ਗੁਰੂ ਗ੍ਰੰਥ ਸਾਹਿਬ ਦੀਆਂ ਹੋ ਰਹੀਆਂ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ................
ਫ਼ਤਿਹਗੜ੍ਹ ਸਾਹਿਬ : ਗੁਰੂ ਗ੍ਰੰਥ ਸਾਹਿਬ ਦੀਆਂ ਹੋ ਰਹੀਆਂ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਫ਼ਤਿਹਗੜ੍ਹ ਸਾਹਿਬ ਵਿਖੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਘੋੜ ਅਕੈਡਮੀ ਅਤੇ ਘੋੜ ਅਸਤਬਲ ਦਾ ਨੀਂਹ ਪੱਧਰ ਰੱਖਣ ਉਪਰੰਤ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਬਰਗਾੜੀ ਕਾਂਡ ਨਾਲ ਸਬੰਧਤ ਬਰਗਾੜੀ ਵਿਖੇ ''ਇਨਸਾਫ਼ ਮੋਰਚਾ'' ਲਗਾਉਣ ਵਾਲੇ ਕੇਵਲ ਸਿਆਸਤ ਖੇਡ ਰਹੇ ਹਨ ਤੇ ਉਥੇ ਪੰਥਕ ਮਸਲੇ ਵਿਚਾਰਨ ਦੀ ਥਾਂ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਵਿਰੁਧ ਬੋਲਣ ਤੋਂ ਬਿਨਾਂ ਕੁੱਝ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਜੇਕਰ ਇਹ ਮੋਰਚਾ ਨਿਰੋਲ ਧਾਰਮਕ ਹੁੰਦਾ ਤਾਂ ਉਹ ਉਥੇ ਲਗਾਏ ਗਏ ਇਨਸਾਫ਼ ਮੋਰਚੇ ਵਿਚ ਜ਼ਰੂਰ ਸ਼ਿਰਕਤ ਕਰਦੇ।
ਉਨ੍ਹਾਂ ਨਿਊਯਾਰਕ ਵਿਚ ਦਿਲੀ ਸਿੱਖ ਗੁਰਦਵਾਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ 'ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਜਾਨਲੇਵਾ ਹਮਲਾ ਕਰਨ ਵਾਲਿਆਂ 'ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਫ਼ਤਿਹਗੜ੍ਹ ਸਾਹਿਬ ਵਿਚ ਅਧੂਰੀਆਂ ਪਈਆਂ ਵਿਰਾਸਤੀ ਇਮਾਰਤਾਂ, ਦੀਵਾਨ ਟੋਡਰ ਮੱਲ ਦੀ ਹਵੇਲੀ ਤੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿਚ ਬਣਨ ਵਾਲੇ ਮਿਊਜ਼ੀਅਮ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਵਿਚੋਂ ਪਾਸ ਕਰਵਾ ਕੇ ਕਾਰ ਸੇਵਾ ਨੂੰ ਸਪੁਰਦ ਕੀਤਾ ਜਾਵੇਗਾ ਤਾਂ ਜੋ ਅਧੂਰੇ ਪਏ ਕਾਰਜ ਮੁਕੰਮਲ ਹੋ ਸਕਣ।
                    
                