
ਗੁਰ ਅਸਥਾਨਾਂ ਲਈ 10 ਕਰੋੜ ਜਾਰੀ ਕਰਨ ਲਈ ਕੀਤਾ ਧਨਵਾਦ
ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦਵਾਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੂੰ ਸੱਦਾ ਦਿਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਗੁਜਰਾਤ ਨੂੰ ਨਿਜੀ ਤੌਰ 'ਤੇ ਮਿਲ ਕੇ ਸ਼ਤਾਬਦੀ ਸਮਾਗਮਾਂ 'ਚ ਸ਼ਾਮਲ ਹੋਣ ਲਈ ਕਿਹਾ।
Gurupurb
ਇਸੇ ਦੌਰਾਨ ਭਾਈ ਲੌਂਗੋਵਾਲ ਨੇ ਵਿਜੇ ਰੁਪਾਨੀ ਦਾ ਗੁਜਰਾਤ 'ਚ ਪੈਂਦੇ ਪਹਿਲੇ ਪਾਤਸ਼ਾਹ ਜੀ ਦੇ ਅਸਥਾਨ ਗੁਰਦੁਆਰਾ ਲਖਪਤ ਰਾਏ ਅਤੇ ਬੇਟ ਦਵਾਰਕਾ 'ਚ ਭਾਈ ਮੋਹਕਮ ਸਿੰਘ ਜੀ ਦੇ ਅਸਥਾਨ ਲਈ 10 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ 'ਤੇ ਧਨਵਾਦ ਕੀਤਾ। ਭਾਈ ਲੌਂਗੋਵਾਲ ਨੇ ਕਿਹਾ ਕਿ ਗੁਜਰਾਤ ਸਰਕਾਰ ਵਲੋਂ ਸਿੱਖ ਅਸਥਾਨਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ। ਉਨ੍ਹਾਂ ਮੁੱਖ ਮੰਤਰੀ ਪਾਸੋਂ ਸਿੱਖ ਮਿਸ਼ਨ ਗੁਜਰਾਤ ਲਈ ਥਾਂ ਦੀ ਮੰਗ ਵੀ ਕੀਤੀ।
Bhai Gobind Singh Longowal
ਇਸ ਮਿਲਣੀ ਮੌਕੇ ਵਿਜੇ ਰੁਪਾਨੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਲਈ ਸਿੱਖ ਜਗਤ ਨੂੰ ਵਧਾਈ ਦਿੱਤੀ ਅਤੇ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸ਼ਮੂਲੀਅਤ ਲਈ ਹਾਮੀ ਭਰੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਰੁਪਾਨੀ ਨੂੰ ਸਨਮਾਨਤ ਵੀ ਕੀਤਾ।