
Panthak News: ਰਘਬੀਰ ਸਿੰਘ ਨੇ ਸਿੱਖਾਂ 'ਤੇ ਦੇਸ਼ ਵਿਚ ਤਸ਼ੱਦਦ ਦੀ ਕੀਤੀ ਨਿਖੇਧੀ
Issuance of arrest warrant of Rajasthan's Sikh leader Bhai Tima is bullying of the government Panthak News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰ ਪਾਲ ਸਿੰਘ ਟਿੰਮਾ ਖ਼ਿਲਾਫ਼ ਪੁਲਿਸ ਵਲੋਂ ਦੇਸ਼ਧ੍ਰੋਹ ਦਾ ਮੁਕੱਦਮਾ ਦਰਜ ਕਰਕੇ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦੀ ਸਖਤ ਨਿਖੇਧੀ ਕੀਤੀ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਈ ਟਿੰਮਾ ਨੇ ਦੇਸ਼ਧ੍ਰੋਹ ਵਾਲਾ ਕੋਈ ਕੰਮ ਨਹੀਂ ਸੀ ਕੀਤਾ, ਪਰ ਰਾਜਸਥਾਨ ਸਰਕਾਰ ਨੇ ਵਿਚਾਰਾਂ ਦੇ ਪ੍ਰਗਟਾਵੇ ਦੀ ਸੰਵਿਧਾਨਿਕ ਆਜ਼ਾਦੀ ਦਾ ਗਲਾ ਘੁੱਟਦਿਆਂ ਭਾਈ ਟਿੰਮਾ ਖ਼ਿਲਾਫ਼ ਪਹਿਲਾਂ ਤਾਂ ਝੂਠਾ ਦੇਸ਼ਧ੍ਰੋਹ ਦਾ ਮੁਕੱਦਮਾ ਦਰਜ ਕਰਕੇ ਘੱਟ-ਗਿਣਤੀਆਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਉਣ ਦੀ ਕੋਸ਼ਿਸ਼ ਕੀਤੀ ਅਤੇ ਭਾਈ ਟਿੰਮਾ ਨੂੰ ਉੱਚ ਅਦਾਲਤ ਵਲੋਂ ਅਗਾਊਂ ਜ਼ਮਾਨਤ ਮਿਲੀ ਹੋਣ ਦੇ ਬਾਵਜੂਦ ਗ੍ਰਿਫਤਾਰੀ ਵਾਰੰਟ ਜਾਰੀ ਕਰਕੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ।
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਦੇਸ਼ ਵਿਚ ਕਿਤੇ ਵੀ ਕਿਸੇ ਸਿੱਖ ਨਾਲ ਧੱਕੇਸ਼ਾਹੀ ਦੇ ਵਿਰੁੱਧ ਸਾਰੀ ਸਿੱਖ ਕੌਮ ਇਕਜੁਟ ਹੋ ਕੇ ਹਮੇਸ਼ਾ ਵਿਰੋਧ ਕਰਦੀ ਰਹੇਗੀ। ਉਨ੍ਹਾਂ ਸਰਕਾਰ ਨੂੰ ਘੱਟ-ਗਿਣਤੀਆਂ ਪ੍ਰਤੀ ਨਿਆਂਪੂਰਨ ਰਵੱਈਆ ਅਪਨਾਉਣ ਦੀ ਵੀ ਨਸੀਹਤ ਦਿੱਤੀ। ਉਨ੍ਹਾਂ ਨਾਲ ਹੀ ਸ਼੍ਰੋਮਣੀ ਕਮੇਟੀ ਨੂੰ ਵੀ ਆਦੇਸ਼ ਕੀਤਾ ਹੈ ਕਿ ਉਹ ਭਾਈ ਟਿਮਾ ਦੇ ਨਾਲ ਰਾਜਸਥਾਨ ਸਰਕਾਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰੇ।