
ਕਿਹਾ - ਇਹ ਸਾਰਾ ਵਰਤਾਰਾ ਦੇਸ਼ ਦੇ ਹੁਕਮਰਾਨਾਂ ਵੱਲੋਂ ਇਨਸਾਫ਼ ਲਈ ਅਪਣਾਏ ਜਾ ਰਹੇ ਦੋਹਰੇ ਮਾਪਦੰਡਾਂ ਦਾ ਪ੍ਰਗਟਾਵਾ
ਚੰਡੀਗੜ੍ਹ : ਜੇਲ੍ਹ ਵਿਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੇ ਇੱਕ ਵਾਰ ਫਿਰ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕੇ ਹੈ। ਉਨ੍ਹਾਂ ਕਿਹਾ ਕਿ ਕਜੇਕਰ ਬਲਾਤਕਾਰੀਆਂ ਅਤੇ ਕਾਤਲਾਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਕਿਉਂ ਨਹੀਂ? ਦੱਸ ਦੇਈਏ ਕਿ ਉਨ੍ਹਾਂ ਨੇ ਬਿਲਕਿਸ ਬਾਨੋ ਮਾਮਲੇ ਦੇ ਦੋਸ਼ੀਆਂ ਦੀ ਰਿਹਾਈ 'ਤੇ ਸਵਾਲ ਚੁੱਕੇ ਹਨ ਅਤੇ ਅਪੀਲ ਕੀਤੀ ਹੈ ਕਿ ਬੰਦੀ ਸਿੰਘਾਂ ਨੂੰ ਵੀ ਰਿਹਾਅ ਕੀਤਾ ਜਾਵੇ।
Kamaldeep Kaur Rajoana
ਕਮਲਦੀਪ ਕੌਰ ਰਾਜੋਆਣਾ ਨੇ ਇਸ ਬਾਰੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕੀਤੀ ਹੈ ਜਿਸ ਵਿਚ ਉਨ੍ਹਾਂ ਲਿਖਿਆ, ''ਸੱਭ ਤੋਂ ਪਹਿਲਾਂ ਅਸੀਂ ਸਮੁੱਚੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਉਸ ਅਕਾਲ-ਪੁਰਖ ਵਾਹਿਗੁਰੂ ਜੀ ਅੱਗੇ ਅਰਦਾਸ ਕਰਦੇ ਹਾਂ। ਖਾਲਸਾ ਜੀ, ਪਿਛਲੇ ਦਿਨੀਂ ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਉਤਸਵ ਮੌਕੇ ਉਤੇ ਕੇਂਦਰ ਸਰਕਾਰ ਨੇ ਇੱਕ ਅਹਿਮ ਫੈਸਲਾ ਲੈਂਦੇ ਹੋਏ 2002 ਦੇ ਵਿੱਚ ਗੁਜਰਾਤ ਵਿੱਚ ਹੋਏ ਬਿਲਕਿਸ ਬਾਨੋ ਕੇਸ ਨਾਲ ਸਬੰਧਿਤ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਰੇ ਬਲਾਤਕਾਰੀਆਂ ਅਤੇ ਕਾਤਲਾਂ ਨੂੰ ਰਿਹਾਅ ਕਰ ਦਿੱਤਾ ਹੈ।
Bilkis Bano case convicts released from jail
ਇਹ ਸਾਰੇ ਉਹ ਦੋਸ਼ੀ ਹਨ ਜਿੰਨ੍ਹਾਂ ਨੇ ਬੀਬੀ ਬਿਲਕਿਸ ਬਾਨੋ ਦੇ ਪਰਿਵਾਰ ਦੇ ਸੱਤ ਮੈਬਰਾਂ ਦਾ ਬਹੁਤ ਹੀ ਬੇਰਹਿਮੀ ਨਾਲ ਕਤਲੇਆਮ ਕੀਤਾ, ਜਿਸ ਵਿੱਚ ਇੱਕ ਤਿੰਨ ਸਾਲਾਂ ਦੀ ਬੱਚੀ ਵੀ ਸ਼ਾਮਲ ਸੀ। ਜਿਸ ਦਾ ਸਿਰ ਹੀ ਧੜ ਨਾਲੋਂ ਅਲੱਗ ਕਰ ਦਿੱਤਾ ਗਿਆ ਸੀ ਅਤੇ ਬਿਲਕਿਸ ਬਾਨੋ ਨਾਲ ਇਨ੍ਹਾਂ ਦਰਿੰਦਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ, ਜੋ ਕਿ ਉਸ ਵਕਤ ਪੰਜ ਮਹੀਨਿਆਂ ਦੀ ਗਰਭਵਤੀ ਸੀ।''
Bilkis Bano
ਬੀਬੀ ਰਾਜੋਆਣਾ ਨੇ ਅੱਗੇ ਕਿਹਾ ਕਿ ਇਸ ਕੇਸ ਵਿੱਚ ਸੀ ਬੀ ਆਈ ਦੀ ਕੋਰਟ ਨੇ ਇਨ੍ਹਾਂ ਸਾਰੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਨ੍ਹਾਂ ਸਾਰੇ ਦੋਸ਼ੀਆਂ ਨੂੰ ਸਿਰਫ ਰਿਹਾਅ ਹੀ ਨਹੀਂ ਕੀਤਾ ਗਿਆ ਬਲਕਿ ਇਨ੍ਹਾਂ ਸਾਰੇ ਦੋਸ਼ੀਆਂ ਦੇ ਜੇਲ੍ਹ ਤੋਂ ਬਾਹਰ ਨਿਕਲਣ ਤੇ ਹਾਰ ਪਾ ਕੇ ਸਵਾਗਤ ਵੀ ਕੀਤਾ ਗਿਆ। ਅੱਗੇ ਲਿਖਦਿਆਂ ਕਮਲਦੀਪ ਕੌਰ ਰਾਜੋਆਣਾ ਨੇ ਕਿਹਾ, ''ਖਾਲਸਾ ਜੀ, ਦੂਜੇ ਪਾਸੇ ਸਾਡੇ ਉਹ ਬੰਦੀ ਸਿੰਘ ਹਨ, ਜਿਹੜੇ 25-25 ਅਤੇ 30-30 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਆਪਣੀਆਂ ਸਜਾਵਾਂ ਤੋਂ ਕਿਤੇ ਵੱਧ ਸਜ਼ਾ ਕੱਟ ਚੁੱਕੇ ਹਨ ਅਤੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਨੂੰ ਰਿਹਾਅ ਕਰਨ ਲਈ ਲਗਾਤਾਰ ਟਾਲ-ਮਟੋਲ ਕੀਤਾ ਜਾ ਰਿਹਾ ਹੈ।''
Balwant Singh Rajoana
ਉਨ੍ਹਾਂ ਕਿਹਾ ਕਿ ਵੀਰ ਬਲਵੰਤ ਸਿੰਘ ਰਾਜੋਆਣਾ ਜੀ ਪਿਛਲੇ 27 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ, 15 ਸਾਲਾਂ ਤੋਂ ਫਾਂਸੀ ਚੱਕੀ ਵਿੱਚ ਬੰਦ ਹਨ। ਪਿਛਲੇ 11 ਸਾਲਾਂ ਤੋਂ ਵੀਰ ਰਾਜੋਆਣਾ ਜੀ ਦੀ ਫਾਂਸੀ ਦੀ ਸਜ਼ਾ ਨਾਲ ਸਬੰਧਿਤ ਫਾਈਲ ਕੇਂਦਰ ਸਰਕਾਰ ਕੋਲ ਵਿਚਾਰ ਅਧੀਨ ਪਈ ਹੈ, ਜਿਸ 'ਤੇ ਕੇਂਦਰ ਸਰਕਾਰ ਵੱਲੋਂ ਫੈਸਲਾ ਲੈਣ ਵਿੱਚ ਲਗਾਤਾਰ ਟਾਲ ਮਟੋਲ ਕੀਤੀ ਜਾ ਰਹੀ ਹੈ।
Balwant Singh Rajoana and Kamaldeep Kaur Rajoana
ਬੀਬੀ ਰਾਜੋਆਣਾ ਨੇ ਦੱਸਿਆ ਕਿ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਛੇ ਵਾਰ ਆਦੇਸ਼ ਕਰਨ ਦੇ ਬਾਵਜੂਦ ਵੀ ਫੈਸਲਾ ਨਹੀਂ ਕੀਤਾ ਜਾ ਰਿਹਾ ਅਤੇ ਨਾ ਹੀ ਸਾਡੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਾਰਾ ਵਰਤਾਰਾ ਸਾਡੇ ਦੇਸ਼ ਦੇ ਹੁਕਮਰਾਨਾਂ ਵੱਲੋਂ ਇਨਸਾਫ਼ ਲਈ ਅਪਣਾਏ ਜਾ ਰਹੇ ਦੋਹਰੇ ਮਾਪਦੰਡਾਂ ਦਾ ਪ੍ਰਗਟਾਵਾ ਕਰਦਾ ਹੈ।