Panthak News: ਪੇਪਰ ’ਚ ਗੁਰਸਿੱਖ ਲੜਕੀ ਨੂੰ ਕਿਰਪਾਨ ਪਹਿਨਣ ਕਰ ਕੇ ਦਾਖ਼ਲਾ ਨਾ ਦੇਣਾ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ : ਐਡਵੋਕੇਟ ਧਾਮੀ
Published : Jun 24, 2024, 7:50 am IST
Updated : Jun 24, 2024, 7:50 am IST
SHARE ARTICLE
Advocate Harjinder Singh Dhami
Advocate Harjinder Singh Dhami

ਕਿਹਾ, ਸਿੱਖਾਂ ਨੂੰ ਜਾਣ-ਬੁੱਝ ਕੇ ਨਿਸ਼ਾਨੇ ’ਤੇ ਲੈਣਾ ਦੇਸ਼ ਹਿਤ ਵਿਚ ਨਹੀਂ

Panthak News: ਰਾਜਸਥਾਨ ਲੋਕ ਸੇਵਾ ਕਮਿਸ਼ਨ ਵਲੋਂ 23 ਜੂਨ ਨੂੰ ਜੋਧਪੁਰ ਦੇ ਇਕ ਕੇਂਦਰ ਵਿਖੇ ਕਰਵਾਏ ਗਏ ਰਾਜਸਥਾਨ ਜੁਡੀਸ਼ੀਅਲ ਮੁਕਾਬਲਾ ਇਮਤਿਹਾਨ ਲਈ ਪਹੁੰਚੀ ਇਕ ਗੁਰਸਿੱਖ ਲੜਕੀ ਨੂੰ ਸਿੱਖ ਕਕਾਰ ਕਿਰਪਾਨ ਉਤਾਰਨ ਲਈ ਆਖਣ ਅਤੇ ਇਮਤਿਹਾਨ ਵਿਚ ਦਾਖ਼ਲਾ ਨਾ ਦੇਣ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ ਹੈ।

ਉਨ੍ਹਾਂ ਕਿਹਾ ਕਿ ਗੁਰਸਿੱਖ ਲੜਕੀ ਐਡਵੋਕੇਟ ਅਰਮਨਜੋਤ ਕੌਰ ਨੂੰ ਕਿਰਪਾਨ ਸਮੇਤ ਜੁਡੀਸ਼ੀਅਲ ਇਮਤਿਹਾਨ ਵਿਚੋਂ ਰੋਕਣ ਵਾਲੇ ਇਮਤਿਹਾਨ ਕੇਂਦਰ ਦੇ ਅਧਿਕਾਰੀਆਂ ਵਿਰੁਧ ਸਖ਼ਤ ਕਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ, ਜਿਨ੍ਹਾਂ ਦੀ ਇਸ ਆਪਹੁਦਰੀ ਹਰਕਤ ਨਾਲ ਇਕ ਬੱਚੀ ਦਾ ਭਵਿੱਖ ਦਾਅ ’ਤੇ ਲੱਗਿਆ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਕਿਰਪਾਨ ਪਹਿਨਣ ਦਾ ਪੂਰਾ ਅਧਿਕਾਰ ਹੈ ਅਤੇ ਸਿੱਖ ਰਹਿਤ ਮਰਿਆਦਾ ਅਨੁਸਾਰ ਕੋਈ ਵੀ ਅੰਮ੍ਰਿਤਧਾਰੀ ਸਿੱਖ ਅਪਣੇ ਸ਼ਰੀਰ ਨਾਲੋਂ ਪੰਜ ਸਿੱਖ ਕਕਾਰ ਵੱਖ ਨਹੀਂ ਕਰ ਸਕਦਾ।

ਉਨ੍ਹਾਂ ਕਿਹਾ ਪਿਛਲੇ ਕੁਝ ਸਮੇਂ ਤੋਂ ਦੇਸ਼ ਅੰਦਰ ਸਿੱਖ ਉਮੀਦਵਾਰਾਂ ਨੂੰ ਖ਼ਾਸ ਕਰ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ਵਿਚ ਅੰਮ੍ਰਿਤਧਾਰੀ ਸਿੱਖਾਂ ਦੇ ਧਾਰਮਕ ਚਿੰਨ੍ਹ ਕਕਾਰ ਉਤਾਰਨ ਲਈ ਆਖਿਆ ਜਾਂਦਾ ਹੈ ਅਤੇ ਵਿਰੋਧ ਕਰਨ ਉਤੇ ਮੁਕਾਬਲਾ ਇਮਤਿਹਾਨਾਂ ਵਿਚ ਦਾਖ਼ਲਾ ਨਹੀਂ ਦਿਤਾ ਜਾਂਦਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਵਰਤਾਰੇ ਨੂੰ ਅਪਣੇ ਹੀ ਦੇਸ਼ ਅੰਦਰ ਸਿੱਖਾਂ ਨਾਲ ਵੱਡਾ ਵਿਤਕਰਾ ਕਰਾਰ ਦਿੰਦਿਆਂ ਗੁਰਸਿੱਖ ਲੜਕੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਪੀੜਤ ਗੁਰਸਿੱਖ ਬੱਚੀ ਨਾਲ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਉਮੀਦਵਾਰਾਂ ਨਾਲ ਕੀਤਾ ਜਾਂਦਾ ਇਹ ਵਿਤਕਰਾ ਵਖਰੇਵਾਂ ਉਨ੍ਹਾਂ ਦੀ ਮਾਨਸਿਕਤਾ ਨੂੰ ਸੱਟ ਮਾਰਦਾ ਹੈ, ਕਿਉਂਕਿ ਪੇਪਰ ਤੋਂ ਪਹਿਲਾਂ ਉਮੀਦਵਾਰਾਂ ਨਾਲ ਅਜਿਹੇ ਅਪਰਾਧਕ ਵਤੀਰਾ ਕਰ ਕੇ ਪੇਪਰ ਵਿਚ ਕਾਰਗੁਜ਼ਾਰੀ ਉਤੇ ਗਹਿਰਾ ਅਸਰ ਪੈਂਦਾ ਹੈ। ਐਡੋਵੇਕਟ ਧਾਮੀ ਨੇ ਰਾਸਜਥਾਨ ਸਰਕਾਰ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਇਸ ਮਾਮਲੇ ਵਿਚ ਤੁਰਤ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਸਿੱਖ ਬੱਚੀ ਨੂੰ ਜੁਡੀਸ਼ੀਅਲ ਪੇਪਰ ਵਿਚ ਦਾਖ਼ਲੇ ਤੋਂ ਰੋਕਣ ਵਾਲੇ ਦੋਸ਼ੀ ਅਧਿਕਾਰੀਆਂ ਵਿਰੁਧ ਸਖ਼ਤ ਕਾਰਵਾਈ ਕਰਨ।

