
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ........
ਫ਼ਤਿਹਗੜ੍ਹ ਸਾਹਿਬ : ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਤਿੰਨ ਰੋਜ਼ਾ 'ਸ਼ਹੀਦੀ ਸਭਾ' ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ 'ਤੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਸਾਹਿਬ ਆਰੰਭ ਕਰਵਾਉਣ ਨਾਲ ਸ਼ੁਰੂ ਹੋਈ। ਅਖੰਡ ਪਾਠ ਸਾਹਿਬ ਦੇ ਭੋਗ 28 ਦਸੰਬਰ ਨੂੰ ਪਾਏ ਜਾਣਗੇ।
ਅਰੰਭਤਾ ਦੀ ਅਰਦਾਸ ਵਿਚ ਜਿਥੇ ਡਿਪਟੀ ਕਮਿਸ਼ਨਰ ਫ਼ਤਿਹਗੜ੍ਹ ਸਾਹਿਬ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਸ਼ਾਮਲ ਹੋਏ,
ਉਥੇ ਦੇਸ਼-ਵਿਦੇਸ਼ ਦੇ ਕੋਨੇ-ਕੋਨੇ ਤੋਂ ਪੁੱਜੀ ਵੱਡੀ ਗਿਣਤੀ ਵਿਚ ਸੰਗਤ ਨੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਅਤੇ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਅੰਤਮ ਸਸਕਾਰ ਵਾਲੇ ਇਤਿਹਾਸਕ ਅਸਥਾਨ 'ਤੇ ਸੁਸ਼ੋਭਿਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅੱਜ ਸਵੇਰੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਪ੍ਰੀਤ ਸਿੰਘ, ਐਸ.ਡੀ.ਐਮ. ਖਮਾਣੋਂ ਪਰਮਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਚਰਨਜੀਤ ਸਿੰਘ,
ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮੈਨੇਜਰ ਭਾਈ ਅਮਰਜੀਤ ਸਿੰਘ, ਗੁਰਦੁਆਰਾ ਸ੍ਰੀ ਜੋਤੀ ਸਰੂਪ ਦੇ ਮੈਨੇਜਰ ਭਾਈ ਬਲਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ। ਅਖੰਡ ਪਾਠ ਦੇ ਭੋਗ 28 ਦਸੰਬਰ ਨੂੰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪਾਏ ਜਾਣਗੇ। ਇਸ ਨਾਲ ਹੀ ਸ਼੍ਰੋਮਣੀ ਕਮੇਟੀ ਵਲੋਂ ਗੁਰਦਵਾਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਸਾਹਮਣੇ ਧਾਰਮਕ ਸਟੇਜ ਦੀ ਸ਼ੁਰੂਆਤ ਕੀਤੀ ਗਈ। ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ 28 ਦਸੰਬਰ ਨੂੰ ਸਵੇਰੇ 9 ਵਜੇ ਨਗਰ ਕੀਰਤਨ ਪ੍ਰਾਰੰਭ ਹੋਵੇਗਾ, ਜੋ ਕਿ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਕਰੀਬ ਦੁਪਹਿਰ 1 ਵਜੇ ਪੁੱਜੇਗਾ।
ਭਾਈ ਲੌਂਗੋਵਾਲ ਦੀ ਗ਼ੈਰ ਹਾਜ਼ਰੀ ਬਣੀ ਚਰਚਾ ਦਾ ਵਿਸ਼ਾ
ਫ਼ਤਿਹਗੜ੍ਹ ਸਾਹਿਬ : ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ 'ਸ਼ਹੀਦੀ ਸਿੰਘ ਸਭਾ' ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅੱਜ ਅਖੰਡ ਪਾਠ ਸਾਹਿਬ ਆਰੰਭ ਹੋਏ
ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਸਥਾਨਕ ਮੈਂਬਰਾਨ ਤੇ ਪ੍ਰਮੁੱਖ ਅਹੁਦੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਅਰਦਾਸ ਵਿਚ ਸ਼ਾਮਲ ਹੋਈ ਪ੍ਰੰਤੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਹੀਂ ਪਹੁੰਚੇ। ਉਨ੍ਹਾਂ ਦੀ ਗ਼ੈਰ ਹਾਜ਼ਰੀ ਸੰਗਤਾਂ ਵਿਚ ਚਰਚਾ ਦਾ ਵਿਸ਼ਾ ਰਹੀ । ਵਰਨਣਯੋਗ ਹੈ ਕਿ ਪਿਛਲੇ ਸਮੇਂ-ਸਮੇਂ ਦੋਰਾਨ ਸ਼੍ਰੋਮਣੀ ਕਮੇਟੀ ਦੇ ਤਤਕਾਲੀਨ ਪ੍ਰਧਾਨਾਂ ਵਲੋਂ ਸਾਹਿਬਜ਼ਾਦਿਆਂ ਨੂੰ ਸਮਰਪਿਤ ਆਖੰਡ ਪਾਠ ਸਾਹਿਬ ਦੀ ਅਰੰਭਤਾ ਵੇਲੇ ਜ਼ਰੂਰ ਹਾਜ਼ਰ ਹੁੰਦੇ ਰਹੇ ਸਨ।