
ਇਹ ਜਾਣਕਾਰੀ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਸਾਂਝੀ ਕੀਤੀ ਹੈ
ਚੰਡੀਗੜ੍ਹ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ 'ਚ 30 ਨਵੰਬਰ ਨੂੰ ਆਯੋਜਿਤ ਕੀਤੇ ਜਾ ਰਹੇ ਪ੍ਰਕਾਸ਼ ਪੁਰਬ ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸੁਲਤਾਨਪੁਰ ਲੋਧੀ 'ਚ ਸ਼ਿਰਕਤ ਕਰਨਗੇ। ਇਹ ਜਾਣਕਾਰੀ ਅੱਜ ਇਥੇ ਪ੍ਰਕਾਸ਼ ਪੁਰਬ ਸਮਾਗਮ ਦੀਆਂ ਤਿਆਰੀਆਂ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਦਿੱਤੀ।
ਉਨ੍ਹਾਂ ਨਾਲ ਇਸ ਸਮੇਂ ਮੀਟਿੰਗ 'ਚ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ, ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ, ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ , ਏ. ਡੀ. ਸੀ. ਰਾਹੁਲ ਚਾਬਾ, ਏ. ਡੀ. ਸੀ. ਵਿਕਾਸ ਐੱਸ. ਪੀ. ਆਂਗਰਾ, ਐੱਸ. ਡੀ. ਐੱਮ. ਡਾ. ਚਾਰੂਮਿਤਾ ਅਤੇ ਐੱਸ. ਪੀ. ਮਨਦੀਪ ਸਿੰਘ ਆਦਿ ਅਧਿਕਾਰੀਆਂ ਸ਼ਿਰਕਤ ਕੀਤੀ। ਮੀਟਿੰਗ 'ਚ ਸਮਾਗਮ ਦੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ।
ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਦੀਨ ਦੁਨੀਆ ਦੇ ਮਾਲਕ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਦੇ 550ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸੰਪੂਰਨਤਾ 'ਤੇ 551ਵੇਂ ਪ੍ਰਕਾਸ਼ ਪੁਰਬ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਵਿਸ਼ਾਲ ਸਮਾਗਮ 30 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਜਿਸ ਸਬੰਧੀ ਤਿਆਰੀਆਂ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ 'ਚ ਚੱਲ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 30 ਨਵੰਬਰ ਨੂੰ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਉਪਰੰਤ ਗੁਰੂ ਨਾਨਕ ਸਟੇਡਿਅਮ ਸੁਲਤਾਨਪੁਰ ਲੋਧੀ ਸਾਹਮਣੇ ਬੁੱਢਾ ਦਲ ਦੀ ਜ਼ਮੀਨ 'ਤੇ ਸਜਾਏ ਗਏ ਵਿਸ਼ਾਲ ਪੰਡਾਲ 'ਚ ਹਾਜ਼ਰੀ ਭਰਨਗੇ ਅਤੇ ਉਸ ਤੋਂ ਬਾਅਦ ਤਹਿਸੀਲ ਅਤੇ ਬੀ. ਡੀ. ਪੀ. ਓ. ਦਫ਼ਤਰ ਵਿਖੇ ਬਣਾਏ ਜਾ ਰਹੇ ਸਾਂਝੇ ਮਿੰਨੀ ਕੰਪਲੈਕਸ ਦਾ ਨੀਂਹ ਪੱਥਰ ਰੱਖਣਗੇ ਅਤੇ ਉਪਰੰਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਵੱਖ-ਵੱਖ 6 ਹੋਰ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਨਵਤੇਜ ਸਿੰਘ ਚੀਮਾ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਚੱਲ ਰਹੀਆਂ ਹਨ ।