
ਪਿੰਡ ਧਾਰੀਵਾਲ ਭੋਜਾ ਵਿਖੇ ਗੁਰਦੁਆਰਾ ਸਾਹਿਬ ਅੰਦਰ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ
ਬਟਾਲਾ (ਨਿਤਿਨ ਲੂਥਰਾ): ਬਟਾਲਾ ਦੇ ਨੇੜਲੇ ਪਿੰਡ ਧਾਰੀਵਾਲ ਭੋਜਾ ਵਿਖੇ ਗੁਰਦੁਆਰਾ ਸਾਹਿਬ ਅੰਦਰ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਪਿੰਡ ਵਾਸੀਆਂ ਅਤੇ ਇਲਾਕੇ ਦੀ ਸੰਗਤ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਅਨੁਸਾਰ ਵੀਰਵਾਰ ਦੀ ਸ਼ਾਮ ਨੂੰ ਜਦੋਂ ਪਿੰਡ ਦੀ ਇਕ ਬੀਬੀ ਸੁਖਚੈਨ ਕੌਰ ਪਤਨੀ ਦਲਵਿੰਦਰ ਸਿੰਘ ਰਹਿਰਾਸ ਸਾਹਿਬ ਵੇਲੇ ਗੁਰਦੁਆਰਾ ਸਾਹਿਬ ਪਹੁੰਚੇ ਸਨ। ਜਦੋਂ ਉਹਨਾਂ ਨੇ ਗੁਰਦੁਆਰਾ ਸਾਹਿਬ ਦੇ ਹਾਲ ਦਾ ਅੰਦਰਲਾ ਹਿੱਸਾ ਵੇਖਿਆ ਤਾਂ ਉਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋ ਚੁੱਕਿਆ ਸੀ।
Fire at Gurudwara Sahib in Batala
ਇਸ ਤੋਂ ਇਲਾਵਾ ਹੋਰ ਨੇੜੇ ਪਈ ਸਮੱਗਰੀ ਅਤੇ ਗੁਟਕਾ ਸਾਹਿਬ ਵੀ ਅਗਨ ਭੇਟ ਹੋ ਚੁੱਕੇ ਸਨ। ਇਸ ਉਪਰੰਤ ਬੀਬੀ ਸੁਖਚੈਨ ਕੌਰ ਨੇ ਇਸ ਘਟਨਾ ਦੀ ਸੂਚਨਾ ਪਿੰਡ ਵਾਸੀਆਂ ਨੂੰ ਦਿੱਤੀ। ਜਿਸ ਤੋਂ ਬਾਅਦ ਜਥੇਦਾਰ ਗੁਰਮੁਖ ਸਿੰਘ ਸੁਖਦੇਵ ਸਿੰਘ ਮਾਸਟਰ ਦਲਵਿੰਦਰ ਸਿੰਘ ਅਤੇ ਹੋਰ ਪਿੰਡ ਵਾਸੀ ਤੁਰੰਤ ਸੰਗਤ ਸਮੇਤ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ। ਪਿੰਡ ਵਾਸੀਆਂ ਨੇ ਇਸ ਦੀ ਸੂਚਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੂੰ ਦਿੱਤੀ ਅਤੇ ਇਸ ਤੋਂ ਇਲਾਵਾ ਥਾਣਾ ਸੇਖਵਾਂ ਦੀ ਪੁਲਿਸ ਨੂੰ ਵੀ ਇਸ ਦੀ ਜਾਣਕਾਰੀ ਦਿੱਤੀ।
Fire at Gurudwara Sahib in Batala
ਇਸ ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਤੋਂ ਮੈਨੇਜਰ ਸੰਤੋਖ ਸਿੰਘ ਅਤੇ ਹੈਡ ਗ੍ਰੰਥੀ ਜਸਵਿੰਦਰ ਸਿੰਘ ਦੀ ਅਗਵਾਈ ਵਿਚ ਟੀਮ ਗੁਰਦੁਆਰਾ ਸਾਹਿਬ ਪਹੁੰਚੇ। ਜਿੱਥੇ ਉਹਨਾਂ ਨੇ ਘਟਨਾ ਦਾ ਜਾਇਜ਼ਾ ਲਿਆ ਅਤੇ ਖੁਸ਼ਕਿਸਮਤੀ ਨਾਲ ਬਚੇ ਹੋਏ ਤਿੰਨ ਸਰੂਪਾਂ ਨੂੰ ਮਰਿਆਦਾ ਅਨੁਸਾਰ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਵਿਖੇ ਪਹੁੰਚਾਇਆ।
Fire at Gurudwara Sahib in Batala
ਗੱਲਬਾਤ ਕਰਦੇ ਹੋਏ ਗੁਰਦੁਆਰਾ ਬੁਰਜ ਸਾਹਿਬ ਦੇ ਹੈਡ ਗ੍ਰੰਥੀ ਭਾਈ ਜਸਵਿੰਦਰ ਸਿੰਘ ਨੇ ਕਿਹਾ ਕਿ ਪਿੰਡ ਵਾਸੀਆਂ ਅਨੁਸਾਰ ਅਤੇ ਮੌਕੇ ਦੇ ਹਾਲਾਤਾਂ ਅਨੁਸਾਰ ਇਹ ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਜਾਪਦੀ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਟੀਮ ਵੱਲੋਂ ਇਸ ਘਟਨਾ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ। ਇਸ ਮੌਕੇ ਥਾਣਾ ਸੇਖਵਾਂ ਦੇ ਮੁਖੀ ਕਿਰਨਦੀਪ ਸਿੰਘ ਨੇ ਕਿਹਾ ਕਿ ਪੁਲਿਸ ਟੀਮ ਵੱਲੋਂ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਹੈ। ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵਲੋਂ ਤਫਤੀਸ਼ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।