
ਦਮਦਮੀ ਟਕਸਾਲ ਦੇ ਮੁਖੀ ਗਿਆਨੀ ਰਾਮ ਸਿੰਘ ਖ਼ਾਲਸਾ ਨੇ ਕਿਹਾ ਹੈ ਕਿ ਪੰਥ ਬਿਨਾਂ ਦੇਰੀ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੰਥ ਰਤਨ..............
ਤਰਨਤਾਰਨ : ਦਮਦਮੀ ਟਕਸਾਲ ਦੇ ਮੁਖੀ ਗਿਆਨੀ ਰਾਮ ਸਿੰਘ ਖ਼ਾਲਸਾ ਨੇ ਕਿਹਾ ਹੈ ਕਿ ਪੰਥ ਬਿਨਾਂ ਦੇਰੀ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੰਥ ਰਤਨ ਅਤੇ ਫ਼ਖ਼ਰ-ਏ-ਕੌਮ ਦਾ ਸਨਮਾਨ ਵਾਪਸ ਲਏ ਜੋ ਅਕਾਲ ਤਖ਼ਤ ਸਾਹਿਬ 'ਤੇ ਕਾਬਜ਼ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਜੀ ਹਜ਼ੂਰੀ ਕਰਦਿਆਂ ਬਾਦਲ ਨੂੰ ਦਿਤਾ ਸੀ। ਅੱਜ ਪੱਤਰਕਾਰਾਂ ਨਾਲ ਗੱਲ ਕਰਦਿਆਂ ਗਿਆਨੀ ਰਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰੀਪੋਰਟ ਤੋਂ ਸਪਸ਼ਟ ਹੋ ਗਿਆ ਹੈ ਕਿ ਇਸ ਵਿਅਕਤੀ ਨੇ ਪੰਥ ਦਾ ਕਿੰਨਾ ਨੁਕਸਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ 1978 ਦੇ ਸਿੱਖ ਨਿਰੰਕਾਰੀ ਕਾਂਡ ਦੇ ਦੋਸ਼ੀਆਂ ਨੂੰ ਬਾਹਿਫ਼ਾਜ਼ਤ ਪੰਜਾਬ ਤੋਂ ਬਾਹਰ ਲੈ ਕੇ ਜਾਣ ਵਿਚ ਵੀ ਪ੍ਰਕਾਸ਼ ਸਿੰਘ ਬਾਦਲ ਦੀ ਅਹਿਮ ਭੂਮਿਕਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਵਧ ਦੁਖਦਾਈ ਗੱਲ ਹੋਰ ਕੀ ਹੋ ਸਕਦੀ ਹੈ ਕਿ 10 ਸਾਲ ਤਕ ਲਗਾਤਾਰ ਪੰਜਾਬ ਵਿਚ ਰਾਜ ਕਰਨ ਵਾਲੇ ਅਕਾਲੀ ਦਲ ਨੇ ਜੇਲਾਂ ਵਿਚ ਨਜ਼ਰਬੰਦ ਇਕ ਵੀ ਸਿੱਖ ਨੂੰ ਰਿਹਾਅ ਕਰਵਾਉਣ ਵਿਚ ਕੋਈ ਰੋਲ ਅਦਾ ਨਹੀਂ ਕੀਤਾ।