
ਅੰਤਰਰਾਸ਼ਟਰੀ ਨਗਰ ਕੀਰਤਨ ਬੇਲਾਪੁਰ ਤੋਂ ਅਗਲੇ ਪੜਾਅ ਲਈ ਖ਼ਾਲਸਈ ਜਾਹੋ ਜਲਾਲ ਨਾਲ ਰਵਾਨਾ
ਅੰਮ੍ਰਿਤਸਰ : ਸੁਪਰੀਮ ਕੌਂਸਲ ਨਵੀਂ ਮੁੰਬਈ ਗੁਰਦਵਾਰਾ ਦੇ ਚੇਅਰਮੈਨ ਭਾਈ ਜਸਪਾਲ ਸਿੰਘ ਸਿੱਧੂ ਨੇ ਕਿਹਾ ਹੈ ਕਿ ਮੁੰਬਈ ਦੀਆਂ ਸੰਗਤਾਂ ਵਿਚ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਭਾਰੀ ਉਤਸ਼ਾਹ ਹੈ ਅਤੇ ਸੰਗਤਾਂ ਵਲੋਂ ਆਪ ਮੁਹਾਰੇ ਹੁਮ ਹੁਮਾ ਕੇ ਪੂਰੀ ਸ਼ਰਧਾ ਨਾਲ ਸਵਾਗਤ ਕੀਤਾ ਜਾ ਰਿਹਾ ਹੈ। ਸ. ਸਿੱਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ , ਪਾਕਿਸਤਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਨੂੰ ਨਵੀਂ ਮੁੰਬਈ ਦੇ ਗੁਰਦੁਆਰਾ ਸੀ. ਬੀ. ਡੀ. ਬੇਲਾਪੁਰ ਤੋਂ ਅਗਲੇ ਪੜਾਅ ਗੁ: ਐਰੋਲੀ ਲਈ ਰਵਾਨਾ ਕਰਨ ਪਹੁੰਚੇ ਸਨ, ਨੇ ਗੁਰਦੁਆਰਾ ਸਾਹਿਬ ਵਿਖੇ ਸਜਾਏ ਗਏ ਧਾਰਮਕ ਦੀਵਾਨ ਦੌਰਾਨ ਪੰਜ ਪਿਆਰਿਆਂ ਅਤੇ ਨਿਸ਼ਾਨਚੀਆਂ ਨੂੰ ਸਿਰੋਪਾਉ ਦੇ ਕੇ ਸਨਮਾਨਤ ਕੀਤਾ।
Nagar Kirtan
ਉਨ੍ਹਾਂ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਮੁੰਬਈ ਦੀਆਂ ਸਿੱਖ ਸੰਗਤਾਂ ਸਿੱਖੀ ਪ੍ਰਚਾਰ ਪ੍ਰਸਾਰ ਲਈ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਸਥਾਵਾਂ ਨੂੰ ਪੂਰਨ ਸਹਿਯੋਗ ਦੇਣਗੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਾਡੇ ਸਮਿਆਂ 'ਚ ਆਉਣਾ ਸਾਡੇ ਲਈ ਵੱਡੀ ਖ਼ੁਸ਼ਕਿਸਮਤੀ ਹੈ। ਇਸ ਮੌਕੇ ਸਾਬਕਾ ਮੰਤਰੀ ਗਨੇਸ਼ ਨਾਇਕ, ਵਿਧਾਇਕ ਪ੍ਰਸ਼ਾਨ ਠਾਕੁਰ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਨਰੂਲ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਗਿਆਨ ਸਿੰਘ, ਗੁ: ਕਮੇਟੀ ਕਾਮੋਠੇ ਦੇ ਪ੍ਰਧਾਨ ਚਰਨਦੀਪ ਸਿੰਘ, ਗੁ: ਪਨਵੇਲ ਦੇ ਪ੍ਰਧਾਨ ਹਰਵਿੰਦਰ ਸਿੰਘ ਆਦਿ ਮੌਜੂਦ ਸਨ।