
ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਹੈ ਕਿ ਆਰ.ਐਸ.ਐਸ ਸਿੱਖ ਵਿਰੋਧੀ ਸੰਸਥਾ ਹੈ..........
ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਹੈ ਕਿ ਆਰ.ਐਸ.ਐਸ ਸਿੱਖ ਵਿਰੋਧੀ ਸੰਸਥਾ ਹੈ, ਇਸ ਲਈ ਕੋਈ ਵੀ ਸਿੱਖ ਇਸ ਨਾਲ ਅਪਣਾ ਜਾਤੀ, ਜਮਾਤੀ ਕੋਈ ਰਿਸ਼ਤਾ ਨਾ ਰੱਖੇ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਆਰ.ਐਸ.ਐਸ ਵਰਗੀਆਂ ਪੰਥ ਵਿਰੋਧੀ ਸ਼ਕਤੀਆਂ ਨੂੰ ਤਖ਼ਤ ਸ੍ਰੀ ਹਜੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧ ਉਤੇ ਕਬਜ਼ਾ ਕਰਨ ਦੀ ਸਾਜ਼ਸ਼ ਨੂੰ ਕਾਮਯਾਬ ਨਹੀਂ ਹੋਣ ਦਿਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇਂ ਸਮੇਂ ਤੋਂ ਬੋਰਡ ਤਖ਼ਤ ਸ੍ਰੀ ਹਜੂਰ ਸਾਹਿਬ ਅਤੇ ਬੋਰਡ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਪ੍ਰਬੰਧ ਵਿਚ ਕੇਂਦਰ ਸਰਕਾਰ ਵਲੋਂ ਸਰਕਾਰੀ ਨਾਮਜ਼ਦ ਕੀਤੇ ਜਾਣ
ਵਾਲੇ ਮੈਂਬਰਾਂ ਦੀ ਗਿਣਤੀ ਵਧਾਈ ਜਾ ਰਹੀ ਹੈ ਤਾਕਿ ਇਨ੍ਹਾਂ ਦੇ ਪ੍ਰਬੰਧ 'ਤੇ ਅਪਣੇ ਹੱਥ ਠੋਕਿਆਂ ਦਾ ਕਬਜ਼ਾ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਖ਼ਾਲਸਾ ਪੰਥ ਦੇ ਅੰਦਰੂਨੀ ਮਾਮਲਿਆਂ ਵਿਚ ਸਿੱਧੀ ਦਖ਼ਲ-ਅੰਦਾਜ਼ੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਚਾਹੀਦਾ ਹੈ ਕਿ ਉਹ ਜਾਂ ਤਾਂ ਭਾਜਪਾ ਨਾਲੋਂ ਅਪਣਾ ਨਾਤਾ ਤੋੜੇ ਜਾਂ ਫਿਰ ਭਾਜਪਾ ਵਲੋਂ ਗੁਰਦੁਆਰਾ ਪ੍ਰਬੰਧ ਉਤੇ ਕਬਜ਼ੇ ਕਰਨ ਦੇ ਮਨਸੂਬਿਆਂ ਨੂੰ ਰੋਕਣ ਦਾ ਯਤਨ ਕਰੇ।