ਗੁਰੂ ਘਰ ਵਲੋਂ ਫੁੱਲਾਂ ਦਾ ਸਿਹਰਾ ਦੇ ਕੇ ਕੀਤਾ ਸਨਮਾਨ
Punjab Governor Kataria Paid Obeisance at These Gurdwaras Including Takht Sri Keshgarh Sahib News in Punjabi ਅੰਮ੍ਰਿਤਸਰ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਪੁਰਬ ਅਤੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸ਼ਤਾਬਦੀ ਮੌਕੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਗੁਰਦੁਆਰਾ ਸੀਸ ਗੰਜ ਸਾਹਿਬ ਉਹ ਅਸਥਾਨ ਹੈ ਜਿੱਥੇ ਨੌਵੇਂ ਪਾਤਸ਼ਾਹ ਜੀ ਦੇ ਪਾਵਨ ਸੀਸ ਦਾ ਸਸਕਾਰ ਹੋਇਆ ਸੀ। ਇਸ ਤੋਂ ਇਲਾਵਾ ਉਹ ਗੁਰੂ ਗੋਬਿੰਦ ਸਿੰਘ ਜੀ ਦੀ 350 ਸਾਲਾ ਗੁਰਤਾਗੱਦੀ ਦਿਵਸ ਦੇ ਸਮਾਗਮਾਂ ਵਿਚ ਵੀ ਸ਼ਾਮਲ ਹੋਏ।
ਇਸ ਮੌਕੇ ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਰੁਮਾਲਾ ਭੇਟ ਕੀਤਾ ਤੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ। ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਅਵਤਾਰ ਸਿੰਘ ਰੀਆ ਨੇ ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਗੁਰੂ ਘਰ ਵਲੋਂ ਫੁੱਲਾਂ ਦਾ ਸਿਹਰਾ ਦੇ ਕੇ ਸਨਮਾਨ ਦਿਤਾ। ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ।
