
ਮੇਘਾਲਿਆ ਵਿਚ ਸਿੱਖਾਂ ਦੀ ਸਥਿਤੀ ਨੂੰ ਲੈ ਕੇ ਰਾਸ਼ਟਰੀ ਸਿੱਖ ਸੰਗਤ ਦੇ ਇਕ ਵਫ਼ਦ ਨੇ ਮੁੱਖ ਮੰਤਰੀ ਸੀ. ਸੰਗਮਾ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ਵਿਖੇ ...
ਨਵੀਂ ਦਿੱਲੀ, ਮੇਘਾਲਿਆ ਵਿਚ ਸਿੱਖਾਂ ਦੀ ਸਥਿਤੀ ਨੂੰ ਲੈ ਕੇ ਰਾਸ਼ਟਰੀ ਸਿੱਖ ਸੰਗਤ ਦੇ ਇਕ ਵਫ਼ਦ ਨੇ ਮੁੱਖ ਮੰਤਰੀ ਸੀ. ਸੰਗਮਾ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ਵਿਖੇ ਮੁਲਾਕਾਤ ਕਰ ਕੇ ਮੰਗ ਕੀਤੀ ਕਿ ਮੇਘਾਲਿਆ ਵਿਚ ਸਿੱਖਾਂ ਦੀਆਂ ਸਮੱਸਿਆਵਾਂ ਦਾ ਪੱਕਾ ਹੱਲ ਲਭਿਆ ਜਾਵੇ। ਕੌਮੀ ਪ੍ਰਧਾਨ ਸ. ਗੁਰਚਰਨ ਸਿੰਘ ਗਿੱਲ ਦੀ ਅਗਵਾਈ ਵਾਲੇ ਇਸ ਵਫ਼ਦ ਵਿਚ ਆਰਐਸਐਸ ਦੇ ਕੌਮੀ ਮੀਤ ਪ੍ਰਧਾਨ ਸ. ਦਵਿੰਦਰ ਸਿੰਘ ਗੁਜਰਾਲ, ਕੌਮੀ ਜਨਰਲ ਸਕੱਤਰ ਡਾ. ਅਵਤਾਰ ਸਿੰਘ ਸ਼ਾਸਤਰੀ ਅਤੇ ਸ. ਦਵਿੰਦਰ ਸਿੰਘ ਸਾਹਨੀ ਆਦਿ ਸ਼ਾਮਲ ਸਨ। ਵਫ਼ਦ ਨੇ ਮੰਗ ਕੀਤੀ ਕਿ ਮੇਘਾਲਿਆ ਵਿਚ ਚਲ ਰਹੇ ਤਣਾਅ ਨੂੰ ਦੂਰ ਕੀਤਾ ਜਾਵੇ ਤਾਕਿ ਉਥੇ ਲੰਮੇਂ
ਸਮੇਂ ਤੋਂ ਰਹਿ ਰਹੇ ਸਿੱਖਾਂ ਨੂੰ ਮਾਣ ਮਹਿਸੂਸ ਹੋਵੇ। ਸੰਗਮਾ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਇਸ ਸਮੱਸਿਆ ਬਾਰੇ ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਪੱਕਾ ਹੱਲ ਕਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੇਘਾਲਿਆ ਦਾ ਕੋਈ ਵੀ ਨਿਵਾਸੀ ਸੱਭ ਤੋਂ ਪਹਿਲਾਂ ਭਾਰਤੀ ਹੈ ਅਤੇ ਉਸ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ। ਉਨ੍ਹਾਂ ਕਿਹਾ ਕਿ ਉਹ ਸਿੱਖਾਂ ਨੂੰ ਭਰੋਸਾ ਦਿੰਦੇ ਹਨ ਕਿ ਮੇਘਾਲਿਆ ਵਿਚ ਸਿੱਖਾਂ ਦੇ ਹਿਤਾਂ ਦੀ ਰਖਿਆ, ਉਨ੍ਹਾਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੇ ਸਨਮਾਨ ਦਾ ਪੂਰਾ ਧਿਆਨ ਰਖਿਆ ਜਾਵੇਗਾ।