ਕੀ ਹੈ ਮਾਮਲਾ ?

ਜੋਧਪੁਰ ਵਿਖੇ ਸਨਿਚਰਵਾਰ ਹੋਏ ਰਾਜਸਥਾਨ ਜੁਡੀਸ਼ੀਅਲ ਸੇਵਾਵਾਂ ਦੇ ਮੁਕਾਬਲਾ ਇਮਤਿਹਾਨ ਵਿਚ ਜਲੰਧਰ ਨਿਵਾਸੀ ਗੁਰਸਿੱਖ ਲੜਕੀ ਐਡਵੋਕੇਟ ਅਰਮਨਜੋਤ ਕੌਰ ਨੂੰ ਕਿਰਪਾਨ ਪਹਿਨ ਕੇ ਇਮਤਿਹਾਨ ਕੇਂਦਰ ਵਿਚ ਜਾਣ ਤੋਂ ਰੋਕ ਦਿਤਾ ਗਿਆ। ਸਿੱਖ ਬੱਚੀ ਦੇ ਪਿਤਾ ਬਲਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਜਾਣਕਾਰੀ ਦਿਤੀ ਕਿ ਉਨ੍ਹਾਂ ਦੀ ਬੇਟੀ ਜਸਥਾਨ ਜੁਡੀਸ਼ੀਅਲ ਸੇਵਾਵਾਂ ਲਈ ਮੁਕਾਬਲਾ ਇਮਤਿਹਾਨ ਦੇਣ ਲਈ ਅੱਜ ਜੋਧਪੁਰ ਗਈ ਸੀ, ਜਿੱਥੇ ਇਮਤਿਹਾਨ ਕੇਂਦਰ ਦੇ ਅਧਿਕਾਰੀਆਂ ਨੇ ਉਸ ਨੂੰ ਪੇਪਰ ਵਿਚ ਦਾਖ਼ਲੇ ਲਈ ਕਿਰਪਾਨ ਉਤਾਰਨ ਲਈ ਕਿਹਾ।

ਲੇਕਿਨ ਸਿੱਖ ਬੱਚੀ ਨੇ ਇਸ ਗੱਲ ਦਾ ਵਿਰੋਧ ਕੀਤਾ ਅਤੇ ਕਿਰਪਾਨ ਨਹੀਂ ਉਤਾਰੀ ਤਾਂ ਉਸ ਨੂੰ ਇਮਤਿਹਾਨ ਦੇਣ ਦੇ ਮੌਕੇ ਤੋਂ ਵਾਂਝੇ ਰਖਿਆ ਗਿਆ। ਬਲਜੀਤ ਸਿੰਘ ਨੇ ਇਹ ਵੀ ਜਾਣਕਾਰੀ ਦਿਤੀ ਕਿ ਇਸ ਮਾਮਲੇ ਵਿਚ ਜੋਧਪੁਰ ਵਿਖੇ ਰਾਜਸਥਾਨ ਹਾਈ ਕੋਰਟ ਵਿਚ ਪਟੀਸ਼ਨ ਵੀ ਪਾਈ ਗਈ ਹੈ ਅਤੇ ਨਿਆਂ ਲਈ ਕਨੂੰਨੀ ਲੜਾਈ ਲੜੀ ਜਾਵੇਗੀ। ਬਲਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਬੇਟੀ ਨਾਲ ਇਨਸਾਫ਼ ਹੋਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿਚ ਕਿਸੇ ਹੋਰ ਨਾਲ ਅਜਿਹਾ ਵਿਤਕਰਾ ਨਾ ਹੋਵੇ। ਐਡਵੋਕੇਟ ਅਰਮਨਜੋਤ ਕੌਰ ਮੌਜੂਦਾ ਸਮੇਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇਕ ਸੀਨੀਅਰ ਐਡਵੋਕੇਟ ਕੋਲ ਵਕਾਲਤ ਦਾ ਅਭਿਆਸ ਕਰ ਰਹੀ ਹੈ ਅਤੇ ਉਹ ਦੇਸ਼ ਅੰਦਰ ਜੁਡੀਸ਼ਰੀ ਦੇ ਖੇਤਰ ਵਿਚ ਅਪਣੀਆਂ ਸੇਵਾਵਾਂ ਦੇਣ ਦੀ ਤਾਂਘ ਰਖਦੀ ਹੈ।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement