
ਦਰਬਾਰ ਸਾਹਿਬ ਦਾ ਚੌਗਿਰਦਾ ਸੁੰਦਰ ਬਣਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ ਸ੍ਰੀ ਗੁਰੂ ਰਾਮਦਾਸ ਲੰਗਰ ਦੇ ਵਿਚਕਾਰ ਸਥਿਤ...........
ਅੰਮ੍ਰਿਤਸਰ : ਦਰਬਾਰ ਸਾਹਿਬ ਦਾ ਚੌਗਿਰਦਾ ਸੁੰਦਰ ਬਣਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ ਸ੍ਰੀ ਗੁਰੂ ਰਾਮਦਾਸ ਲੰਗਰ ਦੇ ਵਿਚਕਾਰ ਸਥਿਤ ਪਾਰਕਾਂ ਨੂੰ ਨਵਿਆਉਣ ਦੇ ਕੰਮ ਦੀ ਸ਼ੁਰੂਆਤ ਅਰਦਾਸ ਉਪ੍ਰੰਤ ਕੀਤੀ ਗਈ। ਇਸ ਕਾਰਜ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ। ਇਸ ਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ। ਬੀਤੇ ਕੱਲ੍ਹ ਪਾਰਕਾਂ ਨੂੰ ਨਵਿਆਉਣ ਦਾ ਕਾਰਜ ਸ਼ੁਰੂ ਕਰਨ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਸਮੇਂ ਦੀ ਵੱਡੀ ਲੋੜ ਹੈ
ਅਤੇ ਸ਼੍ਰੋਮਣੀ ਕਮੇਟੀ ਇਸ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਹੈ। ਇਤਿਹਾਸਕ ਅਸਥਾਨ ਗੁ ਸ੍ਰੀ ਮੰਜੀ ਸਾਹਿਬ ਅਤੇ ਸ੍ਰੀ ਗੁਰੂ ਰਾਮਦਾਸ ਲੰਗਰ ਦੇ ਵਿਚਕਾਰ ਇਨ੍ਹਾਂ ਪਾਰਕਾਂ ਨੂੰ ਸੰਗਤਾਂ ਲਈ ਪ੍ਰੇਰਣਾ ਦੇ ਰੂਪ ਵਿਚ ਪੇਸ਼ ਕੀਤਾ ਜਾਵੇਗਾ, ਤਾਂ ਜੋ ਸੰਗਤਾਂ ਵਾਤਾਵਰਣ ਦੀ ਸਾਂਭ-ਸੰਭਾਲ ਪ੍ਰਤੀ ਇਥੋਂ ਸੇਧ ਲੈ ਕੇ ਜਾਣ। ਇਨ੍ਹਾਂ ਪਾਰਕਾਂ ਵਿਚ ਵਿਸ਼ੇਸ਼ ਕਿਸਮ ਦੇ ਫੁੱਲਾਂ ਦੇ ਨਾਲ-ਨਾਲ ਵਾਤਾਵਰਣ ਦੀ ਸ਼ੁੱਧਤਾ ਵਾਲੇ ਪੌਦੇ ਵੀ ਲਗਾਏ ਜਾਣਗੇ। ਭਾਈ ਲੌਂਗੋਵਾਲ ਨੇ ਆਸ ਪ੍ਰਗਟ ਕੀਤੀ ਕਿ ਇਨ੍ਹਾਂ ਪਾਰਕਾਂ ਨੂੰ ਨਵਿਆਉਣ ਦਾ ਕਾਰਜ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੱਕ ਮੁਕੰਮਲ ਹੋ ਜਾਵੇਗਾ।