
ਸਿੱਧੂ ਦੇ ਸਾਰੇ ਹੀ ਕਾਰਜਕਾਲ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ: ਪੰਜੋਲੀ
ਤਰਨਤਾਰਨ, 26 ਅਪ੍ਰੈਲ (ਚਰਨਜੀਤ ਸਿੰਘ): ਸ਼੍ਰੋਮਣੀ ਕਮੇਟੀ ਦੇ ਸਕੂਲਾਂ ਵਿਚ ਪੜ੍ਹਾਈ ਜਾ ਰਹੀ ਕਿਤਾਬ ਤਰਿਣੀ ਦਾ ਮਾਮਲੇ 'ਤੇ ਅਕਾਲ ਤਖ਼ਤ ਦੇ ਜਥੇਦਾਰ ਗਿ. ਗੁਰਬਚਨ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਜਾਰੀ ਕੀਤੀ ਕਿ ਉਹ ਵਿਦਿਅਕ ਸਬ ਕਮੇਟੀ ਵਿਚ ਸਿੱਖ ਇਤਿਹਾਸ ਨਾਲ ਸਬੰਧਤ ਕਿਤਾਬਾਂ ਦੀ ਮੁੜ ਘੋਖ ਕਰੇ। ਗਿ. ਗੁਰਬਚਨ ਸਿੰਘ ਨੇ ਕਿਹਾ ਕਿ ਪਬਲੀਸ਼ਰ ਸਿੱਖ ਇਤਿਹਾਸ ਨਾਲ ਸਬੰਧਤ ਕੋਈ ਵੀ ਅਧਿਆਏ ਪਾਠ ਪੁਸਤਕਾਂ ਵਿਚ ਸ਼ਾਮਲ ਕਰਨ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੀ ਸਬ ਕਮੇਟੀ ਕੋਲੋ ਚੈੱਕ ਕਰਵਾ ਲੈਣ। ਜੇ ਅਜਿਹੀ ਕੋਈ ਗੱਲ ਹੋਈ ਤੇ ਜ਼ਿੰਮੇਵਾਰੀ ਪ੍ਰਕਾਸ਼ਕ ਦੀ ਹੋਵੇਗੀ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਡਾਇਰੈਕਟਰ ਸਿਖਿਆ ਜਤਿੰਦਰ ਸਿੰਘ ਸਿੱਧੂ ਦੀ ਕਾਰਗੁਜ਼ਾਰੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਇਕ ਪੱਤਰ ਲਿਖਿਆ ਹੈ।
History Books
ਉਨ੍ਹਾਂ ਜਤਿੰਦਰ ਸਿੰਘ ਸਿੱਧੂ ਤੇ ਹਮਲਾਵਰ ਰੁੱਖ ਅਖ਼ਤਿਆਰ ਕਰਦਿਆਂ ਕਿਹਾ ਕਿ ਜਦ ਸਿੱਧੂ ਮਾਤਾ ਗੁਜਰੀ ਕਾਲਜ ਸ੍ਰੀ ਫ਼ਤਿਹਗ੍ਹੜ ਸਾਹਿਬ ਵਿਖੇ ਪ੍ਰਿੰਸੀਪਲ ਹੁੰਦੇ ਸਨ ਤਾਂ ਸਟਾਫ਼ ਤੇ ਵਿਦਿਆਰਥੀਆਂ ਨੇ ਇਲਜ਼ਾਮ ਲਗਾਏ ਸਨ ਕਿ ਸਿੱਧੂ ਨੇ ਅਪਣੇ ਕਾਰਜਕਾਲ ਦੌਰਾਨ ਬੇਨਿਯਮੀਆਂ ਤੇ ਘਪਲੇ ਕੀਤੇ ਸਨ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਇਹ ਕਿਤਾਬ ਕਿਸ ਨੇ ਪਾਸ ਕੀਤੀ ਤੇ ਕਿਸ ਕਿਸ ਦੀ ਸਿਫ਼ਾਰਸ਼ 'ਤੇ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਵਿਚ ਪੜ੍ਹਾਈ ਲਈ ਲਗਾਈ ਗਈ। ਉਨ੍ਹਾਂ ਮੰਗ ਕੀਤੀ ਕਿ ਸਿੱਧੂ ਦੇ ਸਾਰੇ ਹੀ ਕਾਰਜਕਾਲ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ।ਦੂਜੇ ਪਾਸੇ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਰਾਮ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੋਂ ਮੰਗ ਕੀਤੀ ਹੈ ਕਿ ਇਹ ਜਾਂਚ ਕਰਵਾਈ ਜਾਵੇ ਕਿ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਵਿਚ ਤਰਿਣੀ ਵਰਗੀ ਕਿਤਾਬ ਕਿਵੇਂ ਲੱਗ ਗਈ। ਉਨ੍ਹਾਂ ਕਿਹਾ ਕਿ ਇਹ ਵੀ ਜਾਂਚ ਹੋਣੀ ਚਾਹੀਦੀ ਹੈ ਕਿ ਇਸ ਪਿੱਛੇ ਕਿਹੜੇ ਲੋਕ ਸ਼ਾਮਲ ਹਨ। ਕਮੇਟੀ ਦੇ ਸਿਖਿਆ ਡਾਇਰੈਕਟਰ ਜਤਿੰਦਰ ਸਿੰਘ ਸਿੱਧੂ ਨੂੰ ਆੜੇ ਹਥੀ ਲੈਂਦਿਆਂ ਉਨ੍ਹਾਂ ਕਿਹਾ ਕਿ ਸਿੱਧੂ ਨੂੰ ਯਾਦ ਰਖਣਾ ਚਾਹੀਦਾ ਹੈ ਕਿ ਉਹ ਸਿੱਖ ਪੰਥ ਦੀ ਸਿਰਮੌਰ ਸੰਸਥਾ ਦੇ ਵਿਚ ਸਿਖਿਆ ਵਿਭਾਗ ਦੇ ਡਾਇਰੈਕਟਰ ਹਨ।