Panthak News : ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਗਟਾਈ ਚਿੰਤਾ
Giani Harpreet Singh Expressed Concern Over the Closure of the SGPC's YouTube Gurbani Channel News in Punjabi ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਯੂ-ਟਿਊਬ ਗੁਰਬਾਣੀ ਚੈਨਲ ਨੂੰ ਇਕ ਹਫ਼ਤੇ ਲਈ ਬੰਦ ਕਰਨ ’ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚਿੰਤਾ ਪ੍ਰਗਟ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਹਫ਼ਤੇ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਲਈ ਚਲਾਇਆ ਜਾ ਰਿਹਾ ਯੂ.ਟਿਊਬ ਚੈਨਲ ਇਕ ਹਫ਼ਤੇ ਲਈ ਮੁਅੱਤਲ ਕੀਤਾ ਜਾਣਾ ਬਹੁਤ ਹੀ ਦੁਖਦਾਈ ਅਤੇ ਚਿੰਤਾਜਨਕ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ’ਤੇ ਪਾਈ ਪੋਸਟ ਵਿਚ ਕਿਹਾ ਕਿ ਜਿਹੜੇ ਸੋਸ਼ਲ ਮੀਡੀਆ ਪਲੇਟਫਾਰਮ ‘ਆਵਾਜ਼ ਦੀ ਆਜ਼ਾਦੀ’ ਦੀਆਂ ਵੱਡੀਆਂ ਗੱਲਾਂ ਕਰਦੇ ਹਨ, ਉਹ ਸਿੱਖ ਇਤਿਹਾਸ ਅਤੇ ਗੁਰਬਾਣੀ ਸਬੰਧੀ ਸਮੱਗਰੀ ਨੂੰ ਦਬਾਉਣ ਦੇ ਫ਼ੈਸਲੇ ਕਿਸ ਨੀਤੀ ਜਾਂ ਕਿਸ ਦਬਾਅ ਹੇਠ ਲੈਂਦੇ ਹਨ, ਇਹ ਇਕ ਗੰਭੀਰ ਸਵਾਲ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਐਸ.ਜੀ.ਪੀ.ਸੀ. ਲਈ ਇਹ ਮਾਮਲਾ ਇਕ ਸਬਕ ਵੀ ਹੈ। ਬਾਹਰੀ ਸੋਸ਼ਲ ਪਲੇਟਫਾਰਮਾਂ ’ਤੇ ਪੂਰੀ ਤਰ੍ਹਾਂ ਨਿਰਭਰ ਹੋਣ ਦੀ ਬਜਾਏ ਸ਼੍ਰੋਮਣੀ ਕਮੇਟੀ ਨੂੰ ਆਪਣਾ ਅਧਿਕਾਰਤ ਸੈਟੇਲਾਈਟ ਚੈਨਲ ਚਲਾਉਣ ਦੀ ਪ੍ਰਕਿਰਿਆ ਜਲਦੀ ਪੂਰੀ ਕਰਨੀ ਚਾਹੀਦੀ ਹੈ, ਜਿਵੇਂ ਜਥੇਦਾਰ ਸਾਹਿਬਾਨਾਂ ਵਲੋਂ ਫ਼ੈਸਲਾ ਕੀਤਾ ਗਿਆ ਸੀ, ਤਾਂ ਜੋ ਗੁਰਬਾਣੀ ਪ੍ਰਸਾਰਣ, ਸਿੱਖ ਇਤਿਹਾਸ ਅਤੇ ਧਾਰਮਿਕ ਸਮਾਗਮਾਂ ’ਤੇ ਕਿਸੇ ਵੀ ਤਰ੍ਹਾਂ ਦੀ ਰੋਕ, ਦਖ਼ਲਅੰਦਾਜ਼ੀ ਜਾਂ ਪਾਬੰਦੀ ਦਾ ਸਾਹਮਣਾ ਨਾ ਕਰਨਾ ਪਵੇ।
