
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵੀ ਰਹੇ ਮੌਜੂਦ
ਨਵੀਂ ਦਿੱਲੀ:ਕੇਂਦਰੀ ਮੰਤਰੀ ਨਿਤਿਨ ਗਡਕਰੀ ਅੱਜ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਸਣੇ ਕਈ ਆਗੂ ਮੌਜੂਦ ਰਹੇ। ਇਸ ਦੌਰਾਨ ਉਨ੍ਹਾਂ ਵਲੋਂ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਮੁਫ਼ਤ ਕੈਂਸਰ ਕੇਅਰ ਅਤੇ ਅੱਖਾਂ ਦੇ ਚੈੱਕਅਪ ਕੈਂਪ ਦਾ ਉਦਘਾਟਨ ਕੀਤਾ ਗਿਆ।
Union Minister Nitin Gadkari visits Gurudwara Rakab Ganj Sahib
ਇਸ ਤੋਂ ਇਲਾਵਾ ਉਨ੍ਹਾਂ ਨੇ ਕੈਂਸਰ ਦੀ ਮੁਫ਼ਤ ਜਾਂਚ ਕਰਨ ਵਾਲੀਆਂ ਬੱਸਾਂ ਨੂੰ ਵੀ ਰਵਾਨਾ ਕੀਤਾ। ਨਿਤਿਨ ਗਡਕਰੀ ਨੇ ਕਿਹਾ ਦੁਨੀਆਂ ਭਰ ਵਿਚ ਕੈਂਸਰ ਦੀ ਬੀਮਾਰੀ ਫੈਲੀ ਹੋਈ ਹੈ ਅਤੇ ਗੁਰਦੁਆਰਾ ਸਾਹਿਬ ਦੀ ਪਵਿੱਤਰ ਧਰਤੀ ਤੋਂ ਇਸ ਦੀ ਜਾਂਚ ਦੀ ਸ਼ੁਰੂਆਤ ਹੋਈ ਹੈ। ਉਨ੍ਹਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਬੀਮਾਰੀ ਦਾ ਇਲਾਜ ਤਾਂ ਹੀ ਹੋ ਸਕਦਾ ਹੈ ਜੇਕਰ ਸਾਨੂੰ ਸ਼ੁਰੂਆਤੀ ਦੌਰ ਵਿਚ ਹੀ ਬੀਮਾਰੀ ਬਾਰੇ ਪਤਾ ਲੱਗ ਜਾਵੇ। ਇਸ ਲਈ ਸੱਭ ਤੋਂ ਪਹਿਲਾਂ ਮੁਫ਼ਤ ਕੈਂਸਰ ਜਾਂਚ ਦੀ ਸਹੂਲਤ ਦੇਣਾ ਸ਼ਲਾਘਾਯੋਗ ਕਦਮ ਹੈ। ਇਸ ਬੀਮਾਰੀ ਨੇ ਅਨੇਕਾਂ ਜ਼ਿੰਦਗੀਆਂ ਬਰਬਾਦ ਕੀਤੀਆਂ ਹਨ, ਸਾਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗ਼ਰੀਬਾਂ ਦੇ ਸੇਵਾ ਕਰਨਾ ਰੱਬ ਦੀ ਸੇਵਾ ਦੇ ਬਰਾਬਰ ਹੈ।
Union Minister Nitin Gadkari visits Gurudwara Rakab Ganj Sahib
ਕੇਂਦਰੀ ਮੰਤਰੀ ਨੇ ਦਸਿਆ ਕਿ ਉਨ੍ਹਾਂ ਨੇ ਹੁਣ ਤਕ 40 ਹਜ਼ਾਰ ਮੁਫ਼ਤ ਦਿਲ ਦੀਆਂ ਸਰਜਰੀਆਂ ਕਰਵਾਈਆਂ ਹਨ। ਇਸ ਤੋਂ ਇਲਾਵਾ ਹਜ਼ਾਰਾਂ ਲੋਕਾਂ ਨੂੰ ਐਨਕਾਂ ਅਤੇ ਸੁਣਨ ਵਾਲੀਆਂ ਮਸ਼ੀਨਾਂ ਵੀ ਮੁਫ਼ਤ ਮੁਹਈਆ ਕਰਵਾਈਆਂ ਹਨ। ਨਿਤਿਨ ਗਡਕਰੀ ਨੇ ਕਿਹਾ ਕਿ ਰਸਾਇਣਕ ਖਾਦਾਂ ਅਤੇ ਕੀਟਨਾਸ਼ਕਾਂ ਕਾਰਨ ਬਹੁਤ ਨੁਕਸਾਨ ਹੁੰਦਾ ਹੈ, ਕਿਸਾਨਾਂ ਨੂੰ ਇਸ ਦੀ ਵਰਤੋਂ ਬੰਦ ਕਰਨੀ ਚਾਹੀਦੀ ਹੈ।
Union Minister Nitin Gadkari visits Gurudwara Rakab Ganj Sahib
ਨਿਤਿਨ ਗਡਕਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦੇਸ਼ ਅਤੇ ਸਮਾਜ ਲਈ ਅਪਣਾ ਸਰਬੰਸ ਵਾਰ ਦਿਤਾ। ਸਾਨੂੰ ਇਸ ਇਤਿਹਾਸ ਤੋਂ ਸੇਧ ਲੈ ਕੇ ਲੋਕ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ। ਦੱਸ ਦੇਈਏ ਕਿ ਇਹ ਕੈਂਪ ਗਲੋਬਲ ਪੰਜਾਬੀ ਐਸੋਸੀਏਸ਼ਨ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਗਲੋਬਲ ਪੰਜਾਬੀ ਐਸੋਸੀਏਸ਼ਨ ਹੁਣ ਤਕ 400 ਕੈਂਸਰ ਡਿਟੈਂਸ਼ਨ ਕੈਂਪ ਲਗਾ ਚੁੱਕੀ ਹੈ ਅਤੇ ਇਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਤ ਉਨ੍ਹਾਂ ਦਾ 400ਵਾਂ ਕੈਂਪ ਸੀ।