
ਰਾਮਕਲੀ ਮਹਲਾ ੧ ਦਖਣੀ ਓਅੰਕਾਰੁ
ਰਾਮਕਲੀ ਮਹਲਾ ੧ ਦਖਣੀ ਓਅੰਕਾਰੁ
ੴ ਸਤਿਗੁਰ ਪ੍ਰਸਾਦਿ ॥
ਲਾਜ ਮਰੰਤੀ ਮਰਿ ਗਈ ਘੂਘਟੁ ਖੋਲਿ ਚਲੀ ॥
ਸਾਸੁ ਦਿਵਾਨੀ ਬਾਵਰੀ ਸਿਰ ਤੇ ਸੰਕ ਟਲੀ ॥
ਪ੍ਰੇਮਿ ਬੁਲਾਈ ਰਲੀ ਸਿਉ ਮਨ ਮਹਿ ਸਬਦੁ ਅਨੰਦੁ ॥
ਲਾਲਿ ਰਤੀ ਲਾਲੀ ਭਈ ਗੁਰਮੁਖਿ ਭਈ ਨਿਚਿੰਦੁ ॥੧੨॥
ਲਾਹਾ ਨਾਮੁ ਰਤਨੁ ਜਪਿ ਸਾਰੁ ॥
ਲਬੁ ਲੋਭੁ ਬੁਰਾ ਅਹੰਕਾਰੁ ॥
ਲਾੜੀ ਚਾੜੀ ਲਾਇਤਬਾਰੁ ॥
ਮਨਮੁਖੁ ਅੰਧਾ ਮੁਗਧੁ ਗਵਾਰੁ ॥
ਲਾਹੇ ਕਾਰਣਿ ਆਇਆ ਜਗਿ ॥
ਹੋਇ ਮਜੂਰੁ ਗਇਆ ਠਗਾਇ ਠਗਿ ॥
ਲਾਹਾ ਨਾਮੁ ਪੂੰਜੀ ਵੇਸਾਹੁ ॥
ਨਾਨਕ ਸਚੀ ਪਤਿ ਸਚਾ ਪਾਤਿਸਾਹੁ ॥੧੩॥
ਆਇ ਵਿਗੂਤਾ ਜਗੁ ਜਮ ਪੰਥੁ ॥
ਆਈ ਨ ਮੇਟਣ ਕੋ ਸਮਰਥੁ ॥
ਆਥਿ ਸੈਲ ਨੀਚ ਘਰਿ ਹੋਇ ॥
ਆਥਿ ਦੇਖਿ ਨਿਵੈ ਜਿਸੁ ਦੋਇ ॥
ਆਥਿ ਹੋਇ ਤਾ ਮੁਗਧੁ ਸਿਆਨਾ ॥
ਭਗਤਿ ਬਿਹੂਨਾ ਜਗੁ ਬਉਰਾਨਾ ॥
ਸਭ ਮਹਿ ਵਰਤੈ ਏਕੋ ਸੋਇ ॥
ਜਿਸ ਨੋ ਕਿਰਪਾ ਕਰੇ ਤਿਸੁ ਪਰਗਟੁ ਹੋਇ ॥੧੪॥
ਜੁਗਿ ਜੁਗਿ ਥਾਪਿ ਸਦਾ ਨਿਰਵੈਰੁ ॥
ਜਨਮਿ ਮਰਣਿ ਨਹੀ ਧੰਧਾ ਧੈਰੁ ॥
ਜੋ ਦੀਸੈ ਸੋ ਆਪੇ ਆਪਿ ॥
ਆਪਿ ਉਪਾਇ ਆਪੇ ਘਟ ਥਾਪਿ ॥
ਆਪਿ ਅਗੋਚਰੁ ਧੰਧੈ ਲੋਈ ॥
ਜੋਗ ਜੁਗਤਿ ਜਗਜੀਵਨੁ ਸੋਈ ॥
ਕਰਿ ਆਚਾਰੁ ਸਚੁ ਸੁਖੁ ਹੋਈ ॥
ਨਾਮ ਵਿਹੂਣਾ ਮੁਕਤਿ ਕਿਵ ਹੋਈ ॥੧੫॥
ਵਿਣੁ ਨਾਵੈ ਵੇਰੋਧੁ ਸਰੀਰ ॥
ਕਿਉ ਨ ਮਿਲਹਿ ਕਾਟਹਿ ਮਨ ਪੀਰ ॥
ਵਾਟ ਵਟਾਊ ਆਵੈ ਜਾਇ ॥
