
29 ਤੇ 30 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੇ ਰੇਲਵੇ ਸਟੇਸ਼ਨ ਵਿਖੇ ਹੋਣਗੇ ਧਾਰਮਿਕ ਸਮਾਗਮ ਹੋਣਗੇ
ਹਸਨ ਅਬਦਾਲ: ਸਾਕਾ ਪੰਜਾਬ ਸਾਹਿਬ ਦੀ 100ਵੀਂ ਵਰ੍ਹੇਗੰਢ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਕਿਸਤਾਨ ਔਕਾਫ਼ ਬੋਰਡ ਨੇ ਸ਼ਹੀਦ ਸਿੰਘਾਂ ਦੀ ਯਾਦ ਵਿਚ ਰੇਲਵੇ ਸਟੇਸ਼ਨ ਹਸਨ ਅਬਦਾਲ ਪੰਜਾ ਸਾਹਿਬ ਵਿਖੇ ਯਾਦਗਾਰ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ 29 ਤੇ 30 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਅਤੇ ਰੇਲਵੇ ਸਟੇਸ਼ਨ ਵਿਖੇ ਧਾਰਮਿਕ ਸਮਾਗਮ ਵੀ ਕਰਵਾਏ ਜਾਣਗੇ।
ਪਾਕਿਸਤਾਨ ਔਕਾਫ਼ ਬੋਰਡ ਦੇ ਚੇਅਰਮੈਨ ਹਬੀਬ ਉੱਲ ਰਹਿਮਾਨ ਗਿਲਾਨੀ ਨੇ ਦੱਸਿਆ ਕਿ ਸ਼ਹੀਦੀ ਸਾਕੇ ਵਾਲੇ ਅਸਥਾਨ ਰੇਲਵੇ ਸਟੇਸ਼ਨ ਹਸਨ ਅਬਦਾਲ ਵਿਖੇ ਸ਼ਹੀਦ ਭਾਈ ਪ੍ਰਤਾਪ ਸਿੰਘ ਤੇ ਸ਼ਹੀਦ ਭਾਈ ਕਰਮ ਸਿੰਘ ਦੀ ਯਾਦਗਾਰ ਬਣਾਉਣ ਦਾ ਫ਼ੈਸਲਾ ਲਿਆ ਗਿਆ ਹੈ। ਉਹਨਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਆਉਣ ਵਾਲੇ ਸਿੱਖ ਸ਼ਰਧਾਲੂ ਪੰਜਾ ਸਾਹਿਬ ਰੇਲਵੇ ਸਟੇਸ਼ਨ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨਗੇ।
ਹਬੀਬ ਉੱਲ ਰਹਿਮਾਨ ਨੇ ਦੱਸਿਆ ਕਿ ਸਾਕਾ ਪੰਜਾ ਸਾਹਿਬ ਦੀ 100ਵੀਂ ਵਰ੍ਹੇਗੰਢ ਮੌਕੇ 500 ਦੇ ਕਰੀਬ ਭਾਰਤੀ ਸਿੱਖ ਸ਼ਰਧਾਲੂ 27 ਅਕਤੂਬਰ ਨੂੰ ਪਾਕਿਸਤਾਨ ਪਹੁੰਚਣਗੇ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਦੀ ਅਗਵਾਈ ਹੇਠ ਉਹਨਾਂ ਦਾ ਸਵਾਗਤ ਕੀਤਾ ਜਾਵੇਗਾ, ਇਸ ਮਗਰੋਂ 28 ਅਕਤੂਬਰ ਨੂੰ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਇਸ ਮਗਰੋਂ 29 ਤੇ 30 ਅਕਤੂਬਰ ਨੂੰ ਦੋ ਰੋਜ਼ਾ ਧਾਰਮਿਕ ਸਮਾਗਮ ਕਰਵਾਏ ਜਾਣਗੇ।