇ 'ਚ ਜ਼ਖਮੀ ਔਰਤ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ 3 ਲੋਕਾਂ ਨੂੰ ਗ੍ਰਿਫਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਧਰ ਘਟਨਾ ਦੀ ਵਾਇਰਲ ਵੀਡੀਓ 'ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੁਰੰਤ ਜਾਂਚ ਕਰਨ ਦੇ ਹੁਕਮ ਦਿੱਤੇ ਹਨ।