
ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬੋਰਡ ਦੀਆਂ 13 ਜੁਲਾਈ ਨੂੰ ਹੋਣ ਵਾਲੀਆਂ ਚੋਣਾਂ ਲਈ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਪ੍ਰਕਿਰਿਆ ਵਿਚ ਹਿੱਸਾ ਲੈਂਦਿਆਂ...
ਤਰਨਤਾਰਨ, ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬੋਰਡ ਦੀਆਂ 13 ਜੁਲਾਈ ਨੂੰ ਹੋਣ ਵਾਲੀਆਂ ਚੋਣਾਂ ਲਈ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਪ੍ਰਕਿਰਿਆ ਵਿਚ ਹਿੱਸਾ ਲੈਂਦਿਆਂ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਦੇ ਨੁਮਾਇੰਦੇ ਵਜੋਂ ਕੁਲਵੰਤ ਸਿੰਘ ਮਨਣ ਨੂੰ ਬੋਰਡ ਦਾ ਮੈਂਬਰ ਨਾਮਜ਼ਦ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਹਿਮਤੀ ਪ੍ਰਗਟਾਈ ਹੈ। ਇਸੇ ਤਰ੍ਹਾਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬੋਰਡ ਲਈ ਚੀਫ਼ ਖ਼ਾਲਸਾ ਦੀਵਾਨ ਵਲੋਂ ਸੁਰਿੰਦਰ ਸਿੰਘ ਰੁਮਾਲੇ ਵਾਲੇ ਨੂੰ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਦੀਵਾਨ ਦੇ ਜਰਨਲ ਹਾਊਸ ਨੇ ਮਤਾ ਪਾਸ ਕਰਕੇ ਤਖ਼ਤ ਸਾਹਿਬ ਬੋਰਡ ਨੂੰ ਭੇਜਿਆ ਹੈ।
ਸੁਰਿੰਦਰ ਸਿੰਘ ਰੁਮਾਲੇ ਵਾਲੇ ਇਸੇ ਸਾਲ 25 ਮਾਰਚ ਨੂੰ ਚੀਫ਼ ਖਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਚੁਣੇ ਗਏ ਸਨ। ਦਿਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸਾਹਿਬ ਬੋਰਡ ਲਈ ਟਕਸਾਲੀ ਅਕਾਲੀ ਆਗੂ ਤੇ ਦਿੱਲੀ ਦੀ ਸਿੱਖ ਰਾਜਨੀਤੀ ਦੇ ਥੰਮ ਜਾਣੇ ਜਾਂਦੇ ਅਵਤਾਰ ਸਿੰਘ ਹਿੱਤ ਨੂੰ ਮੈਂਬਰ ਨਾਮਜ਼ਦ ਕੀਤਾ ਹੈ। ਹਿੱਤ ਦਿੱਲੀ ਕਮੇਟੀ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਕਲਕੱਤਾ ਦੀਆਂ ਕਮੇਟੀਆਂ ਨੇ ਇਸ ਚੋਣ ਲਈ ਕਮਿਕਰ ਸਿੰਘ ਨੂੰ ਨਾਮਜ਼ਦ ਕੀਤਾ ਹੈ। ਕਮਿਕਰ ਸਿੰਘ ਅਕਾਲੀ ਦਲ ਮਾਨ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨਾਲ ਨੇਪਾਲ ਬਾਰਡਰ ਤੋਂ ਗ੍ਰਿਫ਼ਤਾਰ ਹੋਏ ਸਨ ਤੇ 6 ਸਾਲ ਤਕ ਮਾਨ ਨਾਲ ਹੀ ਭਾਗਲ ਪੁਰ ਜੇਲ ਵਿਚ ਨਜ਼ਰਬੰਦ ਰਹਿ ਚੁੱਕੇ ਹਨ।