
Panthak News: ਸ਼੍ਰੋਮਣੀ ਕਮੇਟੀ ਦਾ ਸਾਲਾਨਾ ਇਜਲਾਸ ਤੇ ਚੋਣ 28 ਅਕਤੂਬਰ ਨੂੰ
The election results of the Shiromani Committee will be very interesting: ਸਿੱਖਾਂ ਦੀ ਮਿੰਨੀ ਸੰਸਦ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦਾ ਸਾਲਾਨਾ ਇਜਲਾਸ ਆਉਂਦੀ 28 ਅਕਤੂਬਰ ਨੂੰ ਅੰਮ੍ਰਿਤਸਰ ’ਚ ਸ੍ਰੀ ਦਰਬਾਰ ਸਾਹਿਬ ਕੰਪਲੈਕਸ ’ਚ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਣਾ ਤੈਅ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਵੀ ਹੋਵੇਗੀ।
ਇਸ ਵਾਰ ਇਹ ਸਾਲਾਨਾ ਇਜਲਾਸ ਕਾਫ਼ੀ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ ਹੈ ਕਿਉਂਕਿ ਵਿਰਸਾ ਸਿੰਘ ਵਲਟੋਹਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿ. ਹਰਪ੍ਰੀਤ ਸਿੰਘ ਉਤੇ ਲਾਏ ਦੋਸ਼ਾਂ ਤੋਂ ਬਾਅਦ ਧਾਰਮਕ ਹੀ ਨਹੀਂ, ਸਿਆਸੀ ਮਾਹੌਲ ਵੀ ਭਖਿਆ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਤੇ ਸੁਧਾਰ ਲਹਿਰ ਦੇ ਆਗੂ ਆਹਮੋ-ਸਾਹਮਣੇ ਹਨ।
ਸੁਧਾਰ ਲਹਿਰ ਦੇ ਮੁਖੀ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਤੇ ਸੁਰਜੀਤ ਸਿੰਘ ਰੱਖੜਾ ਜਿਹੇ ਸੁਧਾਰ ਲਹਿਰ ਦੇ ਸਮੂਹ ਆਗੂਆਂ ਨੇ ਬੀਬੀ ਜਗੀਰ ਕੌਰ ਨੂੰ ਪ੍ਰਧਾਨਗੀ ਦੇ ਅਹੁਦੇ ਲਈ ਚੋਣ ਮੈਦਾਨ ’ਚ ਉਤਾਰ ਦਿਤਾ ਹੈ। ਹੁਣ ਬੀਬੀ ਜਗੀਰ ਕੌਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਚਾਲੇ ਮੁਕਾਬਲਾ ਹੋਣਾ ਤੈਅ ਹੈ। ਹਾਲੇ ਤਕ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਹੀ ਅਪਣਾ ਉਮੀਦਵਾਰ ਬਣਾਏ ਜਾਣ ਦੀ ਸੰਭਾਵਨਾ ਹੈ। ਇਸ ਵਾਰ ਅਕਾਲੀ ਦਲ ਦੀ ਬਗ਼ਾਵਤ ਤੇ ਵਲਟੋਹਾ ਦੀਆਂ ਦੂਸ਼ਣਬਾਜ਼ੀਆਂ ਕਾਰਨ ਦੋਵੇਂ ਧਿਰਾਂ ਵਿਚਾਲੇ ਇਹ ਮੁਕਾਬਲਾ ਕਾਫ਼ੀ ਤਿੱਖਾ ਹੋਣਾ ਵੀ ਨਿਸ਼ਚਤ ਹੈ
ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਭਲਕੇ
ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 22 ਅਕਤੂਬਰ ਦਿਨ ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਦੁਪਹਿਰ 12 ਵਜੇ ਬੁਲਾਈ ਹੈ। ਮੀਟਿੰਗ ਵਿਚ ਆਉਣ ਵਾਲੀਆਂ ਚਾਰ ਜ਼ਿਮਨੀ ਚੋਣਾਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ 28 ਅਕਤੂਬਰ ਨੂੰ ਹੋਣ ਵਾਲੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਬਾਰੇ ਵੀ ਅਪਣੀ ਰਣਨੀਤੀ ਨੂੰ ਅੰਤਮ ਰੂਪ ਦੇਵੇਗਾ।
ਇਸ ਤੋਂ ਇਲਾਵਾ ਪਾਰਟੀ ਸੂਬੇ ਵਿਚ ਝੋਨੇ ਦੀ ਖ਼ਰੀਦ ਦੇ ਵੱਡੇ ਸੰਕਟ ਦਾ ਵੀ ਜਾਇਜ਼ਾ ਲਵੇਗੀ। ਨਾ ਤਾਂ ਝੋਨਾ ਖ਼ਰੀਦਿਆ ਜਾ ਰਿਹਾ ਹੈ ਅਤੇ ਨਾ ਹੀ ਮੰਡੀਆਂ ਵਿਚੋਂ ਲਿਫ਼ਟਿੰਗ ਹੋ ਰਹੀ ਹੈ। ਕਿਸਾਨ ਹੁਣ ਤਕ ਦੇ ਸੱਭ ਤੋਂ ਭੈੜੇ ਸੰਕਟ ਦਾ ਸਾਹਮਣਾ ਕਰ ਰਹੇ ਹਨ। ਜਿਸ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ।