
ਵੀਜ਼ਾ ਅਪਲਾਈ ਕਰਨ ਵਾਲੇ 277 ਸ਼ਰਧਾਲੂਆਂ ਵਿਚੋਂ 266 ਨੂੰ ਮਿਲਿਆ ਵੀਜ਼ਾ
ਅੰਮ੍ਰਿਤਸਰ : ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮਾਂ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਹੋਇਆ। ਪਾਕਿਸਤਾਨ ਜਾਣ ਵਾਲੇ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਮੀਤ ਸਿੰਘ ਬੂਹ ਨੂੰ ਸੌਂਪੀ ਗਈ ਹੈ, ਜਦਕਿ ਉਨ੍ਹਾਂ ਨਾਲ ਡਿਪਟੀ ਲੀਡਰ ਵਜੋਂ ਮਿੱਠੂ ਸਿੰਘ ਕਾਹਨੇਕੇ ਗਏ ਹਨ।
SGPC
ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਗੀ ਤੋਂ ਪਹਿਲਾਂ ਜਥੇ ਦੇ ਆਗੂਆਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਤੇ ਹੋਰ ਅਧਿਕਾਰੀਆਂ ਨੇ ਰਵਾਇਤ ਅਨੁਸਾਰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਜਾਣਕਾਰੀ ਦਿੰਦਿਆਂ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 277 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 266 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ।
Devotees leave for Pakistan on Maharaja Ranjit Singh's death anniversary
ਇਸੇ ਦੌਰਾਨ ਜਥੇ ਦੇ ਆਗੂ ਗੁਰਮੀਤ ਸਿੰਘ ਬੂਹ ਨੇ ਕਿਹਾ ਕਿ ਗੁਰੂ ਬਖ਼ਸ਼ਿਸ਼ ਸਦਕਾ ਉਨ੍ਹਾਂ ਨੂੰ ਜਥੇ ਦੀ ਅਗਵਾਈ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੋਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਜਥੇ ਦੇ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸੱਚਾ ਸੌਦਾ ਸਾਹਿਬ ਮੰਡੀ ਚੂਹੜਕਾਣਾ ਸ਼ੇਖੂਪੁਰਾ, ਗੁਰਦੁਆਰਾ ਸ੍ਰੀ ਪੰਜਾ ਸਾਹਿਬ ਆਦਿ ਗੁਰ-ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ ਜਥਾ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਪਹੁੰਚੇਗਾ, ਜਿਥੇ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਹੋਣਗੇ।
ਉਨ੍ਹਾਂ ਦੱਸਿਆ ਕਿ ਜਥੇ ਦੀ ਵਾਪਸੀ 30 ਜੂਨ ਨੂੰ ਹੋਵੇਗੀ। ਜਥੇਦਾਰ ਬੂਹ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ ਵੀਜ਼ੇ ਦੇਣ ਦੀ ਮੰਗ ਵੀ ਕੀਤੀ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਥਾ ਰਵਾਨਾ ਕਰਨ ਸਮੇਂ ਸਕੱਤਰ ਮੀਤ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਗੁਰਮੀਤ ਸਿੰਘ ਬੁੱਟਰ, ਮਲਕੀਤ ਸਿੰਘ ਸੁਪ੍ਰਿੰਟੈਂਡੈਂਟ, ਇੰਚਾਰਜ ਯਾਤਰਾ ਬਲਵਿੰਦਰ ਸਿੰਘ ਖੈਰਾਬਾਦ, ਗੁਰਨਾਮ ਸਿੰਘ, ਗੁਰਿੰਦਰ ਸਿੰਘ ਠਰੂ, ਸ. ਕਾਰਜ ਸਿੰਘ, ਗੁਲਜ਼ਾਰ ਸਿੰਘ, ਮੇਜਰ ਸਿੰਘ ਸਮੇਤ ਹੋਰ ਮੌਜੂਦ ਸਨ।