ਕਿਆ ਲੇ ਆਇਆ ਕਿਆ ਪਲੈ ਪਾਇ ॥
ਵਿਣੁ ਨਾਵੈ ਤੋਟਾ ਸਭ ਥਾਇ ॥
ਲਾਹਾ ਮਿਲੈ ਜਾ ਦੇਇ ਬੁਝਾਇ ॥
ਵਣਜੁ ਵਾਪਾਰੁ ਵਣਜੈ ਵਾਪਾਰੀ ॥
ਵਿਣੁ ਨਾਵੈ ਕੈਸੀ ਪਤਿ ਸਾਰੀ ॥੧੬॥
ਸੋਮਵਾਰ, ੮ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੯੩੧)
ਰਾਮਕਲੀ ਮਹਲਾ ੧ ਦਖਣੀ ਓਅੰਕਾਰੁ
ੴ ਸਤਿਗੁਰ ਪ੍ਰਸਾਦਿ ॥
(ਹੇ ਪਾਂਡੇ!) ਜੋ ਜੀਵ-ਇਸਤ੍ਰੀ ਗੁਰੂ ਦੀ ਸਰਨ ਆਉਂਦੀ ਹੈ ਉਸ ਨੂੰ ਦੁਨੀਆ ਵਾਲੀ ਕੋਈ ਚਿੰਤਾ ਪੋਹ ਨਹੀਂ ਸਕਦੀ, ਪ੍ਰੀਤਮ-ਪਤੀ (ਦੇ ਪ੍ਰੇਮ) ਵਿਚ ਰੰਗੀ ਹੋਈ ਦੇ ਮੂੰਹ ਉਤੇ ਲਾਲੀ ਭਖ ਆਉਂਦੀ ਹੈ । ਉਸ ਨੂੰ ਪ੍ਰਭੂ-ਪਤੀ ਪਿਆਰ ਤੇ ਚਾਉ ਨਾਲ ਸੱਦਦਾ ਹੈ (ਭਾਵ, ਆਪਣੀ ਯਾਦ ਦੀ ਖਿੱਚ ਬਖ਼ਸ਼ਦਾ ਹੈ), ਉਸ ਦੇ ਮਨ ਵਿਚ (ਸਤਿਗੁਰੂ ਦਾ) ਸ਼ਬਦ (ਆ ਵੱਸਦਾ ਹੈ, ਉਸ ਦੇ ਮਨ ਵਿਚ) ਆਨੰਦ (ਟਿਕਿਆ ਰਹਿੰਦਾ) ਹੈ ।
(ਗੁਰੂ ਦੀ ਸਰਨ ਪੈ ਕੇ) ਦੁਨੀਆ ਦੇ ਨੱਕ-ਨਮੂਜ ਦਾ ਸਦਾ ਧਿਆਨ ਰੱਖਣ ਵਾਲੀ (ਉਸ ਦੀ ਪਹਿਲੀ ਅਕਲ) ਮੁੱਕ ਜਾਂਦੀ ਹੈ, ਹੁਣ ਉਹ ਲੋਕ-ਲਾਜ ਦਾ ਘੁੰਡ ਲਾਹ ਕੇ ਤੁਰਦੀ ਹੈ; (ਜਿਸ ਮਾਇਆ ਨੇ ਉਸ ਨੂੰ ਪਤੀ-ਪ੍ਰਭੂ ਵਿਚ ਜੁੜਨ ਤੋਂ ਰੋਕਿਆ ਹੋਇਆ ਸੀ, ਉਸ) ਝੱਲੀ ਕਮਲੀ ਮਾਇਆ ਦਾ ਸਹਿਮ ਉਸ ਦੇ ਸਿਰ ਤੋਂ ਹਟ ਜਾਂਦਾ ਹੈ ।੧੨। (ਹੇ ਪਾਂਡੇ! ਪਰਮਾਤਮਾ ਦਾ) ਸ੍ਰੇਸ਼ਟ ਨਾਮ ਜਪ, ਸ੍ਰੇਸ਼ਟ ਨਾਮ ਹੀ ਅਸਲ ਖੱਟੀ-ਕਮਾਈ ਹੈ । ਜੀਭ ਦਾ ਚਸਕਾ, ਮਾਇਆ ਦਾ ਲਾਲਚ, ਅਹੰਕਾਰ, ਨਿੰਦਿਆ, ਖ਼ੁਸ਼ਾਮਦ, ਚੁਗ਼ਲੀ—ਇਹ ਹਰੇਕ ਕੰਮ ਮਾੜਾ ਹੈ ।
