
ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਤੇ ਬਰਖ਼ਾਸਤ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਸਾਬਕਾ ਮੰਤਰੀ ਅੱਜ ਬਾਦਲਾਂ ਵਿਰੁਧ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ..........
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਤੇ ਬਰਖ਼ਾਸਤ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਸਾਬਕਾ ਮੰਤਰੀ ਅੱਜ ਬਾਦਲਾਂ ਵਿਰੁਧ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੇ। ਜਿਨ੍ਹਾਂ 'ਤੇ ਦੋਸ਼ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਪ੍ਰਤੀ ਹਨ ਕਿ ਉਨ੍ਹਾਂ ਦੇ ਰਾਜਕਾਲ ਸਮੇਂ ਸੌਦਾ ਸਾਧ ਵਿਰੁਧ ਕੋਈ ਕਾਰਵਾਈ ਨਹੀਂ ਹੋਈ। ਅਥਾਹ ਕੁਰਬਾਨੀਆਂ ਨਾਲ ਬਣਿਆ ਸ਼੍ਰੋਮਣੀ ਅਕਾਲੀ ਦਲ ਇਸ ਵੇਲੇ ਬਾਦਲ ਪਰਵਾਰ ਤਕ ਹੀ ਸੀਮਤ ਹੋ ਕੇ ਰਹਿ ਗਿਆ ਹੈ ਜੋ ਸਿੱਖ ਕੌਮ ਲਈ ਅਸ਼ੁਭ ਹੈ। ਬ੍ਰਹਮਪੁਰਾ ਨੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਨੂੰ ਬਹਾਲ ਕਰਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬ੍ਰਹਮਪੁਰਾ ਨੇ ਕਿਹਾ ਕਿ ਅਕਾਲੀ ਦਲ ਸੰਨ 1920 ਤੋਂ ਸਿੱਖ ਕੌਮ ਦੀ ਅਗਵਾਈ ਕਰ ਰਿਹਾ ਹੈ, ਪਰ ਮੌਜੂਦਾ ਲੀਡਰਸ਼ੀਪ ਸ. ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ, ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਆਦਿ ਕਾਰਨ ਪੰਥਕ ਜਮਾਤ ਨੂੰ ਖੋਰਾ ਲਗ ਚੁਕਾ ਹੈ। ਸ਼੍ਰੋਮਣੀ ਅਕਾਲੀ ਦਲ ਸੂਰਬੀਰਾਂ ਦੀ ਪਾਰਟੀ ਹੈ ਜਿਸ ਦਾ ਬਾਦਲਾਂ ਨੇ ਬਹੁਤ ਨੁਕਸਾਨ ਕੀਤਾ ਹੈ। ਬ੍ਰਹਮਪੁਰਾ ਨੂੰ ਗਿਆਨੀ ਹਰਪ੍ਰੀਤ ਸਿੰਘ ਨੇ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਤਾ ਕਿ ਉਹ ਇਸ ਪ੍ਰਤੀ ਧਿਆਨ ਦੇਣਗੇ।