
ਕਲੋਜ਼ਰ ਰੀਪੋਰਟ ਦਾ ਵਿਰੋਧ ਕਰ ਰਹੀਆਂ ਸਿੱਖ ਜਥੇਬੰਦੀਆਂ 'ਤੇ ਹੰਝੂ ਗੈਸ ਦੇ ਗੋਲੇ ਛੱਡਣਾ ਮੰਦਭਾਗੀ ਕਾਰਵਾਈ
ਅੰਮ੍ਰਿਤਸਰ : ਸੁਪਰੀਮ ਕੋਰਟ 1984 ਦੇ ਕਾਤਲਾਂ ਦੀਆਂ ਜ਼ਮਾਨਤਾਂ ਦੇ ਮਾਮਲੇ 'ਤੇ ਦੁਬਾਰਾ ਵਿਚਾਰ ਕਰੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗਿ: ਹਰਪ੍ਰੀਤ ਸਿੰਘ ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਨਸਲਕੁਸ਼ੀ ਦੇ 4 ਦੋਸ਼ੀਆਂ ਨੂੰ ਜ਼ਮਾਨਤਾਂ ਦੇਣ ਨਾਲ ਪੂਰੀ ਸਿੱਖ ਕੌਮ ਦੇ ਹਿਰਦੇ ਵਲੂੰਧਰੇ ਗਏ ਨੇ ਅਤੇ ਇਸ ਤਰ੍ਹਾਂ ਦੇ ਫ਼ੈਸਲੇ ਨਾਲ ਸਿੱਖਾਂ ਨੂੰ ਅਪਣੇ ਹੀ ਦੇਸ਼ ਵਿਚ ਰਹਿੰਦਿਆਂ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।
1984 Darbar Sahib
ਉਨ੍ਹਾਂ ਕਿਹਾ ਪਹਿਲਾਂ ਸੀ.ਬੀ.ਆਈ ਵਲੋਂ ਬਰਗਾੜੀ ਬੇਅਦਬੀ ਕਾਂਡ ਬਾਰੇ ਦਾਖ਼ਲ ਕੀਤੀ ਗਈ ਕਲੋਜ਼ਰ ਰੀਪੋਰਟ ਬਾਰੇ ਰੋਸ ਵਜੋਂ ਚੰਡੀਗੜ੍ਹ ਸਥਿਤ ਸੀ.ਬੀ.ਆਈ ਦਫ਼ਤਰ ਵਿਖੇ ਮੰਗ ਪੱਤਰ ਦੇਣ ਜਾ ਰਹੀਆਂ ਸਿੱਖ ਜਥੇਬੰਦੀਆਂ ਤੇ ਚੰਡੀਗੜ੍ਹ ਪੁਲਿਸ ਨੇ ਬੇਰਹਿਮੀ ਨਾਲ ਕਾਰਵਾਈ ਕਰਦਿਆਂ ਹੰਝੂ ਗੈਸ ਦੇ ਗੋਲੇ ਦਾਗੇ ਅਤੇ ਪਾਣੀ ਦੀਆਂ ਤੋਪਾਂ ਚਲਾ ਕੇ ਅਨੇਕਾਂ ਸਿੱਖ ਆਗੂਆਂ ਦੀਆਂ ਦਸਤਾਰਾਂ ਸੜਕ 'ਤੇ ਰੋਲ ਦਿਤੀਆਂ ਗਈਆਂ ਅਤੇ ਹੁਣ 1984 ਦੇ ਕਾਤਲਾਂ ਨੂੰ ਜ਼ਮਾਨਤਾਂ ਦੇ ਕੇ ਸਿੱਖ ਹਿਰਦਿਆਂ ਦੇ ਜ਼ਖ਼ਮਾਂ 'ਤੇ ਲੂਣ ਮੱਲਣ ਵਾਲਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਜੇਲਾਂ ਵਿਚ ਸਜ਼ਾ ਭੁਗਤ ਰਹੇ ਸਿੱਖਾਂ ਨੂੰ ਸਰਕਾਰ ਅਜੇ ਤਕ ਰਿਹਾ ਕਰਨ ਦਾ ਨਾਂ ਨਹੀਂ ਲੈ ਰਹੀ ਪਰ 1984 ਦੇ ਕਾਤਲਾਂ ਨੂੰ ਜ਼ਮਾਨਤਾਂ ਦੇਣਾ ਸਿੱਖ ਕੌਮ ਨਾਲ ਵੱਡਾ ਧ੍ਰੋਹ ਹੈ।
Supreme Court
ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਕ ਪੈਨਲ ਬਣਾ ਕੇ ਇਨ੍ਹਾਂ ਕੇਸਾਂ ਦੀ ਪੈਰਵਾਈ ਕਰਨ ਬਾਰੇ ਹਦਾਇਤਾਂ ਦਿਤੀਆਂ ਹਨ ਤਾਕਿ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਮਿਲੀਆਂ ਜ਼ਮਾਨਤਾਂ ਰੱਦ ਕਰਵਾਉਣ ਦੇ ਨਾਲ ਉਨ੍ਹਾਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਈ ਜਾ ਸਕੇ।