
Panthak News: ਕਿਹਾ, ਕੰਗਨਾ ਰਣੌਤ ਵਿਰੁਧ ਦਰਜ ਹੋਵੇ ਧਾਰਮਕ ਭਾਵਨਾਵਾਂ ਭੜਕਾਉਣ ਦਾ ਪਰਚਾ
Panthak News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖਾਂ ਦੇ ਕਿਰਦਾਰ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਫ਼ਿਲਮ ‘ਐਮਰਜੈਂਸੀ’ ’ਤੇ ਤੁਰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫ਼ਿਲਮ ਸਿੱਖਾਂ ਅਤੇ ਪੰਜਾਬ ਵਿਰੋਧੀ ਪ੍ਰਗਟਾਵਿਆਂ ਕਰ ਕੇ ਵਿਵਾਦਾਂ ਵਿਚ ਰਹਿਣ ਵਾਲੀ ਅਦਾਕਾਰ ਕੰਗਨਾ ਰਣੌਤ ਵਲੋਂ ਜਾਣ-ਬੁੱਝ ਕੇ ਸਿੱਖਾਂ ਦੀ ਕਿਰਦਾਰਕੁਸ਼ੀ ਕਰਨ ਦੇ ਮੰਤਵ ਨਾਲ ਬਣਾਈ ਗਈ ਹੈ ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ।
ਐਡਵੋਕੇਟ ਧਾਮੀ ਨੇ ਕਿਹਾ ਕਿ 1984 ਦੇ ਮਹਾਨ ਸ਼ਹੀਦਾਂ ਬਾਰੇ ਸਿੱਖ ਵਿਰੋਧੀ ਬਿਰਤਾਂਤ ਸਿਰਜ ਕੇ ਕੌਮ ਦਾ ਨਿਰਾਦਰ ਕਰਨ ਦੀ ਇਹ ਘਟੀਆ ਹਰਕਤ ਹੈ। ਉਨ੍ਹਾਂ ਕਿਹਾ 1984 ਦਾ ਸਿੱਖ ਵਿਰੋਧੀ ਕਰੂਰ ਕਾਰਾ ਕੌਮ ਕਦੇ ਨਹੀਂ ਭੁੱਲ ਸਕਦੀ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕੌਮੀ ਸ਼ਹੀਦ ਐਲਾਨਿਆ ਜਾ ਚੁੱਕਾ ਹੈ, ਜਦਕਿ ਕੰਗਨਾ ਰਣੌਤ ਦੀ ਇਸ ਫ਼ਿਲਮ ਰਾਹੀਂ ਉਨ੍ਹਾਂ ਦੀ ਕਿਰਦਾਰਕੁਸ਼ੀ ਕਰਨ ਦੀ ਕੋਝੀ ਹਰਕਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਵਲੋਂ ਅਕਸਰ ਹੀ ਜਾਣਬੁੱਝ ਕੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਵਾਲੇ ਪ੍ਰਗਟਾਵੇ ਕੀਤੇ ਜਾਂਦੇ ਹਨ ਪਰ ਸਰਕਾਰ ਉਸ ਉੱਤੇ ਕਾਰਵਾਈ ਕਰਨ ਦੀ ਥਾਂ ਉਸ ਦੀ ਪੁਸ਼ਤਪਨਾਹੀ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਕੰਗਨਾ ਰਣੌਤ ਵਲੋਂ ਐਮਰਜੈਂਸੀ ਫ਼ਿਲਮ ਰਾਹੀਂ ਕੀਤੀ ਗਈ ਹਰਕਤ ਲਈ ਉਸ ਵਿਰੁਧ ਸਿੱਖਾਂ ਦੀਆਂ ਧਾਰਮਕ ਭਾਵਨਾਵਾਂ ਭੜਕਾਉਣ ਦਾ ਪਰਚਾ ਦਰਜ ਕਰੇ। ਐਡਵੋਕੇਟ ਧਾਮੀ ਨੇ ਕੇਂਦਰੀ ਫ਼ਿਲਮ ਸੈਂਸਰ ਬੋਰਡ ਵਿੱਚ ਸਿੱਖ ਮੈਂਬਰ ਸ਼ਾਮਲ ਕਰਨ ਦੀ ਗੱਲ ਆਖੀ, ਕਿਉਂਕਿ ਇਕ ਸਿੱਖ ਮੈਂਬਰ ਦੀ ਗ਼ੈਰ-ਮੌਜੂਦਗੀ ਕਾਰਨ ਹੀ ਇਕਪਾਸੜ ਫ਼ੈਸਲੇ ਕੀਤੇ ਜਾ ਰਹੇ ਹਨ।
ਫ਼ਿਲਮ ‘ਐਮਰਜੰਸੀ’ ਵਿਚੋਂ ਇਤਰਾਜ਼ਯੋਗ ਸੀਨ ਤੁਰਤ ਕੱਟੇ ਜਾਣ : ਜਥੇਦਾਰ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵਿਵਾਦਤ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫ਼ਿਲਮ ‘ਐਮਰਜੰਸੀ’ ਵਿਚ ਵੀਹਵੀਂ ਸਦੀ ਦੇ ਸਿੱਖ ਨਾਇਕ ਤੇ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦਾ ਕਿਰਦਾਰ ਗ਼ਲਤ ਰੂਪ ਵਿਚ ਦਿਖਾ ਕੇ ਸਿੱਖਾਂ ਦੇ ਅਕਸ ਨੂੰ ਵੱਖਵਾਦੀ ਵਜੋਂ ਪੇਸ਼ ਕਰਨ ਦਾ ਸਖ਼ਤ ਨੋਟਿਸ ਲਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਿੱਖ ਅਪਣੇ ਸ਼ਹੀਦਾਂ-ਮੁਰੀਦਾਂ ਦੀ ਫ਼ਿਲਮਾਂ ਵਿਚ ਨਕਲ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਤੁਰਤ ‘ਐਮਰਜੰਸੀ’ ਫ਼ਿਲਮ ਵਿਚਲੇ ਇਤਰਾਜ਼ਯੋਗ ਅਤੇ ਸਿੱਖਾਂ ਦੇ ਅਕਸ ਤੇ ਇਤਿਹਾਸ ਦੀ ਗ਼ਲਤ ਪੇਸ਼ਕਾਰੀ ਕਰਨ ਵਾਲੇ ਦ੍ਰਿਸ਼ਾਂ ਨੂੰ ਨਾ ਹਟਾਇਆ ਤਾਂ ਨਿਕਲਣ ਵਾਲੇ ਕਿਸੇ ਵੀ ਤਰ੍ਹਾਂ ਦੇ ਸਿੱਟਿਆਂ ਦੀ ਜ਼ਿੰਮੇਵਾਰ ਸਿੱਧੇ ਤੌਰ ’ਤੇ ਸਰਕਾਰ ਦੀ ਹੋਵੇਗੀ।