
Harmeet Singh Kalka : ਕਿਹਾ- ਜਥੇਦਾਰ ਵੱਲੋਂ ਹੁਕਮ ਦੇਣ ਦੇ ਬਾਵਜੂਦ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਵਿਚੋਂ ਕਿਉਂ ਨਹੀਂ ਕੱਢਿਆ
Harmeet Singh Kalka News in punjabi : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਿਚੋਂ 10 ਸਾਲ ਲਈ ਬਾਹਰ ਕੱਢਣ ਦਾ ਹੁਕਮ ਜਾਰੀ ਕਰਨ ਤੋਂ ਬਾਅਦ ਵੀ ਪਾਰਟੀ ਵੱਲੋਂ ਹੁਣ ਤੱਕ ਵਿਰਸਾ ਸਿੰਘ ਵਲਟੋਹਾ ਨੂੰ ਬਾਹਰ ਕੱਢਣ ਦਾ ਐਲਾਨ ਨਹੀਂ ਕੀਤਾ ਗਿਆ। ਇਸ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬੇਨਤੀ ਕੀਤੀ ਹੈ।
ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਦੀ ਸਿਰਮੌਰ ਸੰਸਥਾ ਹੈ। ਹਰ ਸਿੱਖ ਨੂੰ ਹੁਕਮ ਹੈ ਕਿ ਉਹ ਇਸ ਸੰਸਥਾ ਵੱਲੋਂ ਦਿੱਤੇ ਗਏ ਹੁਕਮ ਦੀ ਪਾਲਣਾ ਕਰੇ। ਕੋਈ ਵੀ ਸਿੱਖ ਅਜਿਹੀ ਹਰਕਤ ਨਾ ਕਰੇ ਜੋ ਸ੍ਰੀ ਅਕਾਲ ਤਖ਼ਤ ਦੀ ਮਾਣ ਮਰਿਆਦਾ ਦੇ ਉਲਟ ਹੋਵੇ।
15 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਬ੍ਹ ਨੇ ਇਕ ਅਹਿਮ ਫ਼ੈਸਲਾ ਲੈਂਦੇ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਸਾਬ੍ਹ ਨੂੰ ਤੇ ਉਸ ਦੀ ਕੋਰ ਕਮੇਟੀ ਨੂੰ ਇਕ ਹਦਾਇਤ ਦਿੱਤੀ ਸੀ ਕਿ ਵਿਰਸਾ ਸਿੰਘ ਵਲਟੋਹਾ ਨੂੰ 10 ਸਾਲ ਲਈ ਪਾਰਟੀ ਵਿਚੋਂ ਕੱਢਿਆ ਜਾਵੇ ਤੇ ਉਸ ਦੀ ਕਿਸੇ ਰਾਜਨੀਤੀ ਗਤੀਵਿਧੀ ਵਿਚ ਸ਼ਮੂਲੀਅਤ ਨਾ ਹੋਵੇ।
ਪਰ ਅੱਜ ਤਕਰੀਬਨ 10 ਦਿਨ ਹੋ ਗਏ। ਸ਼੍ਰੋਮਣੀ ਅਕਾਲੀ ਦਲ ਵਲੋਂ ਕੋਈ ਫ਼ੈਸਲਾ ਨਹੀਂ ਲਿਆ ਹੈ। ਉਨ੍ਹਾਂ ਨੇ ਇਹ ਗੱਲ ਕਹਿ ਕੇ ਆਪਣਾ ਪੱਲਾ ਝਾੜ ਲਿਆ ਕਿ ਵਿਰਸਾ ਸਿੰਘ ਵਲਟੋਹਾ ਨੇ ਅਸਤੀਫ਼ਾ ਦੇ ਦਿੱਤਾ। ਹਰਮੀਤ ਸਿੰਘ ਕਾਲਕਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸਿੰਘ ਸਾਹਿਬਾਨ ਨੂੰ ਬੇਨਤੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰਾਂ ਤੇ ਵਰਕਿੰਗ ਪ੍ਰਧਾਨ ਖਿਲਾਫ਼ ਕਾਰਵਾਈ ਕੀਤੀ ਜਾਵੇ।
ਇਨ੍ਹਾਂ ਨੇ 8-9 ਦਿਨਾਂ ਦੇ ਬੀਤਣ ਦੇ ਬਾਵਜੂਦ ਵਿਰਸਾ ਸਿੰਘ ਵਲਟੋਹਾ ਦੇ ਖਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ। ਕਿਹੜੇ ਪ੍ਰਭਾਵ ਕਰਕੇ ਇਸ ਨੂੰ ਪਾਰਟੀ ਵਿਚੋਂ ਕੱਢਿਆ ਨਹੀਂ ਜਾ ਰਿਹਾ।