Darbar Sahib
ਜੋ ਮਨੁੱਖ (ਪਰਮਾਤਮਾ ਦਾ ਸਿਮਰਨ ਛੱਡ ਕੇ) ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਲਬ ਲੋਭ ਆਦਿਕ ਕਰਦਾ ਹੈ) ਉਹ ਮੂਰਖ, ਮੂੜ੍ਹ, ਤੇ ਅੰਨ੍ਹਾ ਹੈ (ਭਾਵ, ਉਸ ਨੂੰ ਜੀਵਨ ਦਾ ਸਹੀ ਰਾਹ ਨਹੀਂ ਦਿੱਸਦਾ)। ਜੀਵ ਜਗਤ ਵਿਚ ਕੁਝ ਖੱਟਣ ਦੀ ਖ਼ਾਤਰ ਆਉਂਦਾ ਹੈ, ਪਰ (ਮਾਇਆ ਦਾ) ਗੋੱਲਾ ਬਣ ਕੇ ਮੋਹ ਦੇ ਹੱਥੋਂ ਜੀਵਨ-ਖੇਡ ਹਾਰ ਕੇ ਜਾਂਦਾ ਹੈ । ਹੇ ਨਾਨਕ! ਜੋ ਮਨੁੱਖ ਸਰਧਾ ਨੂੰ ਰਾਸ-ਪੂੰਜੀ ਬਣਾਂਦਾ ਹੈ ਤੇ (ਇਸ ਪੂੰਜੀ ਦੀ ਰਾਹੀਂ) ਪਰਮਾਤਮਾ ਦਾ ਨਾਮ ਖੱਟਦਾ-ਕਮਾਂਦਾ ਹੈ, ਉਸ ਨੂੰ ਸਦਾ-ਥਿਰ ਪਾਤਿਸ਼ਾਹ ਸਦਾ ਟਿਕੀ ਰਹਿਣ ਵਾਲੀ ਇੱਜ਼ਤ ਬਖ਼ਸ਼ਦਾ ਹੈ ।੧੩।
ਹੇ ਪਾਂਡੇ! ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਲਿਖ) ਉਹ (ਗੋਪਾਲ) ਆਪ ਹੀ ਸਭ ਜੀਵਾਂ ਵਿਚ ਮੌਜੂਦ ਹੈ, ਪਰ ਇਹ ਸੂਝ ਉਸ ਮਨੁੱਖ ਨੂੰ ਆਉਂਦੀ ਹੈ ਜਿਸ ਉਤੇ (ਗੋਪਾਲ ਆਪ) ਕਿਰਪਾ ਕਰਦਾ ਹੈ । (ਗੋਪਾਲ ਦੀ) ਭਗਤੀ ਤੋਂ ਬਿਨਾ ਜਗਤ (ਮਾਇਆ ਪਿੱਛੇ) ਝੱਲਾ ਹੋ ਰਿਹਾ ਹੈ । ਜੀਵ (ਸੰਸਾਰ ਵਿਚ) ਜਨਮ ਲੈ ਕੇ (ਗੋਪਾਲ ਦੀ ਭਗਤੀ ਦੇ ਥਾਂ ਮਾਇਆ ਦੀ ਖ਼ਾਤਰ) ਖ਼ੁਆਰ ਹੁੰਦਾ ਹੈ, ਮਾਇਆ ਦੀ ਤ੍ਰਿਸ਼ਨਾ ਨੂੰ ਮਿਟਾਣ-ਜੋਗਾ ਨਹੀਂ ਹੁੰਦਾ ਤੇ ਆਤਮਕ ਮੌਤ ਦਾ ਰਾਹ ਫੜ ਲੈਂਦਾ ਹੈ । (ਜਗਤ ਦਾ ਝੱਲ-ਪੁਣਾ ਵੇਖੋ ਕਿ) ਜੇ ਬਹੁਤੀ ਮਾਇਆ ਕਿਸੇ ਚੰਦਰੇ ਮਨੁੱਖ ਦੇ ਘਰ ਵਿਚ ਹੋਵੇ ਤਾਂ ਉਸ ਦੀ ਮਾਇਆ ਨੂੰ ਵੇਖ ਕੇ (ਗਰੀਬ ਅਮੀਰ) ਦੋਵੇਂ (ਉਸ ਚੰਦਰੇ ਅੱਗੇ ਭੀ) ਲਿਫ਼ਦੇ ਹਨ; ਜੇ ਮਾਇਆ (ਪੱਲੇ) ਹੋਵੇ ਤਾਂ ਮੂਰਖ ਬੰਦਾ ਭੀ ਸਿਆਣਾ (ਮੰਨਿਆ ਜਾਂਦਾ) ਹੈ ।੧੪।
Darbar Sahib
ਹੇ ਪਾਂਡੇ! ਉਸ ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਤੇ ਲਿਖ) ਜੋ ਸਦਾ ਹੀ (ਬਹੁ-ਰੰਗੀ ਦੁਨੀਆ) ਪੈਦਾ ਕਰ ਕੇ ਆਪ ਨਿਰਵੈਰ ਰਹਿੰਦਾ ਹੈ, ਜੋ ਜਨਮ ਮਰਨ ਵਿਚ ਨਹੀਂ ਹੈ ਤੇ (ਜਿਸ ਦੇ ਅੰਦਰ ਜਗਤ ਦਾ ਕੋਈ) ਧੰਧਾ ਭਟਕਣਾ ਪੈਦਾ ਨਹੀਂ ਕਰਦਾ । ਉਹ ਗੋਪਾਲ ਆਪ ਹੀ (ਸ੍ਰਿਸ਼ਟੀ) ਪੈਦਾ ਕਰ ਕੇ ਆਪ ਹੀ ਸਾਰੇ ਜੀਵ ਬਣਾਂਦਾ ਹੈ, ਜੋ ਕੁਝ (ਜਗਤ ਵਿਚ) ਦਿੱਸ ਰਿਹਾ ਹੈ ਉਹ ਗੋਪਾਲ ਆਪ ਹੀ ਆਪ ਹੈ (ਭਾਵ, ਉਸ ਗੋਪਾਲ ਦਾ ਹੀ ਸਰੂਪ ਹੈ) । (ਹੇ ਪਾਂਡੇ!) ਜਗਤ ਭਟਕਣਾ ਵਿਚ (ਫਸਿਆ ਪਿਆ) ਹੈ, ਜਗਤ ਦਾ ਸਹਾਰਾ ਉਹ ਅਪਹੁੰਚ ਗੋਪਾਲ ਆਪ ਹੀ (ਜੀਵ ਨੂੰ ਇਸ ਭਟਕਣਾ ਵਿਚੋਂ ਕੱਢ ਕੇ) ਆਪਣੇ ਨਾਲ ਮਿਲਣ ਦੀ ਜਾਚ ਸਿਖਾਂਦਾ ਹੈ ।
