
ਸਿੱਖ ਭਾਈਚਾਰੇ ਵੱਲੋਂ ਅੱਜ ਮਨਾਇਆ ਜਾ ਰਿਹਾ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ
ਕੀਰਤਪੁਰ ਸਾਹਿਬ: ਸੱਤਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਆਗਮਨ ਗੁਰਪੁਰਬ ਮੌਕੇ ਅੱਜ ਇਤਿਹਾਸਕ ਧਰਤੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਸੰਗਤਾਂ ਨਤਮਸਤਕ ਹੋਈਆਂ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ।
Gurudwara Sahib
ਇਸ ਦੌਰਾਨ ਸਭ ਤੋਂ ਪਹਿਲਾਂ ਪਰਸੋਂ ਤੋਂ ਅਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਪੰਥ ਦੇ ਪ੍ਰਸਿੱਧ ਕੀਰਤਨੀਏ ਜਥਿਆਂ ਵਲੋਂ ਰਸਮਈ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇੱਥੇ ਪਹੁੰਚੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਅਤੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੀਵਨ ਸਬੰਧੀ ਸੰਗਤਾਂ ਨੂੰ ਵਿਸਥਾਰ ਰੂਪ ਵਿਚ ਜਾਣੂ ਕਰਵਾਇਆ ।
Giani Raghbir Singh
ਉਹਨਾਂ ਦੱਸਿਆ ਕਿ ਗੁਰੂ ਸਾਹਿਬ ਵੱਲੋਂ ਇੱਥੇ ਇਕ ਦਵਾਖਾਨਾ ਖੋਲ੍ਹਿਆ ਗਿਆ ਸੀ, ਜਿੱਥੇ ਉਹ ਮਨੁੱਖਤਾ ਅਤੇ ਪਸ਼ੂ ਪੰਛੀਆਂ ਦੀ ਸੇਵਾ ਕਰਿਆ ਕਰਦੇ ਸਨ। ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਜਨਮ ਬਾਬਾ ਗੁਰਦਿੱਤਾ ਜੀ ਦੇ ਗ੍ਰਹਿ ਵਿਖੇ ਮਾਤਾ ਨਿਹਾਲ ਕੌਰ ਜੀ ਦੀ ਕੁੱਖੋਂ 1630 ਈ. ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਗੁਰੂ ਹਰਿਰਾਇ ਜੀ ਨੇ ਅਪਣੇ ਜੀਵਨ ਕਾਲ ਦੌਰਾਨ ਗਰੀਬਾਂ, ਲੋੜਵੰਦਾਂ ਤੇ ਰੋਗੀਆਂ ਦੀ ਦੇਖਭਾਲ, ਸੇਵਾ ਅਤੇ ਇਲਾਜ ਵੱਲ ਖਾਸ ਧਿਆਨ ਦਿੱਤਾ।