
ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਨਾ ਦੇਣ ’ਤੇ ਐਡਵੋਕੇਟ ਧਾਮੀ ਨੇ ਪ੍ਰਗਟਾਇਆ ਇਤਰਾਜ਼
Panthak News: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਵੀਜ਼ੇ ਨਾ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਵਲੋਂ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 788 ਨੂੰ ਵੀਜ਼ਾ ਨਾ ਦੇਣਾ ਬੇਹੱਦ ਮੰਦਭਾਗਾ ਹੈ।
ਸ਼੍ਰੋਮਣੀ ਕਮੇਟੀ ਵਲੋਂ ਜਥੇ ਵਿਚ ਹਮੇਸ਼ਾ ਹੀ ਪੰਜਾਬ ਦੇ ਕੋਟੇ ਅਨੁਸਾਰ ਹੀ ਪਾਸਪੋਰਟ ਭੇਜੇ ਜਾਂਦੇ ਹਨ, ਪਰ ਦੁੱਖ ਦੀ ਗੱਲ ਹੈ ਕਿ ਇਸ ਵਾਰ 50 ਫ਼ੀ ਸਦੀ ਦੇ ਲਗਭਗ ਸ਼ਰਧਾਲੂਆਂ ਦੇ ਵੀਜੇ ਕੱਟ ਕੇ ਭਾਵਨਾਵਾਂ ਤੋੜੀਆਂ ਗਈਆਂ ਹਨ। ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਵਲ ਵਿਸ਼ੇਸ਼ ਤੌਰ ’ਤੇ ਗੌਰ ਕਰਨਾ ਚਾਹੀਦਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ਦੌਰੇ ਦੌਰਾਨ ਉਨ੍ਹਾਂ ਨੇ ਇਹ ਮਾਮਲਾ ਵੀ ਉਠਾਇਆ ਸੀ ਜਿਸ ਦੌਰਾਨ ਪਾਕਿਸਤਾਨ ਦੇ ਸਬੰਧਤ ਅਧਿਕਾਰੀਆਂ ਨੇ ਯਕੀਨ ਦਿਵਾਇਆ ਸੀ ਕਿ ਉਹ ਇਸ ’ਤੇ ਸੁਹਿਰਦਤਾ ਨਾਲ ਕਾਰਜ ਕਰਨਗੇ। ਪ੍ਰੰਤੂ ਦੁੱਖ ਦੀ ਗੱਲ ਹੈ ਕਿ ਪਹਿਲਾਂ ਦੀ ਤਰ੍ਹਾਂ ਹੀ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਵੀਜ਼ਿਆਂ ਤੋਂ ਵਿਰਵੇ ਰਖਿਆ ਗਿਆ।
ਇਸ ਮਾਮਲੇ ਨੂੰ ਲੈ ਕੇ ਜਲਦ ਹੀ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਨੂੰ ਮਿਲਣ ਵਾਸਤੇ ਵਫ਼ਦ ਵੀ ਭੇਜਿਆ ਜਾਵੇਗਾ। ਵਰਨਣਯੋਗ ਹੈ ਕਿ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ 25 ਨਵੰਬਰ ਨੂੰ ਜਥਾ ਪਾਕਿਸਤਾਨ ਲਈ ਰਵਾਨਾ ਹੋਣਾ ਹੈ, ਜਿਥੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੇ ਸਮਾਗਮ ਹੋਣਗੇ। ਇਹ ਜਥਾ ਵੱਖ-ਵੱਖ ਗੁਰਧਾਮਾਂ ਦੀ ਯਾਤਰਾ ਮਗਰੋਂ 4 ਦਸੰਬਰ 2023 ਨੂੰ ਭਾਰਤ ਵਾਪਸ ਪਰਤੇਗਾ।
(For more news apart from Sikh procession leaves for Pakistan's Nankana Sahib tomorrow, stay tuned to Rozana Spokesman)