
ਉਨ੍ਹਾਂ ਦਾ ਸਸਕਾਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਆਪਣੇ ਹੱਥੀਂ ਕੀਤਾ।
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ ਦਾ ਜਨਮ 22 ਅਕਤੂਬਰ, 1506 ਬਿਕ੍ਰਮੀ ਨੂੰ ਕੱਥੂਨੰਗਲ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਧਾਰਮਿਕ ਪ੍ਰਵਿਰਤੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਨ੍ਹਾਂ ਦੀ ਧਾਰਮਿਕ ਪ੍ਰਵਿਰਤੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
Baba Buddha ji
ਮਾਪਿਆਂ ਨੇ ਬਾਬਾ ਬੁੱਢਾ ਜੀ ਦਾ ਨਾਂਅ ਅਸਲ ਵਿੱਚ ਬੂੜਾ ਰੱਖਿਆ ਸੀ। ਜਦ ਉਹ ਬਾਰਾਂ ਵਰ੍ਹਿਆਂ ਦੇ ਸਨ, ਤਦ ਗੁਰੂ ਨਾਨਕ ਦੇਵ ਜੀ ਰਮਦਾਸ ਪਿੰਡ ਦੇ ਪਾਸ ਆ ਟਿਕੇ। ਬੂੜਾ ਜੀ ਮੱਝਾਂ ਚਾਰਦੇ ਉੱਥੇ ਆ ਗਏ ਅਤੇ ਉਨ੍ਹਾਂ ਗੁਰੂ ਜੀ ਦਾ ਉਪਦੇਸ਼ ਸੁਣਿਆ ਜਿਸ ਨਾਲ ਉਹਨਾਂ ਨੂੰ ਬਹੁਤ ਸੁਕੂਨ ਮਿਲਿਆ। ਉਹ ਰੋਜ਼ ਗੁਰੂ ਜੀ ਦਾ ਉਪਦੇਸ਼ ਸੁਣਦੇ ਅਤੇ ਉਹਨਾਂ ਨੂੰ ਦੁੱਧ ਭੇਟ ਕਰਦੇ।
Baba Buddha ji
ਇੱਕ ਦਿਨ ਗੁਰੂ ਜੀ ਨੇ ਬੂੜਾ ਜੀ ਨੂੰ ਉਨ੍ਹਾਂ ਬਾਰੇ ਪੁੱਛਿਆ ਅਤੇ ਗੁਰੂ ਜੀ ਨੇ ਬੂੜਾ ਜੀ ਦੇ ਜਬਾਬ ਸੁਣ ਕੇ ਕਿਹਾ ਕਿ 'ਤੂੰ ਹੈਂ ਤਾਂ ਬੱਚਾ, ਪਰ ਗੱਲਾਂ ਬੁੱਢਿਆਂ ਵਾਲੀਆਂ ਕਰਦਾ ਹੈਂ। ਤੂੰ ਬੱਚਾ ਨਹੀਂ, ਤੂੰ ਬੁੱਢਾ ਹੈਂ।' ਉਸ ਦਿਨ ਤੋਂ ਬੂੜਾ ਜੀ ਦਾ ਨਾਂ 'ਬੁੱਢਾ ਜੀ' ਪੈ ਗਿਆ ਜੋ ਸਿੱਖ ਕੌਮ ਵਿੱਚ ਸਤਿਕਾਰ ਨਾਲ ਬਾਬਾ ਬੁੱਢਾ ਜੀ ਬਣ ਗਿਆ।
ਬਾਬਾ ਬੁੱਢਾ ਜੀ ਗੁਰੂ ਨਾਨਕ ਦੇਵ ਜੀ ਦੇ ਸੱਚੇ ਸਿੱਖ ਬਣ ਗਏ।
Baba Buddha ji
ਉਹ ਸਾਰਾ ਦਿਨ ਸੰਗਤਾਂ ਦੀ ਸੇਵਾ ਕਰਦੇ, ਖੇਤਾਂ ਵਿੱਚ ਜਾ ਕੇ ਖੇਤੀ-ਬਾੜੀ ਦਾ ਕੰਮ ਨਿਭਾਉਂਦੇ ਅਤੇ ਨਾਮ ਜਪਦੇ ਰਹਿੰਦੇ। ਉਨ੍ਹਾਂ ਨੇ ਆਪਣੇ ਜੀਵਨ ਵਿੱਚ 'ਨਾਮ ਜਪਣ, ਕਿਰਤ ਕਰਨ ਤੇ ਵੰਡ ਕੇ ਛਕਣ' ਦੇ ਉਪਦੇਸ਼ ਨੂੰ ਕਮਾ ਕੇ ਦਿਖਾਇਆ। ਗੁਰੂ ਨਾਨਕ ਦੇਵ ਜੀ ਉਨ੍ਹਾਂ ਉੱਪਰ ਬਹੁਤ ਪ੍ਰਸੰਨ ਸਨ, ਅਤੇ ਜਦੋਂ ਗੁਰੂ ਜੀ ਨੇ ਗੁਰਗੱਦੀ ਗੁਰੂ ਅੰਗਦ ਦੇਵ ਜੀ ਨੂੰ ਸੌਂਪੀ, ਤਾਂ ਗੁਰਿਆਈ ਦੀ ਰਸਮ ਬਾਬਾ ਬੁੱਢਾ ਜੀ ਪਾਸੋਂ ਅਦਾ ਕਰਵਾਈ। ਬਾਬਾ ਬੁੱਢਾ ਸਾਹਿਬ ਨੂੰ ਛੇਵੀਂ ਪਾਤਸ਼ਾਹੀ ਤੱਕ ਗੁਰਿਆਈ ਦੀ ਰਸਮ ਨਿਭਾਉਣ ਦਾ ਸੁਭਾਗ ਪ੍ਰਾਪਤ ਹੋਇਆ।
Baba Buddha ji
ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸਪੁੱਤਨੀ ਬੀਬੀ ਗੰਗਾ ਜੀ ਨੂੰ ਬਾਬਾ ਬੁੱਢਾ ਜੀ ਨੇ ਪੁੱਤਰ ਹੋਣ ਦੀ ਦਾਤ ਬਖਸ਼ੀ ਸੀ। ਜਦੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਤਿਆਰ ਕੀਤੀ ਤਾਂ ਪਹਿਲੇ ਗ੍ਰੰਥੀ ਬਾਬਾ ਬੁੱਢਾ ਸਾਹਿਬ ਨੂੰ ਥਾਪਿਆ।
ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਤੋਂ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰ ਗੋਬਿੰਦ ਸਾਹਿਬ ਤੱਕ ਛੇ ਸਤਿਗੁਰਾਂ ਦੇ ਦਰਸ਼ਨ ਕਰਨ ਵਾਲੇ ਬਾਬਾ ਬੁੱਢਾ ਜੀ ਨੇ 16 ਨਵੰਬਰ 1631 ਨੂੰ 125 ਸਾਲ ਦੀ ਉਮਰ ਵਿੱਚ ਪਿੰਡ ਰਮਦਾਸ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਰੀਰ ਤਿਆਗ ਦਿੱਤਾ। ਉਨ੍ਹਾਂ ਦਾ ਸਸਕਾਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਆਪਣੇ ਹੱਥੀਂ ਕੀਤਾ।