(ਹੇ ਪਾਂਡੇ!) ਉਸ ਸਦਾ-ਥਿਰ (ਗੋਪਾਲ ਦੀ ਯਾਦ) ਨੂੰ ਆਪਣਾ ਕਰਤੱਬ ਬਣਾ, ਤਦੋਂ ਹੀ ਸੁਖ ਮਿਲਦਾ ਹੈ । ਉਸ ਦੇ ਨਾਮ ਤੋਂ ਵਾਂਜੇ ਰਹਿ ਕੇ ਧੰਧਿਆਂ ਤੋਂ ਖ਼ਲਾਸੀ ਨਹੀਂ ਹੋ ਸਕਦੀ ।੧੫। ਹੇ ਪਾਂਡੇ! ਤੂੰ ਕਿਉਂ ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਨਹੀਂ ਲਿਖਦਾ?) ਤੂੰ ਕਿਉਂ (ਗੋਪਾਲ ਦੀ ਯਾਦ ਵਿਚ) ਨਹੀਂ ਜੁੜਦਾ? ਤੇ, ਕਿਉਂ ਆਪਣੇ ਮਨ ਦਾ ਰੋਗ ਦੂਰ ਨਹੀਂ ਕਰਦਾ? (ਗੋਪਾਲ ਦਾ) ਨਾਮ ਸਿਮਰਨ ਤੋਂ ਬਿਨਾ ਗਿਆਨ ਇੰਦ੍ਰਿਆਂ ਦਾ ਆਤਮਕ ਜੀਵਨ ਨਾਲ ਵਿਰੋਧ ਪੈ ਜਾਂਦਾ ਹੈ ।
DARBAR SAHIB
(ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਤੇ ਲਿਖਣ ਤੋਂ ਬਿਨਾ) ਜੀਵ-ਮੁਸਾਫ਼ਿਰ ਜਗਤ ਵਿਚ (ਜਿਹਾ) ਆਉਂਦਾ ਹੈ ਤੇ (ਤਿਹਾ ਹੀ ਇਥੋਂ) ਤੁਰ ਜਾਂਦਾ ਹੈ, (ਨਾਮ ਦੀ ਕਮਾਈ ਤੋਂ) ਸੱਖਣਾ ਹੀ ਇਥੇ ਆਉਂਦਾ ਹੈ ਤੇ (ਇਥੇ ਰਹਿ ਕੇ ਭੀ) ਕੋਈ ਆਤਮਕ ਖੱਟੀ ਨਹੀਂ ਖੱਟਦਾ । ਨਾਮ ਤੋਂ ਵਾਂਜੇ ਰਿਹਾਂ ਹਰ ਥਾਂ ਘਾਟਾ ਹੀ ਘਾਟਾ ਹੁੰਦਾ ਹੈ (ਭਾਵ, ਮਨੁੱਖ ਪ੍ਰਭੂ ਨੂੰ ਵਿਸਾਰ ਕੇ ਜੋ ਭੀ ਕਿਰਤ-ਕਾਰ ਕਰਦਾ ਹੈ ਉਹ ਖੋਟੀ ਹੋਣ ਕਰ ਕੇ ਉੱਚੇ ਜੀਵਨ ਵਲੋਂ ਹੋਰ ਹੋਰ ਪਰੇ ਲੈ ਜਾਂਦੀ ਹੈ) । ਪਰ ਮਨੁੱਖ ਨੂੰ ਪ੍ਰਭੂ ਦੇ ਨਾਮ ਦੀ ਖੱਟੀ ਤਦੋਂ ਹੀ ਪ੍ਰਾਪਤ ਹੁੰਦੀ ਹੈ ਜਦੋਂ ਗੋਪਾਲ ਆਪ ਇਹ ਸੂਝ ਬਖ਼ਸ਼ਦਾ ਹੈ । ਨਾਮ ਤੋਂ ਸੱਖਣਾ ਰਹਿ ਕੇ ਜੀਵ-ਵਣਜਾਰਾ ਹੋਰ ਹੋਰ ਵਣਜ-ਵਪਾਰ ਹੀ ਕਰਦਾ ਹੈ, ਤੇ (ਪਰਮਾਤਮਾ ਦੀ ਹਜ਼ੂਰੀ ਵਿਚ) ਇਸ ਦੀ ਚੰਗੀ ਸਾਖ ਨਹੀਂ ਬਣਦੀ ।੧੬।